ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਰਕਾਰੀ ਬੱਸਾਂ ਤੋਂ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਹਟਾਉਣ ਦੇ ਹੁਕਮ ਵਾਪਸ ਲੈ ਲਏ ਹਨ। ਇਸ ਪਿੱਛੇ ਧਾਰਮਿਕ ਜਥੇਬੰਦੀਆਂ ਦੇ ਵਿਰੋਧ ਦਾ ਹਵਾਲਾ ਦਿੱਤਾ ਗਿਆ ਹੈ। ਬੀਜੇਪੀ ਨੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ‘ਮੁੱਖ ਮੰਤਰੀ ਨੇ ਖਾਲਿਸਤਾਨੀਆਂ ਅੱਗੇ ਗੋਡੇ ਟੇਕੇ ਹਨ।’
ਪੰਜਾਬ ਸਰਕਾਰ ਵੱਲੋਂ ਇੱਕ ਸ਼ਿਕਾਇਤ ਦੇ ਬਾਅਦ ਸਰਕਾਰੀ ਬੱਸਾਂ ਲਈ ਇਹ ਨੋਟਿਸ ਜਾਰੀ ਕੀਤਾ ਗਿਆ ਸੀ। ਜਿਸ ਨੂੰ ਹਟਾਉਂਦੇ ਹੋਏ ਹੁਣ ਇੱਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਲਿਖਿਆ ਹੈ ਕਿ ਕੁਝ ਧਾਰਮਿਕ ਸੰਸਥਾਵਾਂ ਵੱਲੋਂ ਇਤਰਾਜ਼ ਜਤਾਉਣ ਕਰਕੇ ਇਹ ਨੋਟਿਸ ਵਾਪਸ ਲਿਆ ਗਿਆ ਹੈ।
ਪੰਜਾਬ ਭਾਜਪਾ ਵੱਲੋਂ ਵਿਰੋਧ
ਬੀਜੇਪੀ ਨੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ‘ਮੁੱਖ ਮੰਤਰੀ ਨੇ ਖਾਲਿਸਤਾਨੀਆਂ ਅੱਗੇ ਗੋਡੇ ਟੇਕੇ ਹਨ।’ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਟਵੀਟ ਕਰਕੇ ਲਿਖਿਆ ਹੈ ਕਿ ‘ਇਹ ਹੁਕਮ ਇਸ ਗੱਲ ਦਾ ਸਬੂਤ ਹੈ ਕਿ ਭਗਵੰਤ ਮਾਨ ਸਰਕਾਰ ਨੇ ਖਾਲਿਸਤਾਨੀਆਂ ਅੱਗੇ ਗੋਡੇ ਟੇਕਦੇ ਹੋਏ ਪੰਜਾਬ ਦੀਆਂ ਸਰਕਾਰੀ ਬੱਸਾਂ ਤੋਂ ਅੱਤਵਾਦੀਆਂ ਦੀਆਂ ਤਸਵੀਰਾਂ ਹਟਾਉਣ ਦਾ ਆਪਣਾ ਫੈਸਲਾ ਵਾਪਸ ਲੈ ਲਿਆ ਹੈ…ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰੇ ਨੂੰ ਤੋੜਨ ਵਾਲੀਆਂ ਤਾਕਤਾਂ ਸ਼ਕਤੀਸ਼ਾਲੀ ਹੁੰਦੀਆਂ ਜਾ ਰਹੀਆਂ ਨੇ ਅਤੇ ਕਮਜ਼ੋਰ ਮੁੱਖ ਮੰਤਰੀ ਦੇ ਕਾਰਨ ਖ਼ਤਰਾ ਹੋਰ ਵਧ ਗਿਆ ਹੈ। ‘
ਪੀਆਰਟੀਸੀ ਬੱਸਾਂ ਤੋਂ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਹਟਾਉਣ ਦੇ ਸਰਕਾਰੀ ਆਦੇਸ਼ਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC ) ਅਤੇ ਕਈ ਸਿੱਖ ਜਥੇਬੰਦੀਆਂ ਨੇ ਵਿਰੋਧ ਜਤਾਇਆ ਸੀ।

ਸੋਮਵਾਰ ਨੂੰ ਬਠਿੰਡਾ ਜ਼ੋਨ ਦੇ ਪੀਆਰਟੀਸੀ ਦੇ ਜਨਰਲ ਮੈਨੇਜਰ ਨੇ ਇੱਕ ਲਿਖਤੀ ਹੁਕਮ ਵਿੱਚ ਕਿਹਾ ਕਿ ਟਰਾਂਸਪੋਰਟ ਕਾਰਪੋਰੇਸ਼ਨ ਨੇ ਆਪਣਾ 1 ਜੁਲਾਈ ਦਾ ਹੁਕਮ ਵਾਪਸ ਲੈ ਲਿਆ ਹੈ ਅਤੇ ਪ੍ਰਦਰਸ਼ਨ ਕਰ ਰਹੀਆਂ ਧਿਰਾਂ ਨੂੰ ਇਸ ਤੋਂ ਜਾਣੂ ਕਰਵਾ ਦਿੱਤਾ ਹੈ।
ਦਲ ਖਾਲਸਾ ਦੇ ਬੁਲਾਰੇ ਪਰਮਜੀਤ ਸਿੰਘ ਮੰਡ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਬਠਿੰਡਾ ਤੋਂ ਪੀਆਰਟੀਸੀ ਵੱਲੋਂ ਇੱਕ ਪੱਤਰ ਮਿਲਿਆ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ ਇਹ ਹੁਕਮ ਉਨ੍ਹਾਂ ਵੱਲੋਂ ਲਏ ਗਏ ਹਨ। ਉਨ੍ਹਾਂ ਕਿਹਾ ਕਿ ਪੱਤਰ ਵਿੱਚ ਮੰਨਿਆ ਗਿਆ ਹੈ ਕਿ ਭਿੰਡਰਾਂਵਾਲੇ ਅਤੇ ਹਵਾਰਾ ਦੀਆਂ ਤਸਵੀਰਾਂ ਹਟਾਉਣ ਦੇ ਹੁਕਮ ਨਾਲ ਕੁਝ ਸਿੱਖ ਜਥੇਬੰਦੀਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।






