ਚੰਡੀਗੜ੍ਹ: ਸੂਬੇ ਵਿੱਚ ਮਿਆਰੀ ਖੇਡ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਸਟੇਡੀਅਮ, ਅੰਮ੍ਰਿਤਸਰ ਵਿਖੇ ਸਿੰਥੈਟਿਕ-ਐਥਲੈਟਿਕ ਟਰੈਕ ਵਿਛਾਉਣ ਅਤੇ ਇਸ ਨਾਲ ਸਬੰਧਤ ਕੰਮਾਂ ਲਈ 748.36 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਸਬੰਧੀ ਲੋਕ ਨਿਰਮਾਣ ਵਿਭਾਗ ਪੰਜਾਬ ਨੇ ਟੈਂਡਰ ਮੰਗੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਸੂਬਾ ਸਰਕਾਰ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਹਫ਼ਤੇ ਇੱਕ ਮੈਗਾ ਖੇਡ ਮੇਲਾ ‘ਖੇਡਾਂ ਵਤਨ ਪੰਜਾਬ ਦੀਆ’ ਸ਼ੁਰੂ ਕੀਤਾ ਸੀ। ਸੂਬਾ ਸਰਕਾਰ ਨੇ ਪਹਿਲਾਂ ਹੀ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਸਿੰਥੈਟਿਕ-ਐਥਲੈਟਿਕ ਟਰੈਕ ਵਿਛਾਉਣ ਅਤੇ ਇਸ ਨਾਲ ਸਬੰਧਤ ਕੰਮਾਂ ਲਈ 748.36 ਲੱਖ ਰੁਪਏ ਜਾਰੀ ਕਰਨ ਲਈ ਪ੍ਰਬੰਧਕੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਸ ਸਟੇਡੀਅਮ ਵਿੱਚ 668.22 ਲੱਖ ਰੁਪਏ ਦੀ ਲਾਗਤ ਨਾਲ 400 ਮੀਟਰ ਅੱਠ-ਮਾਰਗੀ ਸਿੰਥੈਟਿਕ-ਐਥਲੈਟਿਕ ਟਰੈਕ ਤਿਆਰ ਕੀਤਾ ਜਾਵੇਗਾ। ਟਰੈਕ ‘ਤੇ ਸਪ੍ਰਿੰਕਲਰ ਸਿਸਟਮ ਵੀ ਲਗਾਇਆ ਜਾਵੇਗਾ। ਸਟੇਡੀਅਮ ਵਿੱਚ ਰਾਤ ਦੇ ਮੈਚ ਲਈ 21.70 ਲੱਖ ਰੁਪਏ ਦੀ ਲਾਗਤ ਨਾਲ ਐਲ.ਈ.ਡੀ. ਲਾਈਟਾਂ ਵੀ ਲਗਾਈਆਂ ਜਾਣਗੀਆਂ।
ਐੱਸ. ਈਟੀਓ ਨੇ ਦੱਸਿਆ ਕਿ ਸਟੇਡੀਅਮ ਵਿੱਚ ਡਿਸਕਸ ਥਰੋਅ ਰਿੰਗ, ਹੈਮਰ ਥਰੋ ਸਰਕਲ, ਸ਼ਾਟ ਪੁਟ ਰਿੰਗ, ਲੰਬੀ ਛਾਲ ਅਤੇ ਤੀਹਰੀ ਛਾਲ ਲਈ ਟੇਕ ਆਫ ਬੋਰਡ ਅਤੇ ਆਟੋਮੈਟਿਕ ਟਰੈਕ ਕਲੀਨਿੰਗ ਮਸ਼ੀਨ ਵੀ ਲਗਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਸਟੇਡੀਅਮ ਦੀ ਹਰਿਆਲੀ ਅਤੇ ਦਿੱਖ ਨੂੰ ਬਰਕਰਾਰ ਰੱਖਣ ਲਈ ਟਿਊਬਵੈੱਲ ਸਿਸਟਮ, ਪੰਪ ਚੈਂਬਰ ਅਤੇ ਬੂਟੇ ਲਗਾਏ ਜਾਣਗੇ, ਜਿਸ ‘ਤੇ 33.65 ਲੱਖ ਰੁਪਏ ਖਰਚ ਆਉਣਗੇ। ਉਨ੍ਹਾਂ ਕਿਹਾ ਕਿ ਇਹ ਸਾਰੇ ਕੰਮ 30 ਜੂਨ 2023 ਤੱਕ ਮੁਕੰਮਲ ਕਰ ਲਏ ਜਾਣਗੇ।






