ਮੂਨਕ/ਸੰਗਰੂਰ, 5 ਅਪ੍ਰੈਲ, 2022: ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਢੁਕਵਾਂ ਹੱਲ ਕਰਨ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ ਨੂੰ ਅਮਲ ਵਿੱਚ ਲਿਆਉਣ ਲਈ ਜ਼ਿਲਾ ਸੰਗਰੂਰ ਵਿਖੇ ਪ੍ਰਕਿਰਿਆ ਤੇਜ਼ ਹੋ ਗਈ ਹੈ। ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸਬ ਡਵੀਜ਼ਨਾਂ ਵਿੱਚ ਅਧਿਕਾਰੀਆਂ ਨੇ ਪਿੰਡਾਂ ਦੇ ਲੋਕਾਂ ਨਾਲ ਜਨਤਕ ਮਿਲਣੀਆਂ ਸ਼ੁਰੂ ਕਰ ਦਿੱਤੀਆਂ ਹਨ।
ਮੂਨਕ ਦੇ ਉਪ ਮੰਡਲ ਮੈਜਿਸਟਰੇਟ ਸ਼੍ਰੀਮਤੀ ਨਵਰੀਤ ਕੌਰ ਸੇਖੋਂ ਨੇ ਅੱਜ ਸਬ ਡਵੀਜ਼ਨ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਰਾਬਤਾ ਕੀਤਾ ਅਤੇ ਪਿੰਡ ਪੱਧਰ ’ਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਨਾਲ ਨਾਲ ਬੰਗਾ, ਬੁਸ਼ਹਿਰਾ, ਡੂਡੀਆਂ, ਹਮੀਰਗੜ ਤੇ ਕੜੈਲ ਆਦਿ ਦੇ ਸਰਕਾਰੀ ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਮਗਨਰੇਗਾ ਤਹਿਤ ਕਰਵਾਏ ਜਾ ਸਕਣ ਵਾਲੇ ਅਹਿਮ ਵਿਕਾਸ ਕੰਮਾਂ ਬਾਰੇ ਵਿਸਥਾਰ ਵਿੱਚ ਗ੍ਰਾਮ ਪੰਚਾਇਤਾਂ, ਪਿੰਡਾਂ ਦੇ ਪਤਵੰਤਿਆਂ ਤੇ ਸਕੂਲ ਕਮੇਟੀਆਂ ਨਾਲ ਵਿਚਾਰ ਵਟਾਂਦਰਾ ਕੀਤਾ।
ਸ਼੍ਰੀਮਤੀ ਸੇਖੋਂ ਨੇ ਦੱਸਿਆ ਕਿ ਸਕੂਲਾਂ ਵਿਖੇ ਮਗਨਰੇਗਾ ਤਹਿਤ ਮਿਡ ਡੇਅ ਮੀਲ ਲਈ ਸ਼ੈਡ ਦੀ ਉਸਾਰੀ, ਬੱਚਿਆਂ ਦੇ ਬੈਠਣ ਲਈ ਕੰਕਰੀਟ ਦੇ ਬੈਂਚ, ਖੇਡ ਸਟੇਡੀਅਮਾਂ ਤੋਂ ਵਾਂਝੇ ਸਕੂਲਾਂ ਵਿੱਚ ਟਰੈਕ ਬਣਵਾਉਣ, ਵਣ ਮਿੱਤਰਾ ਤੇ ਬੂਟੇ ਲਗਾਉਣ ਸਬੰਧੀ ਪ੍ਰਕਿਰਿਆ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਉਨਾਂ ਕਿਹਾ ਕਿ ਆਮ ਲੋਕਾਂ, ਗ੍ਰਾਮ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ ਨਾਲ ਲਗਾਤਾਰ ਰਾਬਤਾ ਰੱਖਦੇ ਹੋਏ ਲੋੜੀਂਦੇ ਸੁਧਾਰਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਇਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਅਮਲ ਕਰਦਿਆਂ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਬ ਡਵੀਜ਼ਨਾਂ ਵਿਖੇ ਵਿਸ਼ੇਸ਼ ਕੈਂਪ ਲਗਾਏ ਜਾਣਗੇ ਅਤੇ ਲੋਕਾਂ ਦੀ ਤਸੱਲੀ ਮੁਤਾਬਕ ਸਬੰਧਤ ਵਿਭਾਗੀ ਅਧਿਕਾਰੀਆਂ ਵੱਲੋਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਉਨਾਂ ਕਿਹਾ ਕਿ ਸਮੂਹ ਐੱਸ.ਡੀ.ਐੱਮਜ਼ ਨੂੰ ਪਿੰਡਾਂ, ਕਸਬਿਆਂ, ਸ਼ਹਿਰਾਂ ਵਿਖੇ ਪਹੰੁਚ ਕਰਕੇ ਲੋਕਾਂ ਨਾਲ ਸਿੱਧਾ ਰਾਬਤਾ ਕਰਨ ਦੀ ਹਦਾਇਤ ਕੀਤੀ ਗਈ ਹੈ ਤਾਂ ਕਿ ਹਰੇਕ ਭਲਾਈ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾ ਸਕੇ ਅਤੇ ਨਾਲੋ ਨਾਲ ਪ੍ਰਸ਼ਾਸਨਿਕ ਸੇਵਾਵਾਂ ਹਾਸਲ ਕਰਨ ਵਿੱਚ ਲੋਕਾਂ ਨੂੰ ਕਿਸੇ ਕਿਸਮ ਦੀ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ।






