ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਦੇ ਹੋਰ ਆਗੂਆਂ ਨਾਲ ਵੀਰਵਾਰ ਨੂੰ ਸਾਬਕਾ ਕਾਂਗਰਸ ਸਰਕਾਰ ਵਿੱਚ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੀ ਗ੍ਰਿਫਤਾਰੀ ਅਤੇ ਸੰਗਤ ਸਿੰਘ ਗਿਲਜੀਆਂ ਵਿਰੁੱਧ ਸੰਭਾਵੀ ਕਾਰਵਾਈ ਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਕੰਪਲੈਕਸ ਵਿਖੇ ਵਿਰੋਧ ਵਿੱਚ ਧਰਨਾ ਦਿੱਤਾ, ਜਿਸ ਤੋਂ ਬਾਅਦ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਇਹ ਕਾਂਗਰਸੀ ਆਗੂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ ‘ਤੇ ਪੁੱਜੇ ਸਨ। ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਖੁਦ ਉਨ੍ਹਾਂ ਨੂੰ ਮੀਟਿੰਗ ਲਈ ਬੁਲਾਇਆ ਸੀ ਅਤੇ ਜਦੋਂ ਉਹ ਆਪਣੇ ਵਿਧਾਇਕਾਂ ਸਮੇਤ ਉਨ੍ਹਾਂ ਦੀ ਰਿਹਾਇਸ਼ ‘ਤੇ ਪੁੱਜੇ ਤਾਂ ਉਨ੍ਹਾਂ ਨੂੰ ਮੁਲਾਕਾਤ ਦਾ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਮੀਟਿੰਗ ਲਈ ਸਮਾਂ ਨਾ ਦਿੱਤੇ ਜਾਣ ਕਾਰਨ ਕਾਂਗਰਸੀ ਆਗੂ ਉਨ੍ਹਾਂ ਦੀ ਰਿਹਾਇਸ਼ ’ਤੇ ਧਰਨੇ ’ਤੇ ਬੈਠ ਗਏ। ਉਨ੍ਹਾਂ ਨੂੰ ਉਥੋਂ ਹਟਾਉਣ ਤੋਂ ਬਾਅਦ ਵਾਧੂ ਪੁਲਿਸ ਬਲ ਬੁਲਾਉਣਾ ਪਿਆ। ਸਾਰੇ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਅਤੇ ਚੰਡੀਗੜ੍ਹ ਸੈਕਟਰ 3 ਦੇ ਥਾਣੇ ਵਿੱਚ ਲਿਜਾਇਆ ਗਿਆ। ਕਾਂਗਰਸੀ ਆਗੂਆਂ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸਵੇਰੇ 10 ਵਜੇ ਦਾ ਸਮਾਂ ਦੇਣ ਦੇ ਬਾਵਜੂਦ ਮਿਲਣ ਤੋਂ ਇਨਕਾਰ ਕਰ ਦਿੱਤਾ।
ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਬਾਜਵਾ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਪੰਜਾਬ ਕਾਂਗਰਸ ਦੇ ਵਿਧਾਇਕਾਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਤਲਾਸ਼ੀ ਦੇ ਨਾਂ ‘ਤੇ ਉਨ੍ਹਾਂ ਦਾ ਅਪਮਾਨ ਕੀਤਾ ਗਿਆ ਅਤੇ ਅੱਧਾ ਘੰਟਾ ਉਡੀਕ ਕਰਨ ਲਈ ਕਿਹਾ ਗਿਆ। ਕੁਝ ਸਮੇਂ ਬਾਅਦ ਕਿਹਾ ਗਿਆ ਕਿ ਸੀਐਮ ਉਨ੍ਹਾਂ ਨੂੰ ਨਹੀਂ ਮਿਲਣਗੇ।

ਕਾਬਲੇਗੌਰ ਹੈ ਕਿ ਸੂਬੇ ਦੇ ਵਿਜੀਲੈਂਸ ਵਿੰਗ ਨੇ ਸਾਬਕਾ ਮੰਤਰੀ ਧਰਮਸੋਤ ਨੂੰ ਜੰਗਲਾਤ ਵਿਭਾਗ ਵਿੱਚ ਕਥਿਤ ਘਪਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸ ‘ਤੇ ਕਰੋੜਾਂ ਦੀ ਰਿਸ਼ਵਤ ਲੈਣ ਦਾ ਦੋਸ਼ ਹੈ। ਜਦਕਿ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਖਿਲਾਫ ਜਾਂਚ ਚੱਲ ਰਹੀ ਹੈ। ਕਾਂਗਰਸ ਇਸ ਕਾਰਵਾਈ ਤੋਂ ਨਾਰਾਜ਼ ਹੈ ਅਤੇ ਇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸ ਰਹੀ ਹੈ।






