ਅਕਸਰ ਹੀ ਦੇਖਣ ਵਿੱਚ ਆਉਂਦਾ ਹੈ ਕਿ ਲੋਕ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਲਾਹਾ ਲੈਂਦੇ ਹਨ,ਪਰ ਕੁੱਝ ਅਜਿਹੇ ਲੋਕ ਵੀ ਹਨ ਜੋ ਸਰਕਾਰ ਦੀਆਂ ਸਹੂਲਤਾਂ ਦਾ ਨਾਜਾਇਜ਼ ਫਾਇਦਾ ਚੁੱਕਦੇ ਹਨ । ਅਜਿਹਾ ਹੀ ਖੁਲਾਸਾ ਹੋਇਆ ਹੈ ਪੰਜਾਬ ਵਿੱਚ ਜ਼ਰੂਰਤਮੰਦ ਲੋਕਾਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਦੇ ਵਿੱਚ, ਦਰਅਸਲ ਪੰਜਾਬ ਸਰਕਾਰ ਵੱਲੋਂ ਕਰਵਾਏ ਸਰਵੇਖਣ ਵਿੱਚ ਇਹ ਸਾਹਮਣੇ ਆਇਆ ਹੈ ਕਿ ਸੂਬਾ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਪੈਨਸ਼ਨ ਦੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 90,248 ਪੈਨਸ਼ਨ ਲਾਭਪਾਤਰੀਆਂ ਦੀ ਮੌਤ ਹੋ ਗਈ ਹੈ।ਟਾਈਮਸ ਆਫ ਇੰਡੀਆ ਵਿੱਚ ਨਸ਼ਰ ਹੋਈ ਖਬਰ ਵਿੱਚ ਇਸ ਖੁਲਾਸੇ ਦਾ ਜ਼ਿਕਰ ਕੀਤਾ ਗਿਆ ਹੈ।
ਦਰਅਸਲ ਸੂਬਾ ਸਰਕਾਰ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ, “ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਦੇ ਆਦੇਸ਼ਾਂ ‘ਤੇ ਵਿਭਾਗ ਨੇ ਸਰਕਾਰੀ ਖਜ਼ਾਨੇ ਵਿੱਚੋਂ ਵੱਖ-ਵੱਖ ਤਰ੍ਹਾਂ ਦੀਆਂ ਪੈਨਸ਼ਨਾਂ ਲੈਣ ਵਾਲੇ ਪੈਨਸ਼ਨਰਾਂ ਦੀ ਪੜਤਾਲ ਕੀਤੀ।ਜਿਸ ਤੋਂ ਬਾਅਦ ਤਸਦੀਕ ਕੀਤੇ ਗਏ ਵਿਅਕਤੀਆਂ ਵਿੱਚੋਂ 90,248 ਪੈਨਸ਼ਨਰ ਮਰੇ ਹੋਏ ਪਾਏ ਗਏ।”
ਸਮਾਜਿਕ ਸੁਰੱਖਿਆ ਮੰਤਰੀ ਬਲਜੀਤ ਕੌਰ ਦੇ ਹਵਾਲੇ ਨਾਲ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਜੋ ਰਾਸ਼ੀ ਅਜੇ ਤੱਕ ਸਰਕਾਰੀ ਖ਼ਜ਼ਾਨੇ ਵਿੱਚ ਨਹੀਂ ਵੰਡੀ ਗਈ ਹੈ, ਉਹ 21 ਅਕਤੂਬਰ ਤੱਕ ਜਮ੍ਹਾਂ ਕਰਵਾ ਦਿੱਤੀ ਜਾਵੇ।ਦਰਅਸਲ ਸੂਬਾ ਸਰਕਾਰ ਵੱਲੋਂ ਬਜ਼ੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਅੰਗਹੀਣਾਂ ਨੂੰ ਪੈਨਸ਼ਨ ਦਿੱਤੀ ਜਾਂਦੀ ਹੈ।
ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ 4 ਅਗਸਤ ਨੂੰ ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ, ਜਿਸ ਤੋਂ ਬਾਅਦ ਪੜਤਾਲ ਕਰਵਾਈ ਗਈ ਸੀ।ਇਸ ਪੜਤਾਲ ਵਿੱਚ ਇਹ ਸਾਹਮਣੇ ਆਇਆ ਹੈ ਕਿ ਤਸਦੀਕ ਕੀਤੇ ਗਏ ਵਿਅਕਤੀਆਂ ਵਿੱਚੋਂ 90,248 ਪੈਨਸ਼ਨਰਾਂ ਦੀ ਮੌਤ ਹੋ ਚੁੱਕੀ ਹੈ।






