ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ ਪ੍ਰੀਖਿਆਵਾਂ ਦੀ ਸ਼ੁਰੂਆਤ ਭਲਕੇ ਸੋਮਵਾਰ ਤੋਂ 12 ਵੀ ਸ਼੍ਰੇਣੀ ਦੀ ਪ੍ਰੀਖਿਆ ਨਾਲ ਹੋ ਰਹੀ ਹੈ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ 12ਵੀ ਸ਼੍ਰੇਣੀ ਦੀ ਪ੍ਰੀਖਿਆ ਵਿੱਚ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਦੀ ਗਿਣਤੀ 299744 ਹੈ। ਇਸੇ ਤਰ੍ਹਾਂ ਓਪਨ ਪ੍ਰਣਾਲੀ ਅਧੀਨ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਦੀ ਗਿਣਤੀ 14501, ਵਾਧੂ ਵਿਸ਼ਾ ਕੈਟਾਗਰੀ ਅਧੀਨ ਪ੍ਰੀਖਿਆ ਦੇਣ ਵਾਲੇ 713 ਪ੍ਰੀਖਿਆਰਥੀ, ਕਾਰਗੁਜ਼ਾਰੀ ਵਧਾਉਣ ਲਈ ਕੁੱਲ 30 ਪ੍ਰੀਖਿਆਰਥੀ ਪ੍ਰੀਖਿਆ ਦੇ ਰਹੇ ਹਨ। ਇਸੇ ਤਰ੍ਹਾਂ ਰੀਅਪੀਅਰ ਪ੍ਰੀਖਿਆ ਅਧੀਨ ਕੁੱਲ 1095 ਪ੍ਰੀਖਿਆਰਥੀ ਪ੍ਰੀਖਿਆ ਦੇ ਰਹੇ ਹਨ। ਉਹਨਾਂ ਦੱਸਿਆ ਕਿ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਲਈ 3914 ਸਕੂਲਾਂ ਵਿੱਚ ਕੁੱਲ 2255 ਪ੍ਰੀਖਿਆ ਕੇਂਦਰਾਂ ਦੀ ਸਥਾਪਨਾ ਕੀਤੀ ਗਈ ਹੈ।
ਇਸੇ ਤਰ੍ਹਾਂ ਸਾਲ 2022-23 ਲਈ ਪੰਜਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ 25 ਫ਼ਰਵਰੀ 2023 ਤੋਂ ਸ਼ੁਰੂ ਕਰਵਾਈ ਜਾ ਰਹੀ ਹੈ ਜੋ ਕਿ 4 ਮਾਰਚ 2023 ਤੱਕ ਜਾਰੀ ਰਹੇਗੀ। ਪੰਜਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਵਿੱਚ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਦੀ ਗਿਣਤੀ 298296 ਹੈ, ਜਿਨ੍ਹਾਂ ਲਈ ਉਚੇਚੇ ਤੌਰ ‘ਤੇ ਸੈਲਫ਼ ਸੈਂਟਰ ਬਣਾਏ ਗਏ ਹਨ। ਬੈਂਸ ਨੇ ਦੱਸਿਆ ਕਿ ਪੰਜਵੀਂ ਸ਼੍ਰੇਣੀ ਦੇ ਪ੍ਰੀਖਿਆਰਥੀਆਂ ਲਈ ਕੁੱਲ 17307 ਸੈਲਫ ਪ੍ਰੀਖਿਆ ਕੇਂਦਰਾਂ ਦੀ ਸਥਾਪਨਾ ਕੀਤੀ ਗਈ ਹੈ। ਅੱਠਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਵਿੱਚ ਕੁੱਲ 310311 ਪ੍ਰੀਖਿਆਰਥੀਆਂ ਲਈ 10694 ਸਕੂਲਾਂ ਵਿੱਚ ਕੁੱਲ 2482 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।
ਸਿੱਖਿਆ ਮੰਤਰੀ ਅਨੁਸਾਰ, ਦਸਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਵਿੱਚ ਅਪੀਅਰ ਹੋਣ ਵਾਲੇ 285068 ਰੈਗੂਲਰ, ਓਪਨ ਸਕੂਲ ਪ੍ਰਣਾਲੀ ਅਧੀਨ ਪਰੀਖਿਆ ਦੇਣ ਵਾਲੇ ਕੁੱਲ 10361, ਵਾਧੂ ਵਿਸ਼ਾ ਕੈਟਾਗਰੀ ਅਧੀਨ ਕੁੱਲ 2366, ਕਾਰਗੁਜ਼ਾਰੀ ਵਧਾਉਣ ਲਈ ਪ੍ਰੀਖਿਆ ਦੇਣ ਵਾਲੇ ਕੁੱਲ 20, ਰੀਅਪੀਅਰ ਵਿਸ਼ਿਆਂ ਦੀ ਪ੍ਰੀਖਿਆ ਦੇਣ ਵਾਲੇ ਕੁੱਲ 1090 ਪ੍ਰੀਖਿਆਰਥੀਆਂ ਲਈ 7178 ਸਕੂਲਾਂ ਵਿੱਚ 2576 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਇਹਨਾਂ ਸਾਰੀਆਂ ਪ੍ਰੀਖਿਆਵਾਂ ਨੂੰ ਸ਼ਾਂਤੀਪੂਰਨ ਅਤੇ ਸੁਵਿਧਾਜਨਕ ਤਰੀਕੇ ਨਾਲ ਮੁਕੰਮਲ ਕਰਵਾਉਣ ਲਈ ਪ੍ਰਬੰਧ ਪੂਰੇ ਕਰ ਲਏ ਗਏ ਹਨ। ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਲਈ ਪ੍ਰਸ਼ਨ ਪੱਤਰ ਸਮੂਹ ਜਿਲ੍ਹਿਆਂ ਦੇ ਬੈਂਕਾਂ ਨੂੰ ਸੌਂਪ ਦਿੱਤੇ ਗਏ ਹਨ। ਇਸੇ ਤਰ੍ਹਾਂ ਪੰਜਵੀਂ ਅੱਠਵੀਂ ਸ਼੍ਰੇਣੀਆਂ ਦੇ ਪ੍ਰਸ਼ਨ ਪੱਤਰ 21 ਫਰਵਰੀ ਨੂੰ ਅਤੇ 10ਵੀਂ ਸ਼੍ਰੇਣੀ ਦੇ ਪ੍ਰਸ਼ਨ ਪੱਤਰ 17 ਮਾਰਚ ਨੂੰ ਬੈਂਕਾਂ ਵਿਚ ਪਹੁੰਚਾ ਦਿੱਤੇ ਜਾਣਗੇ। ਜਿੱਥੋਂ ਪ੍ਰੀਖਿਆਵਾਂ ਵਿੱਚ ਤਾਇਨਾਤ ਅਮਲਾ ਪ੍ਰਸ਼ਨ ਪੱਤਰ ਪ੍ਰਾਪਤ ਕਰੇਗਾ। ਪ੍ਰੀਖਿਆਵਾਂ ਵਿੱਚ ਤਾਇਨਾਤ ਅਮਲੇ ਨੂੰ ਪ੍ਰੀਖਿਆਵਾਂ ਦੇ ਸੰਚਾਲਨ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਪਾਰਦਰਸ਼ਿਤਾ ਲਈ ਕੈਮਰਿਆਂ ਦਾ ਇੰਤਜ਼ਾਮ ਕੀਤਾ ਗਿਆ ਹੈ।
ਸਿੱਖਿਆ ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬੇ ਦੇ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਵੀ ਪ੍ਰੀਖਿਆਵਾਂ ਦੀ ਨਿਗਰਾਨੀ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਸੁਚਾਰੂ ਢੰਗ ਨਾਲ ਪ੍ਰੀਖਿਆਵਾਂ ਦੇ ਸੰਚਾਲਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਵੱਖ-ਵੱਖ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਦੀ ਮਦਦ ਵੀ ਲਈ ਜਾ ਰਹੀ ਹੈ।






