ਬਠਿੰਡਾ, 29 ਮਾਰਚ 2022 – ਪੀ.ਏ.ਯੂ. ਦੁਨੀਆਂ ਦੀ ਨਾਮਵਰ ਸੰਸਥਾ ਹੈ ਤੇ ਇਸ ਦਾ ਸਿਹਰਾ ਉਨ੍ਹਾਂ ਮਾਹਿਰਾਂ ਨੂੰ ਜਾਂਦਾ ਹੈ ਜਿਨ੍ਹਾਂ ਨੇ ਪਿਛਲੇ ਛੇ ਦਹਾਕਿਆਂ ਤੋਂ ਡਟ ਕੇ ਖੇਤੀ ਦੀ ਬਿਹਤਰੀ ਲਈ ਖੋਜ ਕੀਤੀ ਹੈ। ਹੁਣ ਸਮਾਂ ਆ ਗਿਆ ਹੈ ਜਦੋ ਖੇਤੀ ਖੋਜ ਨੂੰ ਮਜ਼ਬੂਤ ਕਰਨ ਲਈ ਪੀ.ਏ.ਯੂ. ਦੇ ਖੋਜ ਢਾਂਚੇ ਨੂੰ ਲੋੜੀਦੀਆਂ ਸੁਵਿਧਾਵਾਂ ਦਿੱਤੀਆਂ ਜਾਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੀ.ਏ.ਯੂ. ਦੇ ਖੇਤਰੀ ਖੋਜ ਕੇਂਦਰ ਬਠਿੰਡਾ ਵਿਖੇ ਲਗਾਏ ਕਿਸਾਨ ਮੇਲੇ ਦੌਰਾਨ ਕੀਤਾ।
ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ. ਕੁਲਤਾਰ ਸਿੰਘ ਸੰਧਵਾਂ ਕਿਹਾ ਕਿ ਦੇਸ਼ ਦੀ ਆਰਥਿਕਤਾ ਨੂੰ ਬਚਾਉਣ ਦਾ ਜ਼ਰੀਆ ਖੇਤੀ ਬਣੇਗਾ ਅਤੇ ਖੇਤੀ ਦਾ ਵਿਕਾਸ ਪੀ.ਏ.ਯੂ. ਦੀ ਮਜ਼ਬੂਤੀ ਨਾਲ ਹੀ ਸੰਭਵ ਹੋ ਸਕੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀ ਨੂੰ ਬਚਾਉਣਾ ਅੱਜ ਦੇ ਸਮੇਂ ਦੀ ਸਭ ਤੋਂ ਅਹਿਮ ਲੋੜ ਹੈ। ਇਸ ਲਈ ਸਰਕਾਰ ਨੂੰ ਅਸਰਦਾਰ ਨੀਤੀਆਂ ਬਨਾਉਣ ਦੀ ਜ਼ਰੂਰਤ ਹੈ। ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਰਨਰ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਸੂਬਾ ਸਰਕਾਰ ਤੱਕ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹੁੰਚਾਉਣ ਦੇ ਨਾਲ-ਨਾਲ ਹੱਲ ਕਰਵਾਉਣਾ ਵੀ ਯਕੀਨੀ ਬਣਾਉਣਗੇ। ਉਨ੍ਹਾਂ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਹੁਤ ਹੀ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੀ ਹੈ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸੂਬੇ ਅੰਦਰ ਛੇ ਮਹੀਨੇ ਦੇ ਅੰਦਰ-ਅੰਦਰ ਨਸ਼ੇ ਨੂੰ ਮੁਕੰਮਲ ਤੌਰ ਤੇ ਕੰਟਰੋਲ ਕਰ ਲਿਆ ਜਾਵੇਗਾ।
ਇਸ ਮੌਕੇ ਹਲਕਾ ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਖੇਤੀ ਨੂੰ ਵਿਕਸਤ ਕਰਨ ਵਿੱਚ ਅਤੇ ਦੇਸ਼ ਨੂੰ ਅਨਾਜ ਪੱਖੋਂ ਸਵੈ-ਨਿਰਭਰ ਬਨਾਉਣ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਉਘਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਉਹ ਕਿਸਾਨੀ ਅਤੇ ਖੇਤੀ ਦੇ ਵਿਕਾਸ ਲਈ ਲਗਾਤਾਰ ਕੰਮ ਕਰਦੇ ਰਹਿਣਗੇ ਅਤੇ ਸਰਕਾਰ ਨੂੰ ਇਸ ਦਿਸ਼ਾ ਵਿੱਚ ਗਤੀਸ਼ੀਲ ਰੱਖਣ ਵਿੱਚ ਸਹਿਯੋਗ ਦੇਣਗੇ।ਇਸ ਮੌਕੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਸ਼੍ਰੀ ਅਮਿਤ ਰਤਨ ਕੋਟਫੱਤਾ ਨੇ ਕਿਸਾਨ ਭਲਾਈ ਬਾਰੇ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸਾਰੇ ਵਿਧਾਇਕ ਤੇ ਮੰਤਰੀ ਪੀ.ਏ.ਯੂ. ਦੇ ਸੋਸ਼ਲ ਮੀਡੀਆ ਦੇ ਪ੍ਰੋਗਰਾਮ ਨੂੰ ਅੱਗੇ ਵਧਾਉਣ ਵਿੱਚ ਸਹਾਈ ਹੋਣਗੇ।
ਇਸ ਮੌਕੇ ਪੀ.ਏ.ਯੂ. ਦੇ ਪ੍ਰਬੰਧਕੀ ਬੋਰਡ ਦੇ ਮੈਬਂਰ ਸ. ਅਮਨਪ੍ਰੀਤ ਸਿੰਘ ਨੇ ਆਪਣੀ ਕਾਮਯਾਬੀ ਬਾਰੇ ਗੱਲ ਕਰਦਿਆਂ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਦਰਾਂ ਨਾਲ ਜੁੜਨ ਲਈ ਕਿਹਾ।ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਇਸ ਮੌਕੇ ਨਵੀਆਂ ਖੇਤੀ ਖੋਜਾਂ ਅਤੇ ਤਕਨੀਕਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸ ਵਾਰ ਝੋਨੇ ਦੀਆਂ ਨਵੀਆਂ ਕਿਸਮਾਂ ਪੀ.ਆਰ-130 ਅਤੇ ਪੀ.ਆਰ-131 ਦੀ ਸਿਫ਼ਾਰਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮੱਕੀ ਦੀ ਕਿਸਮ ਪੰਜਾਬ ਬੇਬੀ ਕੌਰਨ-1 ਵੀ ਫ਼ਸਲੀ ਵਿਭਿੰਨਤਾਂ ਦੇ ਖੇਤਰ ਵਿੱਚ ਕੀਤੀ ਪਹਿਲਕਦਮੀ ਵਜੋਂ ਦੇਖੀ ਜਾਣੀ ਚਾਹੀਦੀ ਹੈ। ਦਾਲਾਂ ਵਿੱਚ ਮੈਸ਼-883 ਅਤੇ ਚ੍ਰਹੀ ਦੀ ਨਵੀਂ ਕਿਸਮ ਐਸ ਐਲ-45, ਚਾਰਿਆਂ ਵਿੱਚ ਬਿਹਤਰੀਨ ਕਿਸਮ ਹੈ। ਪੰਜਾਬ ਵਿੱਚ ਬਾਜਰੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੀ. ਸੀ.ਬੀ-166 ਚਾਰੇ ਦੀ ਕਿਸਮ ਦਾ ਉਹਨਾਂ ਵਿਸ਼ੇਸ਼ ਤੌਰ ਤੇ ਜਿ਼ਕਰ ਕੀਤਾ।
ਇਸ ਤੋਂ ਇਲਾਵਾ ਗੁਆਰੇ ਦੀ ਕਿਸਮ ਪੀ ਬੀ ਜੀ-16 ਅਤੇ ਗੁਲਦਾਉਦੀਂ ਦੀਆਂ ਨਵੀਆਂ ਕਿਸਮਾਂ ਮੌਸਮੀ ਗੁਲਦਾਉਦੀਂ -19 ਤੇ ਮੌਸਮੀ ਗੁਲਦਾਉਂਦੀ-21 ਬਾਰੇ ਵੀ ਡਾ ਢੱਟ ਨੇ ਵਿਸਥਾਰ ਨਾਲ ਦੱਸਿਆ। ਉਤਪਾਦਨ ਤਕੀਕਾਂ ਦਾ ਜ਼ਿਕਰ ਕਰਦਿਆਂ ਨਿਰਦੇਸ਼ਕ ਖੋਜ ਨੇ ਕਿਹਾ ਕਿ ਬੈਡਾਂ ਤੇ ਤਰ-ਵੱਤਰ ਖੇਤ ਵਿੱਚ ਸਿੱਧੀ ਬਿਜਾਈ ਦੀ ਸਿਫ਼ਾਰਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੀ.ਆਰ-26 ਕਿਸਮ ਦੀ ਪਿਛੇਤੀ ਲਗਾਈ ਲਈ 20 ਜੂਨ ਤੱਕ ਪਨੀਰੀ ਦੀ ਬਿਜਾਈ ਦੀ ਤਜ਼ਵੀਜ਼ ਵੀ ਹੈ।






