ਚੰਡੀਗੜ੍ਹ, 30 ਮਾਰਚ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਦੇ ਪ੍ਰਾਈਵੇਟ ਸਕੂਲਾਂ ਤੇ ਫੀਸ ਵਧਾਉਣ ਦੀ ਪਾਬੰਦੀ ਲਗਾ ਦਿੱਤੀ ਹੈ। ਅੱਜ ਇਕ ਵੀਡੀਓ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਪੰਜਾਬ ਸਰਕਾਰ ਨੇ ਦੋ ਵੱਡੇ ਫ਼ੈਸਲੇ ਲਏ ਹਨ। ਇਕ ਤਾਂ ਪ੍ਰਾਈਵੇਟ ਸਕੂਲ ਇਸ ਸਮੈਸਟਰ ਵਿਚ ਇਕ ਵੀ ਰੁਪਇਆ ਫੀਸ ਨਹੀਂ ਵਧਾ ਸਕਣਗੇ। ਇਸ ਤੋਂ ਇਲਾਵਾ ਕੋਈ ਵੀ ਸਕੂਲ ਵਰਦੀ ਅਤੇ ਕਿਤਾਬਾਂ ਦੀ ਖਰੀਦ ਲਈ ਕਿਸੇ ਖਾਸ ਦੁਕਾਨ ਦਾ ਪਤਾ ਨਹੀਂ ਦੱਸ ਸਕੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਇੰਨੀ ਮਹਿੰਗੀ ਹੋ ਚੁੱਕੀ ਹੈ ਕਿ ਆਮ ਲੋਕਾਂ ਦੀ ਪਹੁੰਚ ਤੋਂ ਕਿਤੇ ਦੂਰ ਹੋ ਗਈ ਹੈ। ਮਜਬੂਰੀ ਵੱਸ ਮਾਤਾ-ਪਿਤਾ ਬੱਚਿਆਂ ਨੂੰ ਸਕੂਲੋਂ ਹਟਾ ਲੈਂਦੇ ਹਨ ਜਾਂ ਫਿਰ ਕੰਮ ਤੇ ਲਗਾ ਦਿੰਦੇ ਹਨ।
ਉਹਨਾਂ ਕਿਹਾ ਕਿ ਫੀਸ ਵਧਾਉਣ ਦੀ ਪਾਲਿਸੀ ਆਉਣ ਵਾਲੇ ਦਿਨਾਂ ਵਿਚ ਵਿਸਤਾਰ ਸਹਿਤ ਸਕੂਲਾਂ ਨਾਲ ਸਾਂਝੀ ਕੀਤੀ ਜਾਵੇਗੀ।
ਮਾਨ ਨੇ ਕਿਹਾ ਕਿ ਸਕੂਲ ਪ੍ਰਿੰਸੀਪਲਾਂ ਅਤੇ ਬੱਚਿਆਂ ਦੇ ਮਾਪਿਆਂ ਨਾਲ ਮਿਲ ਕੇ ਇਹ ਪਾਲਿਸੀ ਬਣਾਈ ਜਾਵੇਗੀ। ਉਹਨਾਂ ਕਿਹਾ ਕਿ ਇਹ ਸਕੂਲ ਨੂੰ ਨਿਸ਼ਚਿਤ ਕਰਨਾ ਹੋਵੇਗਾ ਕਿ ਉਕਤ ਸਕੂਲ ਦੀ ਵਰਦੀ ਅਤੇ ਕਿਤਾਬਾਂ ਸਾਰੀਆਂ ਦੁਕਾਨਾਂ ਤੇ ਉਪਲੱਬਧ ਹੋਣ ਅਤੇ ਇਹ ਮਾਤਾ-ਪਿਤਾ ਦੀ ਮਰਜ਼ੀ ਹੈ ਕਿ ਉਹ ਕਿਸ ਦੁਕਾਨ ਤੋਂ ਵਰਦੀ ਜਾਂ ਕਿਤਾਬਾਂ ਖਰੀਦਣੀਆਂ ਚਾਹੁੰਦੇ ਹਨ।





