ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਵਿਖੇ ਦੇਰ ਰਾਤ ਹੋਈ ਬਰਸਾਤ ਕਾਰਨ ਨੇੜਲੇ ਪਿੰਡ ਲੱਖੇਵਾਲੀ ਵਿਖੇ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਨਾਲ ਇਕ ਵਿਅਕਤੀ ਦੀ ਮੌਕੇ ਉਤੇ ਮੌਤ ਹੋ ਗਈ ਅਤੇ ਉਸ ਦੀ ਪਤਨੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ਉਤੇ ਪਹੁੰਚੀ ਥਾਣਾ ਲੱਖੇਵਾਲੀ ਦੀ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਪੋਸਟਮਾਰਟਮ ਲਈ ਮਲੋਟ ਦੇ ਸਿਵਲ ਹਸਪਤਾਲ ਵਿੱਚ ਭਿਜਵਾ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੁਰਦੇਵ ਸਿੰਘ ਪੁੱਤਰ ਦਿਆਲ ਸਿੰਘ ਵਜੋਂ ਹੋਈ ਹੈ।
ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਗੁਰਦੇਵ ਸਿੰਘ ਦੀ ਪਤਨੀ ਮਹਿੰਦਰ ਕੌਰ ਨੇ ਦੱਸਿਆ ਕਿ ਜਦ ਉਹ ਆਪਣੇ ਵਿਹੜੇ ਵਿਚ ਦੇਰ ਰਾਤ ਸੁੱਤੇ ਹੋਏ ਸਨ ਤਾਂ ਮੀਂਹ ਆਉਣ ਕਰਕੇ ਉਹ ਕਮਰੇ ਵਿੱਚ ਚਲੇ ਗਏ। ਕੁਝ ਹੀ ਸਮੇਂ ਬਾਅਦ ਮੀਂਹ ਤੇਜ਼ ਹੋਣ ਕਰਕੇ ਇਕੋਦਮ ਹੀ ਛੱਤ ਉਨ੍ਹਾਂ ਦੇ ਉੱਪਰ ਆ ਡਿੱਗੀ। ਉਨ੍ਹਾਂ ਦੱਸਿਆ ਕਿ ਛੱਤ ਦਾ ਗਾਡਰ ਉਨ੍ਹਾਂ ਦੇ ਪਤੀ ਦੇ ਉੱਪਰ ਆ ਡਿੱਗਿਆ ਜਿਸ ਕਰਕੇ ਉਨ੍ਹਾਂ ਦੀ ਮੌਕੇ ਉਤੇ ਮੌਤ ਹੋ ਗਈ। ਉਨ੍ਹਾਂ ਪ੍ਰਸ਼ਾਸਨ ਅਤੇ ਸਰਕਾਰ ਕੋਲੋਂ ਮੰਗ ਕੀਤੀ ਕਿ ਉਨ੍ਹਾਂ ਦੀ ਮਾਲੀ ਸਹਾਇਤਾ ਕੀਤੀ ਜਾਵੇ ਤਾਂ ਜੋ ਆਪਣਾ ਗੁਜ਼ਾਰਾ ਕਰ ਸਕਣ।
ਇਸ ਮੌਕੇ ਮ੍ਰਿਤਕ ਗੁਰਦੇਵ ਸਿੰਘ ਦੇ ਪੁੱਤਰ ਬਲਕਰਨ ਸਿੰਘ ਨੇ ਦੱਸਿਆ ਕਿ ਦੇਰ ਰਾਤ ਛੱਤ ਡਿੱਗਣ ਕਾਰਨ ਉਨ੍ਹਾਂ ਦੇ ਪਿਤਾ ਦੀ ਮੌਕੇ ਉਤੇ ਹੀ ਮੌਤ ਹੋ ਗਈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਕੋਲੋਂ ਮਾਲੀ ਸਹਾਇਤਾ ਲਈ ਅਪੀਲ ਕੀਤੀ ਹੈ ਤਾਂ ਜੋ ਉਨ੍ਹਾਂ ਦੇ ਪਰਿਵਾਰ ਦਾ ਗੁਜ਼ਾਰਾ ਹੋ ਸਕੇ।
ਦੂਜੇ ਪਾਸੇ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸੰਤੋਖ ਸਿੰਘ ਨੇ ਦੱਸਿਆ ਕਿ ਸਾਨੂੰ ਇਕ ਸੂਚਨਾ ਮਿਲੀ ਸੀ ਕਿ ਘਰ ਦੀ ਛੱਤ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸਾਡੀ ਟੀਮ ਵੱਲੋਂ ਮੌਕੇ ਉਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਪੋਸਟਮਾਰਟਮ ਲਈ ਮਲੋਟ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਸੀ। ਪੋਸਟਮਾਰਟਮ ਕਰਵਾ ਕੇ ਇੱਕ ਸੌ ਚਹੱਤਰ ਦੀ ਕਾਰਵਾਈ ਕਰਦੇ ਹੋਏ ਲਾਸ਼ ਨੂੰ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।





