ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਦੋ ਦਿਨਾਂ ਸਮਾਗਮਾਂ ਦੀ ਸ਼ੁਰੂਆਤ ਖਾਲਸਾਈ ਜਾਹੋ-ਜਲਾਲ ਨਾਲ ਹੋਈ। ਇਸ ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇੇ ਸਿੱਖ ਮਿਸ਼ਨਰੀ ਕਾਲਜਾਂ ਅਤੇ ਗੁਰਮਤਿ ਵਿਦਿਆਲਿਆਂ ਦੇ ਵਿਦਿਆਰਥੀਆਂ ਨੇ ਸਮੂਹਿਕ ਰੂਪ ਵਿੱਚ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕਰਕੇ ਅਲੌਕਿਕ ਦ੍ਰਿਸ਼ ਸਿਰਜਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸਕੂਲਾਂ ਕਾਲਜਾਂ ਦੇ ਵਿਦਿਆਰਥੀ ਮੌਜੂਦ ਸਨ। ਸਮਾਗਮਾਂ ਦੇ ਪਹਿਲੇ ਦਿਨ ਵੱਖ-ਵੱਖ ਅਦਾਰਿਆਂ ਦੇ ਵਿਦਿਆਰਥੀਆਂ ਨੇ ਸਾਕਾ ਸ੍ਰੀ ਪੰਜਾ ਸਾਹਿਬ ਦੇ ਇਤਿਹਾਸ ਨਾਲ ਸਬੰਧਤ ਭਾਸ਼ਣ, ਕਵਿਤਾ, ਕਵੀਸ਼ਰੀ ਅਤੇ ਢਾਡੀ ਵਾਰਾਂ ਰਾਹੀਂ ਹਾਜ਼ਰੀ ਭਰੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ਦੌਰਾਨ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦਾ ਇਤਿਹਾਸ ਸਾਂਝਾ ਕਰਦਿਆਂ ਸੰਗਤਾਂ ਨੂੰ ਇਸ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਸਿੱਖ ਕੌਮ ਦੇ ਇਤਿਹਾਸ ਅੰਦਰ ਸਾਕੇ ਅਤੇ ਮੋਰਚੇ ਖਾਸ ਮਹੱਤਵ ਰੱਖਦੇ ਹਨ, ਕਿਉਂਕਿ ਇਹ ਬਿਖੜੇ ਸਮਿਆਂ ਵਿਚ ਕੀਤੇ ਗਏ ਸਿੱਖ ਸੰਘਰਸ਼ ਦੀ ਕਹਾਣੀ ਬਿਆਨਦੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਤੋਂ ਨਵੀਂ ਪੀੜ੍ਹੀ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਲਗਾਤਾਰ ਯਤਨਸ਼ੀਲ ਹੈ। ਇਸੇ ਤਹਿਤ ਹੀ ਸ਼ਤਾਬਦੀ ਸਮਾਗਮਾਂ ਦਾ ਪਹਿਲਾ ਦਿਨ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਰਾਤਨ ਸਿੱਖਾਂ ਵੱਲੋਂ ਆਪਣੀਆਂ ਸ਼ਹਾਦਤਾਂ ਦੇ ਕੇ ਸਿਰਜਿਆ ਗਿਆ ਇਤਿਹਾਸ ਸਿੱਖ ਕੌਮ ਦਾ ਹਾਸਲ ਹੈ, ਜਿਸ ਦੀ ਰੋਸ਼ਨੀ ਵਿੱਚ ਹੀ ਨਵੀਂ ਪੀੜ੍ਹੀ ਨੂੰ ਸਿੱਖੀ ਪ੍ਰਤੀ ਦ੍ਰਿੜ੍ਹਤਾ ਦੀ ਅਗਵਾਈ ਮਿਲਦੀ ਹੈ।
ਇਸ ਮੌਕੇ ਐਡਵੋਕੇਟ ਧਾਮੀ ਨੇ ਐਲਾਨ ਕੀਤਾ ਕਿ ਜਿਹੜੇ ਵੀ ਵਿਦਿਅਕ ਅਦਾਰੇ ਅੰਮ੍ਰਿਤ ਛਕੋ ਸਿੰਘ ਸਜੋ ਲਹਿਰ ਨੂੰ ਪ੍ਰਫੁੱਲਤ ਕਰਨ ਵਿਚ ਵਧੀਆ ਕਾਰਗੁਜਾਰੀ ਦਖਾਉਣਗੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਦਿੱਤਾ ਜਾਵੇਗਾ।






