ਅਸ਼ਫਾਕ ਢੁੱਡੀ
ਸ੍ਰੀ ਮੁਕਤਸਰ ਸਾਹਿਬ: ਸਾਬਕਾ ਸੈਨਿਕਾਂ ਨਾਲ ਹੋਰ ਜਥੇਬੰਦੀਆਂ ਮਿਲ ਕੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ ਅਗਨੀਪਥ ਯੋਜਨਾ ਨੂੰ ਵਾਪਸ ਕਰਵਾਉਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਦੇਸ਼ ਦੇ ਪ੍ਰਧਾਨ ਮੰਤਰੀ, ਰਾਸ਼ਟਰਪਤੀ ਅਤੇ ਰੱਖਿਆ ਮੰਤਰੀ ਦੇ ਨਾਂ ਉਤੇ ਇਕ ਮੰਗ ਪੱਤਰ ਸੌਂਪਿਆ ਗਿਆ।
ਇਸ ਮੰਗ ਪੱਤਰ ਵਿਚ ਸਾਬਕਾ ਸੈਨਿਕਾਂ ਵੱਲੋਂ ਅਗਨੀਪਥ ਯੋਜਨਾ ਦੇ ਨਾਲ ਹੋਣ ਵਾਲੇ ਨੁਕਸਾਨ ਬਾਰੇ ਲਿਖਿਆ ਗਿਆ। ਪੂਰੇ ਦੇਸ਼ ਵਿਚ ਇਸ ਅਗਨੀਪਥ ਯੋਜਨਾ ਦਾ ਨੌਜਵਾਨਾਂ, ਆਮ ਲੋਕਾਂ ਤੇ ਸਾਬਕਾ ਸੈਨਿਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਸੈਨਿਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਯੋਜਨਾ ਨਾਲ ਨੌਜਵਾਨਾਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਅੱਜ ਹਰ ਇਕ ਚੀਜ਼ ਤੋਂ ਜਾਣੂ ਹੋ ਚੁੱਕਿਆ ਹੈ, ਇਸ ਯੋਜਨਾ ਕਰਕੇ ਜਿੱਥੇ ਪੂਰੇ ਦੇਸ਼ ਵਿੱਚ ਨੌਜਵਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਅਤੇ ਵੱਖ-ਵੱਖ ਸੂਬਿਆਂ ਵਿਚ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ।
ਇਸ ਅਗਨੀਪਥ ਯੋਜਨਾ ਦੇ ਆਉਣ ਕਰਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਜਿੱਥੇ ਬਹੁਤ ਸਾਰਾ ਨੁਕਸਾਨ ਹੋਇਆ ਹੈ ਪਰ ਇਸ ਨੁਕਸਾਨ ਨੂੰ ਲੈ ਕੇ ਕੇਂਦਰ ਸਰਕਾਰ ਦੇ ਕੰਨ ਉਤੇ ਜੂੰ ਨਹੀਂ ਸਰਕੀ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਅਜਿਹੀਆਂ ਸਕੀਮਾਂ ਲੈ ਕੇ ਆਉਂਦੀ ਹੈ ਜੋ ਲੋਕਾਂ ਨੂੰ ਪਸੰਦ ਨਹੀਂ ਹੁੰਦੀਆਂ ਅਤੇ ਲੋਕਾਂ ਦੇ ਉਪਰ ਜਬਰਦਸਤੀ ਥੋਪਣ ਕੋਸ਼ਿਸ਼ ਕੀਤੀ ਜਾਂਦੀ ਹੈ।
ਉਸ ਦੇ ਵਿਰੋਧ ਵਿੱਚ ਅੱਜ ਸਾਬਕਾ ਸੈਨਿਕਾਂ ਅਤੇ ਹੋਰ ਭਰਾਤਰੀ ਜਥੇਬੰਦੀਆਂ ਵੱਲੋਂ ਸਾਡੇ ਨਾਲ ਮਿਲ ਕੇ ਇਸ ਅਗਨੀਪਖ ਯੋਜਨਾ ਨੂੰ ਵਾਪਸ ਕਰਵਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਜੇਕਰ ਕੇਂਦਰ ਸਰਕਾਰ ਵੱਲੋਂ ਇਹ ਯੋਜਨਾ ਵਾਪਸ ਨਹੀਂ ਲਈ ਜਾਂਦੀ ਤਾਂ ਸਾਡਾ ਸੰਘਰਸ਼ ਹੋਰ ਵੀ ਤੇਜ਼ ਹੋਵੇਗਾ।






