Sidhu Moose Wala Murder: ਸਿੱਧੂ ਮੂਸੇਵਾਲਾ ਕਤਲ ਮਾਮਲੇ ਚ ਕੇਂਦਰੀ ਏਜੰਸੀਆਂ ਤੋਂ ਜਾਂਚ ਕਰਵਾਉਣ ਦੀ ਮੰਗ ਨੂੰ ਲੈ ਕੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਮੂਸੇਵਾਲਾ ਦੀ ਮਾਤਾ ਪਿਤਾ ਅੱਜ ਚੰਡੀਗਡ਼੍ਹ ਮਿਲਣਗੇ। ਕੇਂਦਰੀ ਜਾਂਚ ਏਜੰਸੀ ਤੋਂ ਜਾਂਚ ਕਰਵਾਉਣ ਲਈ ਸਿੱਧੂ ਮੂਸੇਵਾਲਾ ਪਰਿਵਾਰ ਵੱਲੋਂ ਪਹਿਲਾਂ ਹੀ ਚਿੱਠੀ ਲਿਖੀ ਜਾ ਚੁੱਕੀ ਹੈ। ਪਿੰਡ ਮੂਸਾ ਤੋਂ ਸਿੱਧੂ ਮੂਸੇਵਾਲਾ ਦੀ ਮਾਤਾ ਪਿਤਾ ਅੱਜ ਚੰਡੀਗਡ਼੍ਹ ਲਈ ਰਵਾਨਾ ਹੋ ਗਏ ਹਨ।
ਜ਼ਿਕਰਯੋਗ ਹੈ ਕਿ ਮਾਨਸਾ ਦੇ ਪਿੰਡ ਜਵਾਹਰਕੇ ‘ਚ 29 ਮਈ ਨੂੰ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਪਰਿਵਾਰ ਨੇ 30 ਮਈ ਨੂੰ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਦੀ ਮੰਗ ਕੀਤੀ ਸੀ। ਉਸ ਨੇ ਪੋਸਟਮਾਰਟਮ ਦੀ ਇਜਾਜ਼ਤ ਨਹੀਂ ਦਿੱਤੀ। ਜਿਸ ਤੋਂ ਬਾਅਦ ਗ੍ਰਹਿ ਸਕੱਤਰ ਅਨੁਰਾਗ ਵਰਮਾ ਨੇ ਹਾਈ ਕੋਰਟ ਦੇ ਰਜਿਸਟਰਾਰ ਨੂੰ ਪੱਤਰ ਲਿਖਿਆ। ਇਸ ਤੋਂ ਬਾਅਦ ਹੀ ਪੋਸਟਮਾਰਟਮ ਕੀਤਾ ਗਿਆ। ਇਕ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਸੀ।
ਸੀਐਮ ਮਾਨ ਨੇ ਕਿਹਾ, ਮੂਸੇਵਾਲਾ ਨੂੰ ਇਨਸਾਫ ਦਿਵਾਉਣਾ ਮੇਰੀ ਜ਼ਿੰਮੇਵਾਰੀ ਹੈ
ਮੁੱਖ ਮੰਤਰੀ ਭਗਵੰਤ ਮਾਨ ਨੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਕਿਹਾ ਕਿ ਪਰਿਵਾਰ ਨੂੰ ਇਨਸਾਫ ਦਿਵਾਉਣਾ ਮੇਰੀ ਨਿੱਜੀ ਜ਼ਿੰਮੇਵਾਰੀ ਹੈ। ਸਿੱਧੂ ਮੇਰਾ ਕਲਾਕਾਰ ਭਰਾ ਸੀ। ਉਨ੍ਹਾਂ ਦੇ ਦੇਹਾਂਤ ਨਾਲ ਸੰਗੀਤ ਜਗਤ ਨੂੰ ਵੱਡਾ ਘਾਟਾ ਪਿਆ ਹੈ। ਸਾਡੀ ਸਿਆਸੀ ਵਿਚਾਰਧਾਰਾ ਵੱਖਰੀ ਸੀ, ਪਰ ਕੋਈ ਮਤਭੇਦ ਨਹੀਂ ਸਨ। ਮਾਨ ਕਰੀਬ ਇਕ ਘੰਟਾ ਮੂਸੇਵਾਲਾ ਦੇ ਘਰ ਰਹੇ। ਬਲਕੌਰ ਸਿੰਘ ਨੇ ਕਿਹਾ, ‘ਮੈਂ ਬਹੁਤ ਗਰੀਬੀ ‘ਚ ਪੁੱਤਰ ਨੂੰ ਪਾਲਿਆ ਸੀ। ਜੇ ਸੁਰੱਖਿਆ ਹੁੰਦੀ ਤਾਂ ਪੁੱਤਰ ਜ਼ਿੰਦਾ ਹੁੰਦਾ। ਹੁਣ ਚਾਰ ਗੰਨਮੈਨ ਦਿੱਤੇ ਗਏ ਹਨ। ਮੈਂ ਉਹਨਾਂ ਨਾਲ ਕੀ ਕਰਾਂ?
ਮੂਸੇਵਾਲਾ ਦੇ ਕਤਲ ‘ਤੇ ਸਿਆਸਤ ਨਹੀਂ ਹੋਣੀ ਚਾਹੀਦੀ: ਕੇਜਰੀਵਾਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਮੰਦਭਾਗੀ ਹੈ। ਇਸ ‘ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਪੰਜਾਬ ਵਿੱਚ ਜੋ ਵੀ ਘਟਨਾਵਾਂ ਵਾਪਰੀਆਂ ਹਨ, ਉਨ੍ਹਾਂ ਦੇ ਆਲੇ-ਦੁਆਲੇ ਸਿਆਸਤ ਨਹੀਂ ਹੋਣੀ ਚਾਹੀਦੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫਤਾਰ ਕਰਕੇ ਸਖਤ ਸਜ਼ਾ ਦਿੱਤੀ ਜਾਵੇਗੀ। ਸਰਕਾਰ ਅਪਰਾਧਿਕ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ੇਗੀ ਨਹੀਂ।






