ਕੌਮੀ ਅਨਸੂਚਿਤ ਜਾਤੀ ਕਮਿਸ਼ਨ ਵੱਲੋਂ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ ਖਿਲਾਫ ਜਾਰੀ ਕੀਤੇ ਆਪਣੇ ਹੁਕਮ ਵੀਰਵਾਰ ਨੂੰ ਵਾਪਸ ਲੈ ਲਏ ਹਨ। ਦਰਅਸਲ ਕੌਮੀ ਅਨਸੂਚਿਤ ਜਾਤੀ ਕਮਿਸ਼ਨ ਦੇ ਵੱਲੋਂ 6 ਜਨਵਰੀ 2023 ਨੂੰ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ ਨੂੰ ਗ੍ਰਿਫ਼ਤਾਰ ਕਰ ਕੇ ਕਮਿਸ਼ਨ ਦੇ ਸਾਹਮਣੇ ਪੇਸ਼ ਕਰਨ ਸਬੰਧੀ ਹੁਕਮ ਜਾਰੀ ਕੀਤੇ ਸਨ । ਕਮਿਸ਼ਨ ਵੱਲੋ ਵੀਰਵਾਰ ਨੂੰ ਜਾਰੀ ਕੀਤੇ ਨਵੇਂ ਹੁਕਮਾਂ ਦੇ ਮੁਤਾਬਕ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ ਪਹਿਲਾਂ ਤੋਂ ਹੀ ਨਿਰਧਾਰਿਤ ਤਾਰੀਖ ਨੂੰ ਬਗੈਰ ਪੁਲਿਸ ਕਾਰਵਾਈ ਦੇ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣਗੇ।
ਜ਼ਿਕਰਯੋਗ ਹੈ ਕਿ ਸਾਲ 2010 ਵਿੱਚ ਜੂਨੀਅਰ ਅਤੇ ਜਨਰਲ ਕੈਟਾਗਰੀ ਦੇ ਪ੍ਰਿੰਸੀਪਲਾਂ ਨੂੰ ਸਿੱਖਿਆ ਅਧਿਕਾਰੀ/ਪ੍ਰਿੰਸੀਪਲ ਵਜੋਂ ਨਿਯੁਕਤ ਕਰਨ ਦੇ ਮਾਮਲੇ ਵਿੱਚ ਸੁਣਵਾਈ ਲਈ ਸੰਮਨ ਜਾਰੀ ਹੋਣ ਦੇ ਬਾਵਜੂਦ ਪ੍ਰਿੰਸੀਪਲ ਸਕੱਤਰ (ਸਕੂਲ ਸਿੱਖਿਆ) ਜਸਪ੍ਰੀਤ ਤਲਵਾੜ ਸੁਣਵਾਈ ਦੌਰਾਨ 2.1.2023 ਨੂੰ ਹਾਜ਼ਰ ਨਹੀਂ ਹੋਏ ਸਨ। ਇਸੇ ਲਈ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਨੇ ਸਖ਼ਤ ਰਵੱਈਆ ਦਿਖਾਉਂਦੇ ਹੋਏ ਪ੍ਰਿੰਸੀਪਲ ਸਕੱਤਰ (ਸਕੂਲ ਸਿੱਖਿਆ) ਜਸਪ੍ਰੀਤ ਤਲਵਾੜ ਦੇ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਡਾਇਰੈਕਟਰ ਜਨਰਲ ਪੁਲਿਸ ਨੂੰ ਹੁਕਮ ਜਾਰੀ ਕਰ ਦਿੱਤੇੇ ਸਨ।ਪਰ ਹੁਣ ਵੀਰਵਾਰ ਨੂੰ ਇਹ ਹੁਕਮ ਵਾਪਸ ਲੈ ਲਏ ਹਨ।






