ਅੰਗਰੇਜ਼ੀ ਦੀ ਪ੍ਰੀਖਿਆ, ਜੋ ਕਿ 24 ਫਰਵਰੀ ਨੂੰ ਦੁਪਹਿਰ 2 ਵਜੇ ਦੇ ਕਰੀਬ ਹੋਣੀ ਸੀ, ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੇਪਰ ਲੀਕ ਹੋਣ ਕਾਰਨ ਪੰਜ ਘੰਟੇ ਪਹਿਲਾਂ ਹੀ ਮੁਲਤਵੀ ਕਰ ਦਿੱਤਾ ਸੀ। ਹੁਣ ਪੁਲਿਸ ਨੇ ਇਸ ਮਾਮਲੇ ਵਿਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਗੁਰਦਾਸਪੁਰ ਸਿਟੀ ਪੁਲਿਸ ਨੇ ਪੇਪਰ ਲੀਕ ਮਾਮਲੇ ’ਚ ਅਣਪਛਾਤੇ ਸਾਜ਼ਿਸ਼ਕਾਰਾਂ ਖ਼ਿਲਾਫ਼ ਸ਼ਨਿਚਰਵਾਰ ਨੂੰ ਐੱਫਆਈਆਰ ਨੰਬਰ 40 ਤਹਿਤ ਪਰਚਾ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੀ 12ਵੀਂ ਜਮਾਤ ਦਾ ਅੰਗਰੇਜ਼ੀ ਦਾ ਪੇਪਰ ਲੀਕ ਹੋਣ ਦੀ ਜਾਣਕਾਰੀ ਦਿੰਦਿਆਂ ਕਿਹਾ ਸੀ ਕਿ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਡੀਈਓ ਅਮਰਜੀਤ ਸਿੰਘ ਭਾਟੀਆ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਗਿਆ ਹੈ। ਭਾਟੀਆ ਨੇ ਪੁਲਿਸ ਅਧਿਕਾਰੀਆਂ ਨੂੰ ਆਪਣੀ ਸ਼ਿਕਾਇਤ ’ਚ ਕਿਹਾ ਸੀ ਕਿ ਕਿਸੇ ਨੇ ਵ੍ਹਟਸਐਪ ’ਤੇ ਬਾਰ੍ਹਵੀਂ ਜਮਾਤ ਦੇ ਅੰਗਰੇਜ਼ੀ ਦੇ ਪੇਪਰ ਦੇ ਸਕਰੀਨ ਸ਼ਾਟ ਭੇਜੇ ਸਨ। ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਅਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 409, 420, 406, 120 ਆਈਪੀਸੀ ਐੱਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।






