ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਕਮੇਟੀ ਦੇ ਆਗੂਆਂ ਵੱਲੋ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਸ਼ਹਿ `ਤੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਦੀ ਗੋਲਕ ਨੂੰ ਜਬਰੀ ਜਿੰਦਰੇ ਲਗਾਉਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਗੁਰਦੁਆਰਾ ਐਕਟ 1925 ਤਹਿਤ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਕਰ ਰਹੀ ਹੈ, ਜਦਕਿ ਹਰਿਆਣਾ ਸਰਕਾਰ ਧੱਕੇ ਨਾਲ ਗੁਰਦੁਆਰਾ ਪ੍ਰਬੰਧਾਂ ਨੂੰ ਆਪਣੇ ਹੱਥਾਂ ਵਿਚ ਲੈਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖ ਕੌਮ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਮੰਤਵ ਨਾਲ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦਾ ਮਤਲਬ ਇਹ ਨਹੀਂ ਕਿ ਸਿੱਖ ਗੁਰਦੁਆਰਾ ਐਕਟ 1925 ਦੀ ਉਲੰਘਣਾ ਕਰਕੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਹਥਿਆਇਆ ਜਾਵੇ।
ਉਨ੍ਹਾ ਕਿਹਾ ਕਿ ਹਰਿਆਣਾ ਸਰਕਾਰ ਵੱਲੋ ਪੁਲਿਸ ਪ੍ਰਸ਼ਾਸਨ ਜ਼ਰੀਏ ਧੱਕੇ ਨਾਲ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਨੂੰ ਹਥਿਆਉਣ ਦਾ ਯਤਨ ਕੀਤਾ ਜਾ ਰਿਹਾ ਹੈ। ਇਸੇ ਮਨਸ਼ਾ ਨਾਲ ਹੀ ਅੱਜ ਪੁਲਿਸ ਦੇ ਮੁਲਾਜ਼ਮ ਅਤੇ ਹਰਿਆਣਾ ਕਮੇਟੀ ਦੇ ਆਗੂ ਗੁਰਦੁਆਰਾ ਸਾਹਿਬ ਗਏ ਅਤੇ ਗੋਲਕ ਨੂੰ ਤਾਲਾ ਲਗਾਇਆ ਗਿਆ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੀ ਇਹ ਧੱਕੇਸ਼ਾਹੀ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਪਾਰਟੀ ਸਿੱਖਾਂ ਦੇ ਮਾਮਲਿਆਂ ਵਿੱਚ ਦਖਲ ਦੇ ਕੇ ਸਿੱਖਾਂ ਨੂੰ ਪਾੜਨ ਦਾ ਜਤਨ ਕਰਦੀ ਸੀ ਅਤੇ ਹੁਣ ਉਸੇ ਰਾਹ ‘ਤੇ ਭਾਜਪਾ ਵੀ ਤੁਰੀ ਹੋਈ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਪੰਥਕ ਮਾਮਲਿਆਂ ਵਿਚ ਸਰਕਾਰੀ ਦਖਲ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਦਾ ਜ਼ੋਰਦਾਰ ਤਰੀਕੇ ਨਾਲ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸੰਗਤ ਦੀਆਂ ਭਾਵਨਾਵਾਂ ਦੇ ਵਿਰੁੱਧ ਕਾਰਵਾਈਆਂ ਕਰਨ ਤੋਂ ਬਾਜ ਆਵੇ ਅਤੇ ਸਿੱਖਾਂ ਵਿਚ ਪਾੜ ਪਾ ਕੇ ਲੜਾਉਣ ਦਾ ਯਤਨ ਨਾ ਕਰੇ।






