ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਕੈਬਨਿਟ ਮੰਤਰੀ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਤੋਤਾ ਸਿੰਘ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹ 81 ਵਰ੍ਹਿਆਂ ਦੇ ਸਨ।
ਉਨ੍ਹਾਂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਆਖਰੀ ਸਾਹ ਲਏ I ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ ਤੇ ਹਸਪਤਾਲ ਜ਼ੇਰੇ ਇਲਾਜ ਸਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਹੈ-ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ਉਤੇ ਮੈਂ ਸਮੂਹ ਪਰਿਵਾਰ ਤੇ ਪਾਰਟੀ ਨਾਲ ਦੁੱਖ ਸਾਂਝਾ ਕਰਦਾ ਹਾਂ।
ਉਨ੍ਹਾਂ ਦੇ ਜਾਣ ਨਾਲ ਜਿੱਥੇ ਪੰਜਾਬ ਤੇ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਹੀ ਮੈਨੂੰ ਵੀ ਨਿੱਜੀ ਤੌਰ ‘ਤੇ ਇੱਕ ਚੰਗੇ ਮਾਰਗਦਰਸ਼ਕ ਦੀ ਕਮੀ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ।
ਉਨ੍ਹਾਂ ਕਿਹਾ ਕਿ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਜਥੇਦਾਰ ਸਾਹਿਬ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਸਨ। ਮੈਂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜਾ ਹਾਂ।
ਜਥੇਦਾਰ ਤੋਤਾ ਸਿੰਘ ਦੇ ਦਿਹਾਂਤ ‘ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਆਗੂਆਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ I






