ਜਗਰਾਉਂ- ਅੱਜ ਮਰਹੂਮ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਪਹਿਲੀ ਬਰਸੀ ਮਨਾਈ ਜਾ ਰਹੀ ਹੈ। ਇਸ ਮੌਕੇ ਦੀਪ ਸਿੱਧੂ ਦੇ ਪਰਿਵਾਰ ਤੇ ਚਾਹੁਣ ਵਾਲੇ ਉਸ ਨੂੰ ਯਾਦ ਕਰਕੇ ਭਾਵੁਕ ਹੋਏ। ਮਸਤੂਆਣਾ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਦੀਪ ਸਿੱਧੂ ਦੀ ਪਹਿਲੀ ਬਰਸੀ ਮਨਾਈ ਗਈ। ਇਸ ਮੌਕੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਸ਼ਿਰਕਤ ਕੀਤੀ। ਦੀਪ ਸਿੱਧੂ ਦੀ ਬਰਸੀ ਉਤੇ ਬਲਕੌਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੀਪ ਸਿੱਧੂ ਨੂੰ ਦਿੱਲੀ ਮੋਰਚਾ ਜਿੱਤਣ ਦੀ ਵੱਡੀ ਕੀਮਤ ਚੁਕਾਉਣੀ ਪਈ ਹੈ। ਹਕੂਮਤ ਖਿਲਾਫ ਸਿਰ ਚੁੱਕਣ ਵਾਲੇ ਨੂੰ ਮਰਵਾ ਦਿੱਤਾ ਜਾਂਦਾ ਹੈ। ਕਿਸੇ ਨੂੰ ਗੋਲੀ ਤਾਂ ਕਿਸੇ ਦਾ ਐਕਸੀਡੈਂਟ ਕਰਵਾਇਆ ਜਾਂਦਾ ਹੈ।
ਇਸ ਮੌਕੇ ਐਮਪੀ ਸਿਮਰਨਜੀਤ ਸਿੰਘ ਮਾਨ ਨੇ ਕਿਹਾ, ‘ਦੀਪ ਸਿੱਧੂ ਦੀ ਮੌਤ ਸ਼ੱਕ ਦੇ ਘੇਰੇ ਵਿੱਚ ਹੈ। ਇਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਜੇ ਕੇਂਦਰ ਸਰਕਾਰ ਸਾਡੀ ਇਸ ਮੰਗ ਨੂੰ ਨਹੀਂ ਮੰਨਦੀ ਤਾਂ ਅਸੀਂ ਯੂਐਨ ਤੱਕ ਵੀ ਇਹ ਮੁੱਦਾ ਚੁੱਕਾਂਗੇ।’
ਇਸ ਮੌਕੇ ਵਾਰਿਸ ਪੰਜਾਬ ਦੀ ਜਥੇਦਾਰੀ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਨੇ ਅਦਾਕਾਰ ਦੀਪ ਸਿੱਧੂ ਦੀ ਪਹਿਲੀ ਬਰਸੀ ਉੱਪਰ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਦੀਪ ਸਿੱਧੂ ਦੀ ਮੌਤ ਨੂੰ ਸ਼ਹੀਦੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਜਿਸ਼ ਕਰਕੇ ਦੀਪ ਸਿੱਧੂ ਨੂੰ ਸ਼ਹੀਦ ਕੀਤਾ ਹੈ। ਹਾਲਾਂਕਿ ਉਨ੍ਹਾਂ ਨੇ ਰੀਨਾ ਰਾਏ ਦੇ ਬਿਆਨ ਨੂੰ ਨਿੱਜੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਸਾਜਿਸ਼ਾਂ ਨੂੰ ਸਮਝਣਾ ਔਖਾ ਹੁੰਦਾ ਹੈ।
ਦੱਸ ਦੇਈਏ ਕਿ ਦੀਪ ਸਿੱਧੂ ਦੀ ਬਰਸੀ ਜਗਰਾਉਂ ਵਿਖੇ ਮਨਾਈ ਗਈ। ਉਨ੍ਹਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਵੇਰੇ 10 ਵਜੇ ਤੋਂ ਬਾਅਦ ਭੋਗ ਪਾਏ ਗਏ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੋਂ ਇਲਾਵਾ ਸਿਮਰਨਜੀਤ ਸਿੰਘ ਮਾਨ, ਬਾਬਾ ਮੋਰਾਂਵਾਲੀ, ਲੱਖਾ ਸਿਧਾਣਾ ਨੇ ਵੀ ਸਿਰਕਤ ਕੀਤੀ।






