ਚੰਡੀਗੜ੍ਹ- ਦਿੱਲੀ ਦੇ ਮੁਹੱਲਾ ਕਲੀਨਿਕਾਂ ਦੀ ਤਰਜ਼ ‘ਤੇ ਪੰਜਾਬ ‘ਚ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਹਿੱਟ ਹੋ ਰਹੇ ਹਨ। ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਮਰੀਜ਼ਾਂ ਦਾ ਦੋ ਮਹੀਨਿਆਂ ਦਾ ਡਾਟਾ ਪੇਸ਼ ਕਰਦਿਆਂ ਦੱਸਿਆ ਕਿ ਸਿਰਫ਼ ਦੋ ਮਹੀਨਿਆਂ ਵਿੱਚ ਹੀ ਆਮ ਆਦਮੀ ਦੇ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਤਿੰਨ ਲੱਖ ਨੂੰ ਪਾਰ ਕਰ ਗਈ ਹੈ। ਦੱਸ ਦਈਏ ਕਿ ਅੱਜ ਕੈਬਨਿਟ ਮੰਤਰੀ ਨੇ ਪ੍ਰੈਸ ਕਾਨਫਰੰਸ ਕੀਤੀ, ਜਿਸ ਵਿੱਚ ਉਨ੍ਹਾ ਕਿਹਾ ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਚਾਰ ਤੱਕ ਪਹੁੰਚ ਗਈ ਹੈ।
ਜੌੜੇਮਾਜਰਾ ਨੇ ਦੱਸਿਆ ਕਿ ਇਨ੍ਹਾਂ 100 ਕਲੀਨਿਕਾਂ ਤੋਂ ਰੋਜ਼ਾਨਾ ਸੱਤ ਹਜ਼ਾਰ ਤੋਂ ਵੱਧ ਆਮ ਲੋਕ ਸਿਹਤ ਸਹੂਲਤਾਂ ਦਾ ਲਾਭ ਲੈ ਰਹੇ ਹਨ। ਇਹ ਕਲੀਨਿਕ ਉਨ੍ਹਾਂ ਮਰੀਜ਼ਾਂ ਲਈ ਵਰਦਾਨ ਸਾਬਤ ਹੋਏ ਹਨ, ਖਾਸ ਤੌਰ ‘ਤੇ ਓ.ਪੀ.ਡੀ ਸੇਵਾਵਾਂ ਦੀ ਲੋੜ ਵਾਲੇ ਮਰੀਜ਼ਾਂ ਲਈ, ਜੋ ਹੁਣ ਤੱਕ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਹੋਣ ਦੇ ਡਰ ਕਾਰਨ ਸਰਕਾਰੀ ਸਿਹਤ ਸਹੂਲਤਾਂ ਦਾ ਲਾਭ ਨਹੀਂ ਲੈ ਰਹੇ ਸਨ।
ਸਿਹਤ ਮੰਤਰੀ ਨੇ ਦੱਸਿਆ ਕਿ 15 ਅਗਸਤ ਤੋਂ 15 ਅਕਤੂਬਰ 2022 ਤੱਕ ਮਰੀਜ਼ਾਂ ਦੀ ਗਿਣਤੀ 3,47,193 ਤੱਕ ਪਹੁੰਚ ਗਈ ਹੈ ਅਤੇ ਹੁਣ ਤੱਕ 45,570 ਕਲੀਨਿਕਲ ਟੈਸਟ ਕੀਤੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਉਪਰਾਲਾ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆ ਰਿਹਾ ਹੈ। ਇਨ੍ਹਾਂ ਕਲੀਨਿਕਾਂ ਤੋਂ 90 ਫੀਸਦੀ ਮਰੀਜ਼ਾਂ ਨੂੰ ਇਲਾਜ ਦੀ ਸਹੂਲਤ ਮਿਲ ਰਹੀ ਹੈ, ਜਿਸ ਨਾਲ ਹਸਪਤਾਲਾਂ ’ਤੇ ਬੋਝ ਘੱਟ ਗਿਆ ਹੈ।
ਜੋੜਾਮਾਜਰਾ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵੱਲੋਂ 100 ਕਿਸਮ ਦੀਆਂ ਦਵਾਈਆਂ ਅਤੇ 41 ਕਿਸਮਾਂ ਦੀਆਂ ਮੁੱਢਲੀਆਂ ਲੈਬ ਟੈਸਟਿੰਗ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਐਸ.ਏ.ਐਸ.ਨਗਰ ਸਮੂਹ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਪੱਖ ਵਿੱਚ ਮੋਹਰੀ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਏ ਤਾਜ਼ਾ ਅੰਕੜਿਆਂ ਅਨੁਸਾਰ ਐਸ.ਏ.ਐਸ.ਨਗਰ ਵਿੱਚ ਹੁਣ ਤੱਕ ਕੁੱਲ 51,000 ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ 6,442 ਲੈਬ ਟੈਸਟ ਕੀਤੇ ਜਾ ਚੁੱਕੇ ਹਨ, ਜਦਕਿ ਜ਼ਿਲ੍ਹਾ ਲੁਧਿਆਣਾ ਨੇ 41,792 ਮਰੀਜ਼ਾਂ ਅਤੇ 4,435 ਕਲੀਨਿਕਲ ਟੈਸਟਾਂ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਜ਼ਿਲ੍ਹਾ ਅੰਮ੍ਰਿਤਸਰ ਨੇ 29,440 ਮਰੀਜ਼ਾਂ ਅਤੇ 3,622 ਕਲੀਨਿਕਲ ਟੈਸਟਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ।






