ਵਿਰੋਧੀ ਧਿਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਤੇ ਗੰਭੀਰ ਦੋਸ਼ ਲਾਏ ਹਨ। ਕਾਂਗਰਸ ਤੇ ਅਕਾਲੀ ਦਲ ਦਾ ਕਹਿਣਾ ਹੈ ਕਿ ਵੱਧ ਸ਼ਰਾਬ ਪੀਤੀ ਹੋਣ ਕਾਰਨ ਭਗਵੰਤ ਮਾਨ ਨੂੰ ਜਰਮਨੀ ‘ਚ ਫਲਾਈਟ ਤੋਂ ਉਤਾਰਿਆ ਗਿਆ ਸੀ। ਉਨ੍ਹਾਂ ਨੇ ਸਵਾਲ ਕੀਤਾ ਹੈ ਕਿ ਕੀ ਅਰਵਿੰਦ ਕੇਜਰੀਵਾਲ ਵੱਲੋਂ ਇਸ ਉਤੇ ਐਕਸ਼ਨ ਲਿਆ ਜਾਵੇਗਾ।
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਖਿਆ ਹੈ ਕਿ ਜੇਕਰ ਇਹ ਦੋਸ਼ ਸੱਚ ਹਨ ਤਾਂ ਕੇਜਰੀਵਾਲ ਭਗਵੰਤ ਮਾਨ ਖਿਲਾਫ ਐਕਸ਼ਨ ਲੈਣਗੇ। ਉਨ੍ਹਾਂ ਕਿਹਾ ਕਿ ਅਜਿਹੀਆਂ ਖਬਰਾਂ ਪੰਜਾਬ ਨੂੰ ਸ਼ਰਮਸ਼ਾਰ ਕਰਨ ਵਾਲੀਆਂ ਹਨ। ਇਸ ਉਤੇ ਕਾਰਵਾਈ ਹੋਣੀ ਚਾਹੀਦੀ ਹੈ। ਕੀ ਕੇਜਰੀਵਾਲ ਅਜਿਹਾ ਕਰਨਗੇ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਪਰੇਸ਼ਾਨ ਕਰਨ ਵਾਲੀਆਂ ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫਲਾਈਟ ਤੋਂ ਉਤਾਰ ਦਿੱਤਾ ਗਿਆ ਕਿਉਂਕਿ ਉਹ ਬਹੁਤ ਜ਼ਿਆਦਾ ਸ਼ਰਾਬੀ ਸੀ। ਅਤੇ ਇਸ ਨਾਲ 4 ਘੰਟੇ ਦੀ ਫਲਾਈਟ ਲੇਟ ਹੋਈ।
ਉਹ ‘ਆਪ’ ਦੀ ਕੌਮੀ ਕਨਵੈਨਸ਼ਨ ਤੋਂ ਖੁੰਝ ਗਏ। ਇਨ੍ਹਾਂ ਰਿਪੋਰਟਾਂ ਨੇ ਦੁਨੀਆ ਭਰ ਦੇ ਪੰਜਾਬੀਆਂ ਨੂੰ ਸ਼ਰਮਸਾਰ ਕੀਤਾ ਹੈ।
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਰਮਨੀ ਤੋਂ ਵਾਪਸੀ ’ਚ 24 ਘੰਟੇ ਦੀ ਦੇਰੀ ਉਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤਾ ਜਾ ਰਹੇ ਹਨ। ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿੱਚ ਕਰਵਾਏ ਕੌਮੀ ਸੰਮੇਲਨ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਨਿੱਜੀ ਤੌਰ ’ਤੇ ਸ਼ਾਮਲ ਹੋਣ ਦੀ ਬਜਾਏ ਵੀਡੀਓ ਕਾਲ ਰਾਹੀਂ ਹਾਜ਼ਰੀ ਭਰੀ ਹੈ।
ਜ਼ਿਕਰਯੋਗ ਹੈ ਕਿ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਚੁਣੇ ਹੋਏ ਪ੍ਰਤੀਨਿਧਾਂ ਅਤੇ ਸੀਨੀਅਰ ਆਗੂਆਂ ਲਈ ਦਿੱਲੀ ਵਿਚ ਕੌਮੀ ਸੰਮੇਲਨ ਸੱਦਿਆ ਸੀ। ਦਿੱਲੀ ’ਚ ਹੋਏ ਸੰਮੇਲਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨਿੱਜੀ ਤੌਰ ’ਤੇ ਹਾਜ਼ਰ ਨਹੀਂ ਹੋ ਸਕੇ। ਉਨ੍ਹਾਂ ਨੇ ਜਰਮਨੀ ਤੋਂ ਵੀਡੀਓ ਕਾਲ ਰਾਹੀਂ ਪਾਰਟੀ ਆਗੂਆਂ ਨੂੰ ਸੰਬੋਧਨ ਕੀਤਾ।






