ਪੰਜਾਬ ਸਰਕਾਰ ਦੇ ਵੱਲੋਂ ਐੱਨ.ਆਰ.ਆਈ. ਪੰਜਾਬੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਨ ਦੇ ਲਈ ‘ਐੱਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ਪ੍ਰੋਗਰਾਮ ਚਲਾਇਆ ਜਾ ਰਿਹਾ ਹੈ । ਜਿਸ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿ ਲ੍ਹਿਆਂ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਐੱਨ.ਆਰ.ਆਈ. ਪੰਜਾਬੀਆਂ ਦੀਆਂ ਮੁਸ਼ਕਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦਾ ਹੱਲ ਵੀ ਕੀਤਾ ਜਾ ਰਿਹਾ ਹੈ।
ਇਸੇ ਹੀ ਲੜੀ ਦੌਰਾਨ 30 ਦਸੰਬਰ 2022 ਨੂੰ ਅੰਮ੍ਰਿਤਸਰ ਵਿੱਚ ਪੰਜਾਬ ਸਰਕਾਰ ਵੱਲੋਂ ‘ਐੱਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੱਤੀ ਹੈ । ਉਨ੍ਹਾਂ ਨੇ ਦੱਸਿਆ ਕਿ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਾਮਲਿਆਂ ਦੀ 30 ਦਸੰਬਰ 2022 ਨੂੰ ਸੁਣਵਾਈ ਕਰ ਕੇ ਉਨਾਂ ਦਾ ਹੱਲ ਕੀਤਾ ਜਾਵੇਗਾ।ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀ ਆਨਲਾਈਨ ਜਾਂ ਮੌਕੇ ’ਤੇ ਵੀ ਆਪਣੀ ਰਜਿਸਟਰੇਸ਼ਨ ਕਰਵਾ ਵੀ ਸਕਦੇ ਹਨ।
ਇਸ ਦੇ ਨਾਲ ਹੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਦਾ ਮਿੱਥੇ ਸਮੇਂ ਵਿੱਚ ਨਿਪਟਾਰਾ ਕਰਨ ਦੇ ਲਈ ਪੰਜਾਬ ਸਰਕਾਰ ਦੇ ਵੱਲੋਂ ਵਿਸ਼ੇਸ਼ ਨੀਤੀ ਤਿਆਰ ਕੀਤੀ ਜਾ ਰਹੀ ਹੈ।ਉਨਾਂ ਦੱਸਿਆ ਕਿ ਐੱਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਤੇ ਉਨ੍ਹਾਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਹਰ ਸਾਲ ਦਸੰਬਰ ਅਤੇ ਅਪ੍ਰੈਲ ਦੇ ਮਹੀਨੇ ਵਿੱਚ ਦੋ ਵਾਰ ਐੱਨ.ਆਰ.ਆਈ. ਮਿਲਣੀ ਸਮਾਗਮ ਕਰਵਾਏ ਜਾਣਗੇ।
ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਦੱਸਿਆ ਕਿ ਕਿ ਪ੍ਰਵਾਸੀ ਪੰਜਾਬੀਆਂ ਨੂੰ ਸਰਕਾਰੀ ਦਫਤਰਾਂ, ਸਕੱਤਰੇਤਾਂ ਵਿੱਚ ਮੰਤਰੀਆਂ ਦੇ ਦਫ਼ਤਰਾਂ ਵਿੱਚ ਖੱਜਲ ਖੁਆਰੀ ਤੋਂ ਬਚਾਉਣ ਦੇ ਲਈ ਸਰਕਾਰ ਨੇ ਫੈਸਲਾ ਕੀਤਾ ਕਿ ਸਰਕਾਰ ਖੁਦ ਪ੍ਰਵਾਸੀ ਪੰਜਾਬੀਆਂ ਦੇ ਜ਼ਿਲ੍ਹਿਆਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰੇਗੀ।
ਧਾਲੀਵਾਲ ਨੇ ਦੱਸਿਆ ਕਿ ਇਸ ਤਹਿਤ ਜ਼ਿਲ੍ਹਾ ਜਲੰਧਰ ਵਿੱਚ 16 ਦਸੰਬਰ ਨੂੰ ਕੀਤੇ ਗਏ ਪ੍ਰੋਗਰਾਮ ਵਿੱਚ 160 ਮਾਮਲੇ, 19 ਦਸੰਬਰ ਨੂੰ ਐਸ.ਏ.ਐਸ. ਨਗਰ (ਮੁਹਾਲੀ) ਵਿਖੇ 74 ਮਾਮਲੇ ਅਤੇ 23 ਦਸੰਬਰ ਨੂੰ ਲੁਧਿਆਣਾ ਵਿਖੇ 170 ਮਾਮਲੇ ਅਤੇ 26 ਦਸੰਬਰ ਨੂੰ ਮੋਗਾ ਵਿਖੇ 120 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਗਈ ਹੈ।ਹੁਣ 30 ਦਸੰਬਰ 2022 ਨੂੰ ਅੰਮ੍ਰਿਤਸਰ ਵਿਖੇ ‘ਐੱਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ ਜਿਸ ਤਹਿਤ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ।






