ਨਵੀਂ ਦਿੱਲੀ- ਦਿੱਲੀ ‘ਚ ਭਾਰਤੀ ਜਨਤਾ ਪਾਰਟੀ ਨੇ ਕਾਂਗਰਸ ਨੂੰ ਵੱਡਾ ਝਟਕਾ ਦਿੰਦੇ ਹੋਏ ਇਕ ਵੱਡੇ ਨੇਤਾ ਨੂੰ ਆਪਣੀ ਪਾਰਟੀ ‘ਚ ਸ਼ਾਮਲ ਕਰ ਲਿਆ ਹੈ। ਦਿੱਲੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਤਰਵਿੰਦਰ ਸਿੰਘ ਮਰਵਾਹ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋ ਗਏ ਹਨ। ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਸਾਬਕਾ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਸਮੇਤ ਹੋਰ ਨੇਤਾਵਾਂ ਦੀ ਮੌਜੂਦਗੀ ‘ਚ ਮਰਵਾਹ ਪਾਰਟੀ ਹੈੱਡਕੁਆਰਟਰ ‘ਚ ਭਾਜਪਾ ‘ਚ ਸ਼ਾਮਲ ਹੋਏ।
ਦਿੱਲੀ ਦੀ ਜੰਗਪੁਰਾ ਵਿਧਾਨ ਸਭਾ ਸੀਟ ਤੋਂ ਤਿੰਨ ਵਾਰ ਕਾਂਗਰਸ ਦੇ ਵਿਧਾਇਕ ਰਹੇ ਮਰਵਾਹ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਸੰਸਦੀ ਸਕੱਤਰ ਰਹਿ ਚੁੱਕੇ ਹਨ। ਮਰਵਾਹ ਦਾ ਭਾਜਪਾ ‘ਚ ਸਵਾਗਤ ਕਰਦੇ ਹੋਏ ਤਾਵੜੇ ਨੇ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਜ਼ਿੰਮੇਵਾਰੀ ਦੇਵੇਗੀ।
ਪਾਰਟੀ ਦੀ ਮੈਂਬਰਸ਼ਿਪ ਲੈਣ ਤੋਂ ਬਾਅਦ ਆਪਣੇ ਸੰਬੋਧਨ ‘ਚ ਮਰਵਾਹ ਨੇ ਕਿਹਾ ਕਿ ਜਦੋਂ ਤੱਕ ਉਹ ਜਿਉਂਦੇ ਹਨ, ਉਹ ਭਾਜਪਾ ਦੀ ਸੇਵਾ ਕਰਦੇ ਰਹਿਣਗੇ ਅਤੇ ਉਹ ਵੀ ਬਿਨਾਂ ਕਿਸੇ ਅਹੁਦੇ ਅਤੇ ਲਾਲਚ ਦੇ। ਉਨ੍ਹਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਵਿੱਚ ਆਗੂਆਂ ਦਾ ਸਤਿਕਾਰ ਨਹੀਂ ਕੀਤਾ ਜਾਂਦਾ ਅਤੇ ਪਾਰਟੀ ਲਈ ਕੁਰਬਾਨੀਆਂ ਕਰਨ ਵਾਲਿਆਂ ਨੂੰ ਨਜ਼ਰਅੰਦਾਜ਼ ਕੀਤਾ ਜਾਂਦਾ ਹੈ, ਇਸ ਲਈ ਦੁਖੀ ਹੋ ਕੇ ਉਨ੍ਹਾਂ ਕਾਂਗਰਸ ਛੱਡਣ ਦਾ ਫੈਸਲਾ ਕੀਤਾ ਹੈ।
ਮਰਵਾਹ ਨੇ ਕਿਹਾ ਕਿ ਉਹ ਪਿਛਲੇ ਡੇਢ ਸਾਲ ਤੋਂ ਰਾਹੁਲ ਗਾਂਧੀ ਨੂੰ ਮਿਲਣ ਲਈ ਸਮਾਂ ਮੰਗ ਰਹੇ ਹਨ ਪਰ ਅੱਜ ਤੱਕ ਉਨ੍ਹਾਂ ਨੂੰ ਸਮਾਂ ਨਹੀਂ ਮਿਲਿਆ। ਉਨ੍ਹਾਂ ਦੋਸ਼ ਲਾਇਆ, ‘ਜੋ ਸੇਵਾਦਾਰ ਬਣਨ ਦੇ ਯੋਗ ਨਹੀਂ ਹਨ, ਉਨ੍ਹਾਂ ਨੂੰ ਬੁਲਾਰਾ ਬਣਾਇਆ ਜਾਂਦਾ ਹੈ। ਬਹੁਤ ਸਾਰੇ ਜਨਰਲ ਸਕੱਤਰ ਹਨ, ਜਿਨ੍ਹਾਂ ਨੂੰ ਕੋਈ ਨਹੀਂ ਜਾਣਦਾ… ਚੋਣਾਂ ਹਾਰਨ ਵਾਲਿਆਂ ਨੂੰ ਰਾਜ ਸਭਾ ਭੇਜ ਦਿੱਤਾ ਜਾਂਦਾ ਹੈ। ਉਨ੍ਹਾਂ ਕਾਂਗਰਸ ਦੇ ਅਸੰਤੁਸ਼ਟ ਨੇਤਾਵਾਂ ਦੇ ਸਮੂਹ ਜੀ-23 ਦੇ ਆਗੂਆਂ ਨੂੰ ਵੀ ਭਾਜਪਾ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ, ਜਿੱਥੇ ਉਨ੍ਹਾਂ ਨੂੰ ਸਨਮਾਨ ਮਿਲੇਗਾ।






