ਹੁਸ਼ਿਆਰਪੁਰ, 04 ਅਪ੍ਰੈਲ 2022: ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਮੀਨੀ ਪੱਧਰ ’ਤੇ ਲੋਕਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੰਯੋਜਕ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਵਿਕਾਸਸ਼ੀਲ ਸੋਚ ਦੇ ਚੱਲਦੇ ਜਲਦ ਹੀ ਪੰਜਾਬ ਦੇਸ਼ ਦਾ ਮੋਹਰੀ ਸੂਬਿਆਂ ਦੀ ਕਤਾਰ ਵਿਚ ਸਭ ਤੋਂ ਅੱਗੇ ਹੋਵੇਗਾ। ਉਹ ਅੱਜ ਵਾਰਡ ਨੰਬਰ 46 ਅਤੇ 48 ਵਿਚ 30 ਲੱਖ 36 ਹਜ਼ਾਰ ਰੁਪਏ ਦੀ ਲਾਗਤ ਨਾਲ ਵੱਖ-ਵੱਖ ਗਲੀਆਂ ਦੇ ਨਿਰਮਾਣ ਕੰਮਾਂ ਦੀ ਸ਼ੁਰੂਆਤ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਹਰ ਯੋਜਨਾਵਾਂ ਦਾ ਲਾਭ ਸਹੀ ਵਿਅਕਤੀਆਂ ਤੱਕ ਪਹੁੰਚੇ, ਜਿਸ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਨੂੰ ਲੈ ਪੰਜਾਬ ਸਰਕਾਰ ਗੰਭੀਰ ਹੈ, ਜਿਸ ਲਈ ਸਰਕਾਰ ਦੁਆਰਾ ਸ਼ਹਿਰਾਂ ਵਿਚ ਹਰ ਬੁਨਿਆਦੀ ਸੁਵਿਧਾਵਾਂ ਪਹਿਲ ਦੇ ਆਧਾਰ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਯੋਜਨਾਬੱਧ ਤਰੀਕੇ ਨਾਲ ਨਿਰਮਾਣ ਕੰਮ ਸ਼ੁਰੂ ਕੀਤੇ ਜਾਣ ਅਤੇ ਇਨ੍ਹਾਂ ਕੰਮਾਂ ਵਿਚ ਕਿਸੇ ਤਰ੍ਹਾਂ ਦੀ ਕੋਈ ਲਾਪ੍ਰਵਾਹੀ ਸਾਹਮਣੇ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸੜਕਾਂ ਦੇ ਨਿਰਮਾਣ ਦੌਰਾਨ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਇਸ ਦੌਰਾਨ ਵੀ ਕਿਸੇ ਤਰ੍ਹਾਂ ਦੀ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨਾਲ ਵਾਰਡ ਦੇ ਕੌਂਸਲਰ, ਨਗਰ ਨਿਗਮ ਦੇ ਅਧਿਕਾਰੀ ਤੇ ਇਲਾਕਾ ਨਿਵਾਸੀ ਮੌਜੂਦ ਸਨ।






