ਸ਼੍ਰੀਨਗਰ, 30 ਮਾਰਚ- ਜੰਮੂ ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ਵਿੱਚ ਸੁਰੱਖਿਆ ਫ਼ੋਰਸਾਂ ਨੇ ਰਾਤ ਭਰ ਚਲੇ ਮੁਕਾਬਲੇ ਵਿੱਚ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੁਲੀਸ ਨੇ ਦੱਸਿਆ ਕਿ ਮੁਕਾਬਲੇ ਵਿੱਚ ਮਾਰੇ ਗਏ ਅੱਤਵਾਦੀਆਂ ਵਿੱਚੋਂ ਇੱਕ ਰਈਸ ਅਹਿਮਦ ਭਟ ਪਹਿਲਾਂ ਪੱਤਰਕਾਰ ਸੀ ਅਤੇ ਪਿਛਲੇ ਸਾਲ ਅਗਸਤ ਵਿੱਚ ਉਹ ਅੱਤਵਾਦੀ ਸੰਗਠਨ ਵਿੱਚ ਸ਼ਾਮਲ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਰਾਣੇ ਸ਼੍ਰੀਨਗਰ ਦੇ ਰੈਨਾਵਾਰੀ ਇਲਾਕੇ ਵਿੱਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਤੋਂ ਬਾਅਦ ਸੁਰੱਖਿਆ ਫ਼ੋਰਸਾਂ ਦੇ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਇਹ ਮੁਕਾਬਲਾ ਹੋਇਆ।
ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਫ਼ੋਰਸਾਂ ਤੇ ਗੋਲੀਬਾਰੀ ਕਰਨ ਤੇ ਸ਼ੁਰੂ ਹੋਏ ਮੁਕਾਬਲੇ ਵਿੱਚ ਲਸ਼ਕਰ ਦੇ 2 ਅੱਤਵਾਦੀ ਮਾਰੇ ਗਏ ਹਨ। ਉਨ੍ਹਾਂ ਦੱਸਿਆ ਕਿ ਰਈਸ ਅਨੰਤਨਾਗ ਵਿੱਚ ਇੱਕ ਆਨਲਾਈਨ ਨਿਊਜ਼ ਪੋਰਟਲ ‘ਵੈਲੀ ਨਿਊਜ਼ ਸਰਵਿਸ’ ਚਲਾਉਂਦਾ ਸੀ। ਪੁਲੀਸ ਨੇ ਕਿਹਾ ਕਿ ਰਈਸ ਪਿਛਲੇ ਸਾਲ ਅਗਸਤ ਵਿੱਚ ਅੱਤਵਾਦੀ ਸਮੂਹ ਵਿੱਚ ਸ਼ਾਮਲ ਹੋ ਗਿਆ ਸੀ। ਉਸ ਤੇ ਅੱਤਵਾਦੀ ਅਪਰਾਧ ਨੂੰ ਲੈ ਕੇ ਪਹਿਲਾਂ ਹੀ 2 ਐੱਫ. ਆਈ. ਆਰ. ਦਰਜ ਹਨ। ਦੱਸਣਯੋਗ ਹੈ ਕਿ ਸੁਰੱਖਿਆ ਫ਼ੋਰਸਾਂ ਨੇ ਇਸ ਮਹੀਨੇ ਕਸ਼ਮੀਰ ਵਿੱਚ 9 ਮੁਕਾਬਲਿਆਂ ਵਿੱਚ 13 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।






