ਸ੍ਰੀ ਮੁਕਤਸਰ ਸਾਹਿਬ- ਸ੍ਰੀ ਮੁਕਤਸਰ ਸਾਹਿਬ ਪੁਲੀਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਛੇ ਦਿਨ ਦਾ ਰਿਮਾਂਡ ਪੂਰਾ ਹੋਣ ‘ਤੇ ਸ੍ਰੀ ਮੁਕਤਸਰ ਸਾਹਿਬ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਉਥੇ ਹੀ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਮਿਲਿਆ। ਲਾਰੈਂਸ ਨੂੰ 16 ਦਸੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮੁੜ ਪੇਸ਼ ਕੀਤਾ ਜਾਵੇਗਾ। ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਅਜ 8 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ ਜਿਸਤੇ ਮਾਨਯੋਗ ਅਦਾਲਤ ਵੱਲੋਂ ਤਿੰਨ ਦਿਨ ਦਾ ਰਿਮਾਂਡ ਦੇ ਦਿੱਤਾ ਗਿਆ।
ਦੱਸ ਦੇਈਏ ਸ੍ਰੀ ਮੁਕਤਸਰ ਸਾਹਿਬ ਪੁਲਿਸ ਲਾਰੈਂਸ ਬਿਸ਼ਨੋਈ ਗੈਂਗਸ਼ਟਰ ਨੂੰ 2021 ਦੇ ਇਕ ਫਿਰੌਤੀ ਦੇ ਮਾਮਲੇ ਵਿਚ ਲੈ ਕੇ ਆਈ ਹੈ। ਦਸ ਦੇਈਏ ਕਿ 22 ਮਾਰਚ 2021 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇਕ ਵਿਅਕਤੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ 3 ਨੰਬਰਾਂ ਤੋਂ ਕਾਲ ਕਰਕੇ ਉਸਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਅਤੇ ਧਮਕੀ ਦਿੱਤੀ ਜਾ ਰਹੀ ਕਿ ਜੇਕਰ ਉਹਨਾਂ ਨੂੰ 30 ਲੱਖ ਨਾ ਦਿੱਤਾ ਤਾਂ ਬੇਟੇ ਨੂੰ ਮਾਰ ਦਿੱਤਾ ਜਾਵੇਗਾ। ਧਮਕੀ ਦੇਣ ਵਾਲਾ ਖੁਦ ਨੂੰ ਲਾਰੈਂਸ ਬਿਸ਼ਨੋਈ ਦਸ ਰਿਹਾ ਅਤੇ 21 ਮਾਰਚ ਨੂੰ ਉਸਨੂੰ ਧਮਕੀ ਦੇਣ ਵਾਲੇ ਵਿਅਕਤੀ ਨੇ ਕਿਹਾ ਕਿ 23 ਮਾਰਚ ਨੂੰ ਉਹ ਫਰੀਦਕੋਟ ਪੇਸ਼ੀ ਤੇ ਆ ਰਿਹਾ ਉਸ ਤੋਂ ਪਹਿਲਾ ਉਸਨੂੰ ਫਿਰੌਤੀ ਦਿੱਤੀ ਜਾਵੇ। ਇਸ ਸਬੰਧੀ ਪੁਲਿਸ ਨੇ ਉਸ ਸਮੇਂ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 387, 506 ਤਹਿਤ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਸੀ।
ਇਸ ਮਾਮਲੇ ‘ਚ ਦਮਨਪ੍ਰੀਤ ਨਾਮ ਦੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜੋ ਹੁਣ ਜਮਾਨਤ ਤੇ ਹੈ ਅਤੇ ਹੁਣ ਲਾਰੈਂਸ ਬਿਸ਼ਨੋਈ ਨੂੰ ਪੁਲਿਸ ਪੁੱਛਗਿੱਛ ਲਈ ਲੈ ਕੇ ਆਈ ਹੈ। ਇਸੇ ਮਾਮਲੇ ਵਿਚ ਬੀਤੇ ਦਿਨੀਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਗੈਂਗਸ਼ਟਰ ਗੁਰਪ੍ਰੀਤ ਸਿੰਘ ਗੋਪੀ ਨੂੰ ਵੀ ਪੁੱਛਗਿੱਛ ਲਈ ਲਿਆਂਦਾ ਗਿਆ ਸੀ।






