ਆਖਿਆ, ਸਾਰੇ ਵਸੀਲਿਆਂ ਤੋਂ ਵੱਧ ਤੋਂ ਵੱਧ ਬਿਜਲੀ ਉਤਪਾਦਨ ਕਰਨ ਅਤੇ ਝੋਨੇ ਦੀ ਸਿੱਧੀ ਬਿਜਾਈ ਲਈ ਬਿਜਲੀ ਦੀ ਨਿਯਮਤ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ
ਚੰਡੀਗੜ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਆਗਾਮੀ ਝੋਨੇ ਦੇ ਸੀਜਨ ਦੌਰਾਨ ਲੋੜੀਂਦੇ ਕੋਲੇ ਅਤੇ ਬਿਜਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪੀ.ਐਸ.ਪੀ.ਸੀ.ਐਲ. ਦੇ ਸਾਰੇ ਵਸੀਲਿਆਂ ਤੋਂ ਵੱਧ ਤੋਂ ਵੱਧ ਬਿਜਲੀ ਉਤਪਾਦਨ ਕਰਨ ਅਤੇ ਝੋਨੇ ਦੀ ਸਿੱਧੀ ਬਿਜਾਈ ਲਈ ਬਿਜਲੀ ਦੀ ਨਿਯਮਤ ਸਪਲਾਈ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਉਨਾਂ ਝੋਨੇ ਦੇ ਸੀਜਨ ਦੌਰਾਨ ਨਿਰਧਾਰਤ ਬਿਜਲੀ ਸਪਲਾਈ ਦੇਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਸੀਜਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨੂੰ ਦੇਣ ਲਈ ਲੋੜੀਂਦੇ ਠੋਸ ਪ੍ਰਬੰਧ ਮੁਕੰਮਲ ਕਰ ਲਏ ਜਾਣ ਤਾਂ ਜੋ ਕਿਸਾਨਾਂ ਨੂੰ ਨਿਰਧਾਰਤ ਸਮਾਂ ਸੀਮਾ ਅਨੁਸਾਰ ਬਿਜਲੀ ਸਪਲਾਈ ਦਿੱਤੀ ਜਾ ਸਕੇ।
ਬਿਜਲੀ ਮੰਤਰੀ ਨੇ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਸੀ.ਐਮ.ਡੀ., ਪੀ.ਐਸ.ਪੀ.ਸੀ.ਐਲ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਵੰਡ ਡੀ.ਪੀ.ਐਸ. ਗਰੇਵਾਲ ਅਤੇ ਹੋਰਨਾਂ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਆਗਾਮੀ ਝੋਨੇ ਦੇ ਸੀਜਨ ਲਈ ਲੋੜੀਂਦੇ ਕੋਲੇ ਅਤੇ ਬਿਜਲੀ ਦੇ ਪ੍ਰਬੰਧਾਂ ਸੰਬੰਧੀ ਜਾਣਕਾਰੀ ਲਈ ਅਤੇ ਵਿਚਾਰ ਵਟਾਂਦਰਾ ਕੀਤਾ। ਉਨਾਂ ਨੇ ਪੀ.ਐਸ.ਪੀ.ਸੀ.ਐਲ. ਨੂੰ ਸ਼ਿਕਾਇਤ ਨਿਵਾਰਨ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਮੈਨਪਾਵਰ ਨੂੰ ਵਧਾਉਣ ਅਤੇ ਓਵਰਲੋਡ ਗਰਿੱਡਾਂ, ਲਾਈਨਾਂ ਅਤੇ ਟਰਾਂਸਫਾਰਮਰਾਂ ਨੂੰ ਡੀਲੋਡ ਕਰਨ ਦੇ ਨਿਰਦੇਸ਼ ਦਿੱਤੇ।






