ਐਸ ਏ ਐਸ ਨਗਰ, 6 ਅਪ੍ਰੈਲ – ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜੇਲ੍ਹ ਵਿੱਚ ਸੁਰੱਖਿਆ ਮਾਮਲੇ ਸਬੰਧੀ ਅੱਜ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਿੱਚ ਸੁਣਵਾਈ ਹੋਈ।
ਸੁਣਵਾਈ ਦੌਰਾਨ ਪੰਜਾਬ ਸਰਕਾਰ ਵਲੋਂ ਸਰਕਾਰੀ ਵਕੀਲ ਸੰਜੀਵ ਬੱਤਰਾ ਅਤੇ ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਨੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਜੇਲ੍ਹ ਵਿੱਚ ਸz. ਮਜੀਠੀਆ ਦੀ ਸੁਰਖਿਆ ਨੂੰ ਕੋਈ ਖਤਰਾ ਨਹੀਂ ਹੈ। ਸੁਪਰਡੈਂਟ ਨੇ ਕਿਹਾ ਕਿ ਉਹ ਖੁਦ ਬੈਰਕ ਦੇ ਬਾਹਰ ਕੁਰਸੀ ਡਾਹ ਕੇ ਬੈਠਣ ਨੂੰ ਤਿਆਰ ਹਨ। ਹਾਲਾਂਕਿ ਜੇਲ ਸੁਪਰਡੈਂਟ ਨੇ ਇਹ ਗੱਲ ਮੰਨੀ ਕਿ ਅਕਾਲੀ ਆਗੂ ਦੀ ਬੈਰਕ ਬਦਲੀ ਗਈ ਹੈ ਅਤੇ ਉਨ੍ਹਾਂ ਕਿਹਾ ਕਿ ਮਜੀਠੀਆ ਦੀ ਬੈਰਕ ਜੇਲ੍ਹ ਦੇ ਨਿਯਮਾਂ ਮੁਤਾਬਕ ਹੀ ਬਦਲੀ ਗਈ ਹੈ।
ਮਾਣਯੋਗ ਅਦਾਲਤ ਵਲੋਂ ਇਸ ਸੰਬੰਧੀ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਜਿਕਰਯੋਗ ਹੈ ਕਿ ਬੀਤੇ ਕੱਲ੍ਹ ਬਿਕਰਮ ਸਿੰਘ ਮਜੀਠੀਆ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੀ ਹਾਜ਼ਰੀ ਲਗਾਉਣ ਸਮੇਂ ਅਦਾਲਤ ਨੂੰ ਸੰਬੋਧਨ ਹੁੰਦਿਆਂ ਕਿਹਾ ਸੀ ਕਿ ਜੇਲ੍ਹ ਵਿੱਚ ਸਾਰਾ ਕੁੱਝ ਠੀਕ ਨਹੀਂ ਹੈ (ਆਲ ਇਜ਼ ਨੌਟ ਵੈੱਲ ਹੇਅਰ) ਅਤੇ ਉਹਨਾਂ ਦੀ ਜਾਨ ਨੁੰ ਖਤਰਾ ਹੈ।





