ਪੰਜਾਬ ਵਿੱਚ ਨਸ਼ਾ ਅਤੇ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਗਿਰੋਹਾਂ ਉੱਤੇ ਪੁਲਿਸ ਦੀ ਪੈਨੀ ਨਜ਼ਰ ਹੈ।ਪੁਲਿਸ ਵੱਲੋਂ ਅਜਿਹੇ ਤਸਕਰਾਂ ਨੂੰ ਕਾਬੂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਨੇ ਇਕ ਹੋਰ ਕ੍ਰਾਸ ਬਾਰਡਰ ਡਰੋਨ ਆਧਾਰਤ ਹਥਿਆਰ ਸਪਲਾਈ ਮਡਿਊਲ ਦਾ ਪਰਦਾਫਾਸ਼ ਹੈ। ਪੁਲਿਸ ਨੇ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਨ੍ਹਾਂ ਤਸਕਰਾਂ ਤੋਂ ਵੱਡੀ ਮਾਤਰਾ ‘ਚ ਹਥਿਆਰ ਅਤੇ ਗੋਲ਼ਾ ਬਾਰੂਦ ਵੀ ਬਰਾਮਦ ਕੀਤਾ ਹੈ। ਇੰਨਾ ਹੀ ਨਹੀਂ ਇਨ੍ਹਾਂ ਤੋਂ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਸੀਆਈ ਦੀ ਟੀਮ ਨੇ ਜਸਕਰਨ ਸਿੰਘ ਅਤੇ ਰਤਨਬੀਰ ਸਿੰਘ ਨੂੰ ਦਸ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਨ ਮਗਰੋਂ ਹਰਚੰਦ ਸਿੰਘ, ਉਸ ਦੇ ਭਰਾ ਸੁਰ ਸਾਹਿਬ ਸਿੰਘ ਤੇ ਸੁਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਤਿੰਨੋਂ ਮੁਲਜ਼ਮ ਤਰਨਤਾਰਨ ਦੇ ਰਹਿਣ ਵਾਲੇ ਹਨ।
ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਦੇ ਇਸ਼ਾਰੇ ‘ਤੇ ਕੰਮ ਕਰਦਾ ਸੀ ਗਿਰੋਹ
ਪੁਲਿਸ ਮੁਤਾਬਕ ਇਹ ਗਿਰੋਹ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਦੇ ਇਸ਼ਾਰੇ ‘ਤੇ ਕੰਮ ਕਰਦਾ ਸੀ ਅਤੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦਾ ਸੀ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇਕ ਐਮਪੀ-4 ਰਾਈਫਲ, 17 ਪਿਸਤੌਲ, 10 ਮੈਗਜ਼ੀਨ, 700 ਗੋਲ਼ਾ ਬਾਰੂਦ, ਇਕ ਕਰੋੜ ਤੋਂ ਜ਼ਿਆਦਾ ਦੀ ਨਕਦੀ ਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਪੰਜਾਬ ਪੁਲਿਸ ਨੇ ਵਧਾਈ ਤਸਕਰਾਂ ਖਿਲਾਫ ਸਰਗਰਮੀ
ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਇਨ੍ਹੀਂ ਦਿਨੀਂ ਸਰਗਰਮੀ ਵਧਾ ਦਿੱਤੀ ਹੈ। ਹਰ ਦਿਨ ਪਾਕਿਸਤਾਨ ਸਮਰਥਿਤ ਮਡਿਊਲਾਂ ਦਾ ਪਰਦਾਫਾਸ਼ ਹੋ ਰਿਹਾ ਹੈ। ਹੁਣ ਤਕ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਡੀਜੀਪੀ ਗੌਰਵ ਯਾਦਵ ਦਾ ਕਹਿਣਾ ਹੈ ਕਿ ਪੁਲਿਸ ਪੰਜਾਬ ਵਿੱਚ ਅਸ਼ਾਂਤੀ ਫੈਲਾਉਣ ਵਾਲਿਆਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ।






