ਬੰਦੀ ਸਿੰਘਾਂ ਦੀ ਰਿਹਾਈ ਲਈ ਵਿੱਢੇ ਸੰਘਰਸ਼ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਚਲਾਈ ਜਾ ਰਹੀ ਦਸਤਖ਼ਤ ਮੁਹਿੰਮ ਦੇ ਦੂਜੇ ਪੜਾਅ ਦੀ ਆਰੰਭਤਾ ਮੌਕੇ ਸ਼ਨਿਚਰਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੇ ਫ਼ਾਰਮ ‘ਤੇ ਦਸਤਖ਼ਤ ਕਰ ਕੇ ਕੇਂਦਰ ਅਤੇ ਸੂਬਿਆਂ ਦੀਆਂ ਸਰਕਾਰਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਪੁਰਜ਼ੋਰ ਅਪੀਲ ਕੀਤੀ।
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਦਸਤਖ਼ਤ ਮੁਹਿੰਮ ‘ਚ ਹਿੱਸਾ ਲੈਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਨਿਚਰਵਾਰ ਨੂੰ ਪਿੰਡ ਬਾਦਲ ਦੇ ਗੁਰੂਘਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੇ ਫ਼ਾਰਮ ‘ਤੇ ਦਸਤਖ਼ਤ ਕਰਕੇ ਕੇਂਦਰ ਅਤੇ ਸੂਬਿਆਂ ਦੀਆਂ ਸਰਕਾਰਾਂ ਨੂੰ ਪੰਥ ਦੇ ਜਜ਼ਬਾਤਾਂ ਦੀ ਕਦਰ ਕਰਦਿਆਂ ਆਪਣੀਆਂ ਸਜਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਜੇਲ੍ਹਾਂ ‘ਚੋਂ ਰਿਹਾ ਕਰਨ ਲਈ ਅਪੀਲ ਕੀਤੀ। ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਵਰਕਰ ਅਤੇ ਅਹੁਦੇਦਾਰ ਸਾਹਿਬਾਨਾਂ ਨੂੰ ਇਸ ਮੁਹਿੰਮ ਨੂੰ ਘਰ-ਘਰ ਪਹੁੰਚਾ ਕੇ ਆਉਂਦੀ ਵਿਸਾਖੀ ਤੱਕ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਵੀ ਜਿੰਮੇਵਾਰੀਆਂ ਸੌਂਪੀਆਂ।







