ਨਵੀਂ ਦਿੱਲੀ, 22 ਫਰਵਰੀ- ਸੁਪਰੀਮ ਕੋਰਟ ਨੇ ਕਿਹਾ ਕਿ ਉਹ ਸੀ. ਬੀ. ਐੱਸ. ਈ. ਅਤੇ ਕਈ ਹੋਰ ਬੋਰਡਾਂ ਦੀ 10ਵੀਂ ਅਤੇ 12ਵੀਂ ਜਮਾਤ ਦੀਆਂ ਆਫ਼ਲਾਈਨ ਬੋਰਡ ਪ੍ਰੀਖਿਆਵਾਂ ਨੂੰ ਰੱਦ ਕਰਨ ਦੀ ਪਟੀਸ਼ਨ ਤੇ 23 ਫਰਵਰੀ ਨੂੰ ਸੁਣਵਾਈ ਕਰੇਗੀ।
ਜਸਟਿਸ ਏ. ਐੱਮ. ਖਾਨਵਿਲਕਰ, ਜਸਟਿਵਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਸੀਟੀ ਰਵੀਕੁਮਾਰ ਦੇ ਡਿਵੀਜ਼ਨ ਬੈਂਚ ਨੇ ਕਿਹਾ ਕਿ ਪਟੀਸ਼ਨ ਦੀ ਪੇਸ਼ਗੀ ਕਾਪੀ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐੱਸ. ਈ.) ਅਤੇ ਹੋਰ ਸਬੰਧਤ ਧਿਰਾਂ ਦੇ ਵਕੀਲ ਨੂੰ ਦਿੱਤੀ ਜਾਵੇ। ਪਟੀਸ਼ਨਰ ਅਨੁਭਾ ਸ੍ਰੀਵਾਸਤਵ ਸਹਾਏ ਵੱਲੋਂ ਪੇਸ਼ ਹੋਏ ਵਕੀਲ ਨੇ ਮਾਮਲਾ ਰੱਖਿਆ ਅਤੇ ਬੈਂਚ ਨੂੰ ਤੁਰੰਤ ਸੁਣਵਾਈ ਦੀ ਬੇਨਤੀ ਕੀਤੀ। ਪਟੀਸ਼ਨ ਵਿੱਚ ਸੀ. ਬੀ. ਐੱਸ. ਈ. ਅਤੇ ਹੋਰ ਸਿੱਖਿਆ ਬੋਰਡਾਂ ਨੂੰ ਹੋਰ ਤਰੀਕਿਆਂ ਨਾਲ ਪ੍ਰੀਖਿਆ ਕਰਵਾਉਣ ਦੇ ਨਿਰਦੇਸ਼ ਦੇਣ ਦੀ ਬੇਨਤੀ ਕੀਤੀ ਗਈ ਹੈ। ਸੀ. ਬੀ. ਐੱਸ. ਈ. ਅਤੇ ਹੋਰ ਸਿੱਖਿਆ ਬੋਰਡਾਂ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਆਫਲਾਈਨ ਮੋਡ ਰਾਹੀਂ ਕਰਵਾਉਣ ਦਾ ਪ੍ਰਸਤਾਵ ਦਿੱਤਾ ਹੈ। ਸੀ. ਬੀ. ਐੱਸ. ਈ. ਨੇ 26 ਅਪਰੈਲ ਤੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਕਰਵਾਉਣ ਦਾ ਫੈਸਲਾ ਕੀਤਾ ਹੈ।






