ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਸੰਸਦ ਦੀ ਸਥਾਈ ਕਮੇਟੀ ਕੋਲ ਭੇਜ ਦਿੱਤਾ ਹੈ। ਉਮੀਦ ਹੈ ਉਥੇ ਵੱਖ ਵੱਖ ਵਰਗਾਂ ਦੇ ਵਿਚਾਰ ਲੈ ਕੇ ਜਲਦਬਾਜ਼ੀ ਵਿਚ ਲਿਆਂਦੇ ਇਸ ਬਿਲ ਨੂੰ ਵਾਪਸ ਲੈ ਲਿਆ ਜਾਵੇਗਾ।
ਦੱਸ ਦਈਏ ਕਿ ਲੋਕ ਸਭਾ ਵਿੱਚ ਸੋਮਵਾਰ ਨੂੰ ਬਿਜਲੀ ਸੋਧ ਬਿੱਲ-2022 ਪੇਸ਼ ਕੀਤਾ ਗਿਆ ਜਿਸ ਵਿੱਚ ਬਿਜਲੀ ਵੰਡ ਖੇਤਰ ਵਿੱਚ ਬਦਲਾਅ ਕਰਨ ਤੇ ਰੈਗੂਲੇਟਰੀ ਅਥਾਰਿਟੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਹੈ।
ਚਾਰੇ ਪਾਸਿਓਂ ਬਿਜਲੀ ਸੋਧ ਬਿਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿਲ ਨੂੰ parliament standing ਕਮੇਟੀ ਕੋਲ ਭੇਜ ਦਿੱਤਾ ਹੈ…ਉਮੀਦ ਹੈ ਓਥੇ ਵੱਖ ਵੱਖ ਵਰਗਾਂ ਦੇ ਵਿਚਾਰ ਲੈ ਕੇ ਜਲਦਬਾਜ਼ੀ ਚ ਲਿਆਂਦੇ ਇਸ ਬਿਲ ਨੂੰ ਵਾਪਸ ਲੈ ਲਿਆ ਜਾਵੇਗਾ…
— Bhagwant Mann (@BhagwantMann) August 8, 2022
ਹੇਠਲੇ ਸਦਨ ਵਿੱਚ ਊਰਜਾ ਮੰਤਰੀ ਆਰ.ਕੇ. ਸਿੰਘ ਨੇ ਬਿਜਲੀ ਸੋਧ ਬਿੱਲ 2022 ਪੇਸ਼ ਕੀਤਾ। ਇਸ ਦਾ ਕਾਂਗਰਸ, ਡੀਐੱਮਕੇ ਤੇ ਤ੍ਰਿਣਮੂਲ ਕਾਂਗਰਸ ਸਣੇ ਕੁਝ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਵਿਰੋਧ ਕੀਤਾ ਅਤੇ ਇਸ ਨੂੰ ਸੰਘੀ ਢਾਂਚੇ ਖ਼ਿਲਾਫ਼ ਦੱਸਿਆ। ਇਸ ਤੋਂ ਬਾਅਦ ਮੰਤਰੀ ਆਰ.ਕੇ. ਸਿੰਘ ਨੇ ਕਿਹਾ ਕਿ ਉਹ ਇਸ ਬਿੱਲ ਨੂੰ ਵਿਚਾਰ ਵਾਸਤੇ ਸੰਸਦ ਦੀ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕਰਦੇ ਹਨ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਕਿਹਾ ਕਿ ਇਸ ਕਦਮ ਨਾਲ ਕੇਂਦਰ ਨੇ ਸੂਬਿਆਂ ਦੇ ਹੱਕਾਂ ਉਤੇ ਇਕ ਹੋਰ ਡਾਕਾ ਮਾਰਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਕੇਂਦਰ ਅਜਿਹੀਆਂ ਚਾਲਾਂ ਨਾਲ ਸੰਘੀ ਢਾਂਚੇ ਦੀਆਂ ਨੀਂਹਾਂ ਨੂੰ ਖੋਖਲਾ ਕਰਨਾ ਚਾਹੁੰਦਾ ਹੈ ਅਤੇ ਆਏ ਦਿਨ ਸੂਬਿਆਂ ਦੇ ਅਧਿਕਾਰਾਂ ਉਤੇ ਛਾਪਾ ਮਾਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ, “ਕੇਂਦਰ ਸਰਕਾਰ ਸੂਬਿਆਂ ਨੂੰ ਕਠਪੁਤਲੀ ਨਾ ਸਮਝੇ। ਇਨ੍ਹਾਂ ਵਧੀਕੀਆਂ ਦੇ ਖਿਲਾਫ ਅਸੀਂ ਚੁੱਪ ਕਰਕੇ ਨਹੀਂ ਬੈਠਾਂਗੇ। ਆਪਣੇ ਅਧਿਕਾਰਾਂ ਦੀ ਰਾਖੀ ਲਈ ਸੜਕ ਤੋਂ ਲੈ ਕੇ ਸੰਸਦ ਤੱਕ ਲੜਾਈ ਲੜਾਂਗੇ।”
ਭਗਵੰਤ ਮਾਨ ਨੇ ਕਿਹਾ ਕਿ ਬਿਜਲੀ ਸੈਕਟਰ ਨਾਲ ਸਬੰਧਤ ਕੋਈ ਵੀ ਬਿੱਲ ਪੇਸ਼ ਕਰਨ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਸੂਬਿਆਂ ਨਾਲ ਸਲਾਹ-ਮਸ਼ਵਰਾ ਕਰਨਾ ਚਾਹੀਦਾ ਪਰ ਉਸ ਨੇ ਇਸ ਗੱਲ ਦੀ ਭੋਰਾ ਪ੍ਰਵਾਹ ਨਹੀਂ ਕੀਤੀ ਜੋ ਸਿੱਧੇ ਤੌਰ ਉਤੇ ਸੰਘੀ ਢਾਂਚੇ ਉਤੇ ਹਮਲਾ ਹੈ। ਮੁੱਖ ਮੰਤਰੀ ਨੇ ਸਵਾਲ ਕਰਦੇ ਹੋਏ ਕਿਹਾ ਕਿ ਜਦੋਂ ਸੂਬੇ ਆਪਣੇ ਨਾਗਰਿਕਾਂ ਲਈ ਬਿਜਲੀ ਦੀ ਵਿਵਸਥਾ ਆਪਣੇ ਪੱਧਰ ਉਤੇ ਕਰਦੇ ਹਨ ਤਾਂ ਫੇਰ ਉਨ੍ਹਾਂ ਦਾ ਪੱਖ ਕਿਉਂ ਨਹੀਂ ਸੁਣਿਆ ਜਾ ਰਿਹਾ।
ਪੰਜਾਬ ਦੀ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਖਦਸ਼ਾ ਜ਼ਾਹਰ ਕੀਤਾ ਕਿ ਸੂਬੇ ਵਿਚ ਕਿਸਾਨਾਂ ਨੂੰ ਖੇਤੀ ਟਿਊਬਵੈਲਾਂ ਲਈ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ ਅਤੇ ਇਸੇ ਤਰ੍ਹਾਂ ਘਰੇਲੂ ਖਪਤਕਾਰਾਂ ਨੂੰ ਵੀ ਮੁਫ਼ਤ ਬਿਜਲੀ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਜੇਕਰ ਕੇਂਦਰ ਸਰਕਾਰ ਆਪਣੀ ਮਨਮਰਜ਼ੀ ਦਾ ਬਿੱਲ ਮੁਲਕ ਵਿਚ ਲਾਗੂ ਕਰ ਦਿੰਦੀ ਹੈ ਤਾਂ ਕਿਸਾਨਾਂ ਦੇ ਨਾਲ-ਨਾਲ ਹੋਰ ਵਰਗਾਂ ਨੂੰ ਬਹੁਤ ਵੱਡਾ ਨੁਕਸਾਨ ਸਹਿਣਾ ਪੈ ਸਕਦਾ ਹੈ।






