ਚੰਡੀਗੜ੍ਹ: ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕ ਰਹੀਆਂ ਹਨ।
ਅੱਜ ਇੱਥੇ ਜਾਰੀ ਬਿਆਨ ਵਿੱਚ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਇੱਕ ਸਾਂਝੀ ਨੀਤੀ ’ਤੇ ਕੰਮ ਕਰ ਰਹੀਆਂ ਹਨ, ਇਸ ਲਈ ਉਹ ਸੜਕਾਂ ’ਤੇ ਅਤੇ ਮੀਡੀਆ ਵਿੱਚ ਡਰਾਮਾ ਕਰਕੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣਾ ਚਾਹੁੰਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਅਤੇ ਭਾਜਪਾ ਦੀ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਲੋਕ ਤੰਗ ਆ ਚੁੱਕੇ ਹਨ। ਹੁਣ ਦੋਵੇਂ ਧਿਰਾਂ ਲੋਕਾਂ ਦਾ ਧਿਆਨ ਭਟਕਾਉਣ ਲਈ ਦੋਸਤਾਨਾ ਮੈਚ ਖੇਡ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੁਸੀਂ ਵਿਧਾਇਕ ਸਰਕਾਰ ਨਾਲ ਖੜ੍ਹੇ ਹੋ ਤਾਂ ਡਰਾਮੇਬਾਜ਼ੀ ਕਰਨ ਦੀ ਬਜਾਏ ਲੋਕਾਂ ਦੇ ਕੰਮ ਕਰਨ।
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਬਚਣ ਲਈ ਹੁਣ ਇਹ ਚਾਲ ਖੇਡ ਰਹੀ ਹੈ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਦੋਵਾਂ ਧਿਰਾਂ ਦੀਆਂ ਕੋਝੀਆਂ ਚਾਲਾਂ ਦਾ ਪਰਦਾਫਾਸ਼ ਕਰਦਿਆਂ ਆਪਣੇ ਹੱਕਾਂ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ।






