ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਸਾਲ 2022 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਵੱਖ-ਵੱਖ ਮਾਮਲਿਆਂ ਨੂੰ ਹੱਲ ਕਰਨ ਲਈ ਸਾਰਥਕ ਕਦਮ ਚੁੱਕੇ ਹਨ, ਜਿਸ ਨਾਲ ਪ੍ਰਵਾਸੀ ਪੰਜਾਬੀਆਂ ਨੂੰ ਰਾਹਤ ਮਿਲੀ ਹੈ। ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਨ.ਆਰ.ਆਈ. ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਹੱਲ ਕਰਨ ਲਈ ਜਲੰਧਰ, ਐਸ.ਏ.ਐਸ ਨਗਰ, ਲੁਧਿਆਣਾ, ਮੋਗਾ ਅਤੇ ਅੰਮਿ੍ਤਸਰ ਵਿਖੇ ਕ੍ਰਮਵਾਰ 16, 19, 23, 26 ਅਤੇ 30 ਦਸਬੰਰ ਨੂੰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਕੀਤੇ, ਜਿਸ ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤੁਰੰਤ ਹੱਲ ਅਤੇ ਬਕਾਇਆ ਮੁੱਦਿਆਂ ਨੂੰ ਨਿਰਧਾਰਤ ਸਮਾਂ ਸੀਮਾ ਤਹਿਤ ਹੱਲ ਕਰਨ ਲਈ ਕਿਹਾ।
ਫਾਸਟ ਟ੍ਰੈਕ ਅਦਾਲਤਾਂ ਸਥਾਪਿਤ
ਧਾਲੀਵਾਲ ਨੇ ਦੱਸਿਆ ਕਿ 15 ਐਨ.ਆਰ.ਆਈ. ਪੁਲੀਸ ਥਾਣਿਆਂ ਨੂੰ ਅਪਗਰੇਡ ਕਰਨ ਲਈ ਪ੍ਰਤੀ ਥਾਣਾ 2 ਲੱਖ ਰੁਪਏ ਅਤੇ ਕੁੱਲ 30 ਲੱਖ ਰੁਪਏ ਛੇਤੀ ਹੀ ਜਾਰੀ ਕੀਤੇ ਗਏ ਤਾਂ ਜੋ ਉੱਥੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ ਪੰਜਾਬ ‘ਚ ਪ੍ਰਵਾਸੀ ਪੰਜਾਬੀ ਭਾਰਤੀਆਂ ਦੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਜਲਦ ਹੀ ਫਾਸਟ ਟ੍ਰੈਕ ਅਦਾਲਦਤਾਂ ਸਥਾਪਿਤ ਕੀਤੀਆਂ ਜਾਣਗੀਆਂ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਿਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੀ.ਸੀ.ਐਸ. ਲੈਵਲ ਦੇ ਅਧਿਕਾਰੀ ਨੋਡਲ ਅਫ਼ਸਰ ਵਜੋਂ ਤਾਇਨਾਤ ਦਾ ਫੈਸਲਾ ਵੀ ਕੀਤਾ ਗਿਆ ਤਾਂ ਜੋ ਸਬੰਧਤਾਂ ਦੇ ਮਸਲਿਆਂ ਤੇ ਸ਼ਿਕਾਇਤਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਛੇਤੀ ਤੋਂ ਛੇਤੀ ਹੱਲ ਕੀਤਾ ਜਾ ਸਕੇ।
ਪ੍ਰਵਾਸੀ ਪੰਜਾਬੀਆਂ ਦੀ ਭਾਗੀਦਾਰੀ ਲਈ ‘’ਆਪਣੀਆਂ ਜੜ੍ਹਾਂ ਨਾਲ ਜੁੜੋ”
ਧਾਲੀਵਾਲ ਨੇ ਅੱਗੇ ਦੱਸਿਆ ਕਿ ਵਿਭਾਗ ਨੇ ਪੰਜਾਬ ਦੇ ਵਿਕਾਸ ਵਿੱਚ ਪ੍ਰਵਾਸੀ ਪੰਜਾਬੀਆਂ/ ਭਾਰਤੀਆਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਵਿੱਚ ਉਨ੍ਹਾਂ ਦੀਆਂ ਜੜ੍ਹਾਂ ਅਤੇ ਮਾਤ ਭੂਮੀ ਦੇ ਪੋਸ਼ਣ ਕਰਨ ਲਈ ‘’ਆਪਣੀਆਂ ਜੜ੍ਹਾਂ ਨਾਲ ਜੁੜੋ” ਸਕੀਮ ਸ਼ੁਰੂ ਕੀਤੀ ਹੈ। ਇਸ ਸਕੀਮ ਤਹਿਤ 16 ਤੋਂ 22 ਸਾਲ ਦੀ ਉਮਰ ਦੇ ਨੌਜਵਾਨਾਂ ਨੂੰ ਪੰਜਾਬ ਆ ਕੇ ਆਪਣੇ ਵਤਨ ਨਾਲ ਜੁੜਨ ਅਤੇ ਇੱਥੋਂ ਦੇ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ।






