ਚੰਡੀਗੜ੍ਹ- ਪੰਜਾਬ ਦੀ ਆਪ ਸਰਕਾਰ ਦੇ 5 ਮਹੀਨਿਆਂ ਦੇ ਕਾਰਜਕਾਲ ਦੌਰਾਨ 21 ਹਜ਼ਾਰ ਕਰੋੜ ਦਾ ਨਿਵੇਸ਼ ਹੋਇਆ ਹੈ। ਇਸ ਨਿਵੇਸ਼ ਨਾਲ ਸੂਬੇ ਦੇ 93 ਹਜ਼ਾਰ ਨੌਜਵਾਨਾਂ ਲਈ ਨਵੇਂ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਸੂਬੇ ਦੇ ਉਦਯੋਗਿਕ ਵਿਕਾਸ ਨੂੰ ਬੜ੍ਹਾਵਾ ਦੇਣ ਲਈ ਸੂਬੇ ਵਿੱਚ ਹੋਰ ਨਿਵੇਸ਼ ਆਕਰਸ਼ਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਰਵਰੀ 2023 ਵਿੱਚ ਪੰਜਾਬ ਨਿਵੇਸ਼ ਕਾਨਫਰੰਸ ਆਯੋਜਿਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕਾਨਫਰੰਸ ਵਿੱਚ ਦੇਸ਼ ਦੇ ਪ੍ਰਮੁੱਖ ਨਿਵੇਸ਼ਕਾਂ ਨੂੰ ਸੱਦਾ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਨਿਵੇਸ਼ਕਾਂ ਦੀ ਸਹੂਲਤ ਲਈ ਪੰਜਾਬ ਦੇ ਯੂਨੀਫਾਈਡ ਰੈਗੂਲੇਟਰ ਅਤੇ ਸਿੰਗਲ ਵਿੰਡੋ ਸਿਸਟਮ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਿਵੇਸ਼ ਪ੍ਰਾਪਤ ਕਰਨ ਦੀ ਇਸ ਰਫ਼ਤਾਰ ਨੂੰ ਟੁੱਟਣ ਨਹੀਂ ਦੇਣਾ ਚਾਹੀਦਾ ਅਤੇ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਸੂਬਾ ਸਰਕਾਰ ਦੀ ਇਨਵੈਸਟ ਪੰਜਾਬ-ਇਨਵੈਸਟਮੈਂਟ ਪ੍ਰਮੋਸ਼ਨ ਏਜੰਸੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਨਫਰੰਸ ਸੂਬੇ ਦੇ ਵਿਆਪਕ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਸ ਨੂੰ ਨਵੇਂ ਰਾਹ ‘ਤੇ ਲਿਜਾਣ ਲਈ ਅਹਿਮ ਭੂਮਿਕਾ ਨਿਭਾਏਗੀ।
ਉਨ੍ਹਾਂ ਨੇ ਇਨਵੈਸਟ ਪੰਜਾਬ ਨੂੰ ਇਸ ਮਹੱਤਵਪੂਰਨ ਪਲੇਟਫਾਰਮ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਕਿਹਾ ਤਾਂ ਜੋ ਪੰਜਾਬ ਨੂੰ ਭਾਰਤ ਅਤੇ ਦੁਨੀਆ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਮੈਗਾ ਈਵੈਂਟ ਨੂੰ ਸਫਲ ਬਣਾਉਣ ਲਈ ਠੋਸ ਪ੍ਰਬੰਧ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਪੰਜਾਬ ਨੂੰ ਭਾਰਤ ਅਤੇ ਵਿਸ਼ਵ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਕਾਨਫਰੰਸ ਸੂਬੇ ਨੂੰ ਉਦਯੋਗ ਦੇ ਧੁਰੇ ਵਜੋਂ ਉਭਰਨ ਲਈ ਪ੍ਰੇਰਨਾ ਸਰੋਤ ਵਜੋਂ ਕੰਮ ਕਰੇਗੀ।
ਭਗਵੰਤ ਮਾਨ ਨੇ ਇਨਵੈਸਟ ਪੰਜਾਬ ਨੂੰ ਸੰਭਾਵੀ ਨਿਵੇਸ਼ਕਾਂ ਨੂੰ ਕਾਨਫਰੰਸ ਵਿੱਚ ਸੱਦਾ ਦੇਣ ਅਤੇ ਕਾਨਫਰੰਸ ਦੌਰਾਨ ਸੂਬੇ ਦੀਆਂ ਖਾਸੀਅਤਾਂ ਨੂੰ ਦਰਸਾਉਣ ਲਈ ਭਾਰਤ ਦੇ ਸਾਰੇ ਵੱਡੇ ਸ਼ਹਿਰਾਂ ਅਤੇ ਵਿਸ਼ਵ ਪੱਧਰ ’ਤੇ ਰੋਡ ਸ਼ੋਅ ਸਮੇਤ ਪ੍ਰਮੋਸ਼ਨਲ ਆਊਟਰੀਚ ਪ੍ਰੋਗਰਾਮ ਕਰਵਾਉਣ ਲਈ ਵੀ ਨਿਰਦੇਸ਼ ਦਿੱਤੇ।






