ਪੰਜਾਬ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 32 ਬੋਰ ਅਤੇ .30 ਬੋਰ ਦੇ 55 ਪਿਸਟਲ ਬਰਾਮਦ ਕੀਤੇ ਹਨ।
ਫੜੇ ਗਏ ਵਿਅਕਤੀਆਂ ਦੀ ਪਛਾਣ ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਖਰਗੋਨ ਦੇ ਪਿੰਡ ਰਤਵਾ ਦੇ ਭੋਰੇਲਾਲ ਉਰਫ ਮਨੀਸ਼ ਬਡੇ ਅਤੇ ਜ਼ਿਲ੍ਹਾ ਬੁਰਹਾਨਪੁਰ ਦੇ ਪਿੰਡ ਦੱਤ ਪਹਾੜੀ ਦੇ ਕੈਲਾਸ਼ ਮੱਲ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪਿਸਤੌਲ ਦੀ ਇਹ ਖੇਪ ਸੂਬੇ ਦੇ ਗੈਂਗਸਟਰਾਂ ਨੂੰ ਸਪਲਾਈ ਕੀਤੀ ਜਾਣੀ ਸੀ।
ਪੰਜਾਬ ਦੇ ਪੁਲਿਸ ਮੁਖੀ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਦੀ ‘ਕਾਊਂਟਰ ਇੰਟੈਲੀਜੈਂਸ ਯੂਨਿਟ’ ਨੇ ਮੱਧ ਪ੍ਰਦੇਸ਼ ਪੁਲਿਸ ਦੀ ਮਦਦ ਨਾਲ ਦੋਵਾਂ ਨੂੰ ਫੜਿਆ ਹੈ। ਫੜੇ ਗਏ ਦੋਵੇਂ ਵਿਅਕਤੀ ਵੱਡੇ ਪੱਧਰ ‘ਤੇ ਹਥਿਆਰ ਤਿਆਰ ਕਰਕੇ ਪੰਜਾਬ ਦੇ ਨਾਲ-ਨਾਲ ਹੋਰਨਾਂ ਸੂਬਿਆਂ ‘ਚ ਸਪਲਾਈ ਕਰਦੇ ਸਨ।
ਡੀਜੀਪੀ ਨੇ ਦੱਸਿਆ ਕਿ ‘ਕਾਊਂਟਰ ਇੰਟੈਲੀਜੈਂਸ ਯੂਨਿਟ’ ਨੇ ਤਿੰਨ ਹਫ਼ਤੇ ਪਹਿਲਾਂ ਪੰਜਾਬ ਦੇ ਅੰਮ੍ਰਿਤਸਰ ਤੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਚਾਰ ਪਿਸਤੌਲ ਬਰਾਮਦ ਕੀਤੇ ਸਨ, ਜਿਨ੍ਹਾਂ ਦੀ ਨਿਸ਼ਾਨਦੇਹੀ ’ਤੇ ਇਹ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।
15 ਮੈਂਬਰੀ ਟੀਮ ਮੱਧ ਪ੍ਰਦੇਸ਼ ਗਈ ਸੀ
ਡੀਜੀਪੀ ਨੇ ਦੱਸਿਆ ਕਿ ਇਸ ਸਬੰਧ ਵਿੱਚ 10 ਅਗਸਤ ਨੂੰ ਅੰਮ੍ਰਿਤਸਰ ਵਿੱਚ ਭਾਰਤੀ ਦੰਡਾਵਲੀ ਅਤੇ ਆਰਮਡ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਜਾਂਚ ‘ਚ ਸਾਹਮਣੇ ਆਇਆ ਕਿ ਬਰਾਮਦ ਪਿਸਤੌਲ ਉਸ ਨੂੰ ਨਾਜਾਇਜ਼ ਹਥਿਆਰ ਬਣਾਉਣ ਵਾਲਿਆਂ ਨੇ ਦਿੱਤਾ ਸੀ ਅਤੇ ਸ਼ੱਕੀ ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਜ਼ਿਲੇ ਦਾ ਰਹਿਣ ਵਾਲਾ ਸੀ।
ਇਸ ਤੋਂ ਬਾਅਦ ‘ਕਾਊਂਟਰ ਇੰਟੈਲੀਜੈਂਸ ਯੂਨਿਟ’ ਅੰਮ੍ਰਿਤਸਰ ਦੇ ਇੰਸਪੈਕਟਰ ਇੰਦਰਦੀਪ ਸਿੰਘ ਦੀ ਅਗਵਾਈ ਹੇਠ 15 ਮੈਂਬਰੀ ਟੀਮ ਮੰਗਲਵਾਰ ਨੂੰ ਮੱਧ ਪ੍ਰਦੇਸ਼ ਭੇਜੀ ਗਈ ਸੀ ਅਤੇ ਟੀਮ ਨੇ ਵੀਰਵਾਰ ਨੂੰ ਹਥਿਆਰਾਂ ਦੀ ਖੇਪ ਨੂੰ ਟਰੇਸ ਕਰਕੇ ਕਾਬੂ ਕਰ ਲਿਆ।’ ਉਨ੍ਹਾਂ ਦੱਸਿਆ ਕਿ ਕਾਰਵਾਈ ਅਜੇ ਜਾਰੀ ਹੈ। ਇਸ ਦੇ ਨਾਲ ਹੀ ਹੋਰ ਹਥਿਆਰ ਅਤੇ ਗੋਲਾ ਬਾਰੂਦ ਮਿਲਣ ਦੀ ਸੰਭਾਵਨਾ ਹੈ।






