ਚੰਡੀਗੜ੍ਹ- ਪੀਐਮ ਮੋਦੀ ਨੇ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ਵਿੱਚ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ ਹੈ। ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਭਤੀਜੇ ਪ੍ਰੋ. ਜਗਮੋਹਨ ਸਿੰਘ ਨੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਫੈਸਲੇ ਦਾ ਸਵਾਗਤ ਕਰਦੇ ਹਾਂ। ਇਹ ਲੰਬੇ ਸਮੇਂ ਤੋਂ ਲੰਬਿਤ ਸੀ ਕਿਉਂਕਿ ਇਹ ਮੁੱਦਾ 2006 ਵਿੱਚ ਉਠਾਇਆ ਗਿਆ ਸੀ। ਸ਼ਹੀਦ ਭਗਤ ਸਿੰਘ ਦੇ 100ਵੇਂ ਜਨਮ ਦਿਨ ਮੌਕੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼ ਕੀਤਾ ਗਿਆ ਸੀ, ਜਿਸ ਵਿੱਚ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਉਨ੍ਹਾਂ ਦੇ ਨਾਂ ’ਤੇ ਰੱਖਣ ਦੀ ਮੰਗ ਕੀਤੀ ਗਈ ਸੀ।
ਨਿਊਜ਼ ਏਜੰਸੀ ਏਐਨਆਈ ਦੀ ਇੱਕ ਖਬਰ ਮੁਤਾਬਕ ਸ਼ਹੀਦ ਭਗਤ ਸਿੰਘ ਦੇ ਭਤੀਜੇ ਪ੍ਰੋ. ਜਗਮੋਹਨ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਹਵਾਈ ਅੱਡੇ ਦੇ ਅੰਦਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਤਸਵੀਰਾਂ ਲਗਾਈਆਂ ਜਾਣ। ਕਿਉਂਕਿ ਸ਼ਹੀਦ ਭਗਤ ਸਿੰਘ ਦੀ ਮਾਂ ਵਿਦਿਆਵਤੀ ਦਾ ਮੰਨਣਾ ਸੀ ਕਿ ਉਨ੍ਹਾਂ ਦਾ ਪੁੱਤਰ ਇਕੱਲਾ ਖੜ੍ਹਾ ਰਹਿਣਾ ਪਸੰਦ ਨਹੀਂ ਹੈ। ਉਨ੍ਹਾਂ ਨੂੰ ਆਪਣੇ ਸਾਥੀਆਂ ਨਾਲ ਰਹਿਣ ਦਿੱਤਾ ਜਾਵੇ।
ਕਾਬਲੇਗੌਰ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਦਾ ਐਲਾਨ ਕੀਤਾ ਹੈ। ਇਸ ਗੱਲ ਦਾ ਐਲਾਨ ਉਨ੍ਹਾਂ ਨੇ ਆਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਵਿੱਚ ਕੀਤਾ। ਲੰਮੇ ਸਮੇਂ ਤੋਂ ਪੰਜਾਬ ਸਰਕਾਰ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਮੰਗ ਕਰ ਰਹੀ ਸੀ। ਸਾਲ 2007 ਵਿੱਚ ਸ਼ਹੀਦ ਭਗਤ ਸਿੰਘ ਦੇ ਜਨਮ ਸ਼ਤਾਬਦੀ ਸਮਾਗਮਾਂ ਮੌਕੇ ਪੰਜਾਬ ਸਰਕਾਰ ਨੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਹਵਾਈ ਅੱਡਾ ਰੱਖਣ ਦਾ ਐਲਾਨ ਕੀਤਾ ਸੀ। ਦੂਜੇ ਪਾਸੇ ਹਰਿਆਣਾ ਸਰਕਾਰ ਇਸ ਹਵਾਈ ਅੱਡੇ ਦਾ ਨਾਂ ਮੰਗਲਸੇਨ ਦੇ ਨਾਂ ’ਤੇ ਰੱਖਣ ਦੀ ਚਾਹਵਾਨ ਸੀ।
ਚੰਡੀਗੜ੍ਹ ਹਵਾਈ ਅੱਡੇ ਦੇ ਨਾਮਕਰਨ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਗਿਆ ਸੀ। ਹਾਈ ਕੋਰਟ ਨੇ ਉਦੋਂ ਦੋਵਾਂ ਰਾਜਾਂ ਦੀਆਂ ਸਰਕਾਰਾਂ ਨੂੰ ਆਪਸੀ ਸਹਿਮਤੀ ਨਾਲ ਮਸਲੇ ਦਾ ਹੱਲ ਕਰਨ ਲਈ ਕਿਹਾ ਸੀ। ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਮੀਟਿੰਗ ਕੀਤੀ ਸੀ। ਜਿਸ ਵਿੱਚ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਦੋਵੇਂ ਸੂਬਾ ਸਰਕਾਰਾਂ ਦਰਮਿਆਨ ਸਮਝੌਤਾ ਹੋਇਆ।






