ਨਵੀਂ ਦਿੱਲੀ,15 ਮਾਰਚ – ਸੁਪਰੀਮ ਕੋਰਟ ਵਲੋਂ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਵਿਰੁੱਧ ਦਾਇਰ ਪਟੀਸ਼ਨ ਤੇ ਹੁਣ 16 ਮਾਰਚ ਨੂੰ ਸੁਣਵਾਈ ਕੀਤੀ ਜਾਵੇਗੀ। ਚੀਫ਼ ਜਸਟਿਸ ਐੱਨ.ਵੀ. ਰਮੰਨਾ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਅੱਜ ਇਸ ਮਾਮਲੇ ਨੂੰ 16 ਮਾਰਚ ਲਈ ਸੂਚੀਬੱਧ ਕਰਨ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਵਿਸ਼ੇਸ਼ ਮਨਜ਼ੂਰੀ ਪਟੀਸ਼ਨ ਤੇ 16 ਮਾਰਚ ਨੂੰ ਸੁਣਵਾਈ ਕੀਤੀ ਜਾਵੇਗੀ। ਸੁਪਰੀਮ ਕੋਰਟ ਨੇ 11 ਮਾਰਚ ਨੂੰ ਕਿਹਾ ਸੀ ਕਿ 15 ਮਾਰਚ ਨੂੰ ਉਪਯੁਕਤ ਬੈਂਚ ਦੇ ਸਾਹਮਣੇ ਪਟੀਸ਼ਨ ਤੇ ਸੁਣਵਾਈ ਕੀਤੀ ਜਾਵੇਗੀ ਪਰ ਇਸ ਮਾਮਲੇ ਨਾਲ ਸੰਬੰਧਤ ਹੋਰ ਪਟੀਸ਼ਨਾਂ ਤੇ ਸੁਣਵਾਈ ਕਰ ਚੁਕੇ ਬੈਂਚ ਵਿੱਚ ਸ਼ਾਮਲ ਜੱਜ ਸੂਰੀਆਕਾਂਤ ਅੱਜ ਉਪਲੱਬਧ ਨਹੀਂ ਸੀ।
ਪਟੀਸ਼ਨਕਰਤਾਵਾਂ- ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਦੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਅੱਜ ਵੀ ਪਟੀਸ਼ਨ ਨੂੰ ਬੇਹੱਦ ਜ਼ਰੂਰੀ ਦੱਸਦੇ ਹੋਏ ਜਲਦ ਸੁਣਵਾਈ ਦੀ ਗੁਹਾਰ ਲਗਾਈ। ਇਸ ਤੋਂ ਪਹਿਲਾਂ ਉਨ੍ਹਾਂ ਨੇ 11 ਅਤੇ 4 ਮਾਰਚ ਨੂੰ ਵੀ ਜਲਦ ਸੁਣਵਾਈ ਦੀ ਗੁਹਾਰ ਲਗਾਈ ਸੀ। ਸ਼੍ਰੀ ਭੂਸ਼ਣ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਇਕ ਗਵਾਹ ਤੇ ਵੀਰਵਾਰ ਰਾਤ ਉੱਥੇ ਹਮਲਾ ਕੀਤਾ ਗਿਆ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਦੋਸ਼ੀਆਂ ਵਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ ਹੁਣ ਉਨ੍ਹਾਂ ਦੀ ਪਾਰਟੀ ਰਾਜ ਦੀ ਸੱਤਾ ਵਿੱਚ ਵਾਪਸ ਆ ਗਈ ਹੈ।
ਸ਼੍ਰੀ ਭੂਸ਼ਣ ਨੇ ਕਿਹਾ ਕਿ ਅਜਿਹੀਆਂ ਸਥਿਤੀਆਂ ਵਿੱਚ ਗਵਾਹਾਂ ਅਤੇ ਪਟੀਸ਼ਨਕਰਤਾਵਾਂ ਲਈ ਨਵੀਂ ਚੁਣੌਤੀ ਖੜ੍ਹੀ ਹੋ ਗਈ ਹੈ। ਮੁੱਖ ਦੋਸ਼ੀ ਆਸ਼ੀਸ਼ ਤੋਂ ਇਲਾਵਾ ਹੋਰ ਦੋਸ਼ੀ ਵੀ ਇਲਾਹਾਬਾਦ ਹਾਈ ਕੋਰਟ ਵਿੱਚ ਜ਼ਮਾਨਤ ਲੈਣ ਦੀ ਕੋਸ਼ਿਸ਼ ਕਰ ਰਹੇ ਹਨ।
ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਨੂੰ ਇਲਾਹਾਬਾਦ ਹਾਈ ਕੋਰਟ ਨੇ 10 ਫਰਵਰੀ ਨੂੰ ਜ਼ਮਾਨਤ ਦਿੱਤੀ ਸੀ। ਕਿਸਾਨਾਂ ਦੇ ਪਰਿਵਾਰਾਂ ਵਲੋਂ ਸ਼੍ਰੀ ਭੂਸ਼ਣ ਨੇ ਆਸ਼ੀਸ਼ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕਰਦੇ ਹੋਏ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ। ਸ਼੍ਰੀ ਭੂਸ਼ਣ ਨੇ 4 ਮਾਰਚ ਨੂੰ ਵੀ ਜਲਦ ਸੁਣਵਾਈ ਦੀ ਗੁਹਾਰ ਲਗਾਈ ਸੀ। ਉਦੋਂ ਚੀਫ਼ ਜਸਟਿਸ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਇਸ ਮਾਮਲੇ ਤੇ 11 ਮਾਰਚ ਨੂੰ ਉਪਯੁਕਤ ਬੈਂਚ ਦੇ ਸਾਹਮਣੇ ਸੁਣਵਾਈ ਕਰਨ ਦਾ ਨਿਰਦੇਸ਼ ਦਿੱਤਾ ਸੀ ਪਰ ਉਸ ਦਿਨ ਪਟੀਸ਼ਨ ਸੂਚੀਬੱਧ ਨਹੀਂ ਕੀਤੀ ਗਈ ਸੀ।






