ਵਿਜੀਲੈਂਸ ਬਿਊਰੋ (ਈਓਡਬਲਯੂ) ਨੇ ਸ਼ਨਿਚਰਵਾਰ ਨੂੰ ਮਾਲੇਰਕੋਟਲਾ ਜ਼ਿਲ੍ਹੇ ਦੇ ਥਾਣਾ ਸੰਦੌਰ ਵਿਚ ਤਾਇਨਾਤ ਇਕ ਸਹਾਇਕ ਸਬ ਇੰਸਪੈਕਟਰ (ਏਐੱਸਆਈ) ਬਲਵਿੰਦਰ ਸਿੰਘ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮੁਹੰਮਦ ਸਦੀਕੀ ਵਾਸੀ ਨੂਰ ਬਸਤੀ, ਮਾਲੇਰਕੋਟਲਾ ਸ਼ਹਿਰ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਅਧਿਕਾਰੀ ਨੇ ਉਸ ਦੇ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖਿਲਾਫ ਪਹਿਲਾਂ ਹੀ ਥਾਣੇ ਵਿਚ ਦਰਜ ਪੁਲਿਸ ਕੇਸ ਨੂੰ ਰੱਦ ਕਰਵਾਉਣ ਲਈ 10 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਲੁਧਿਆਣਾ ਰੇਂਜ ਦੇ ਆਰਥਿਕ ਅਪਰਾਧ ਸ਼ਾਖਾ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਸੀ ਅਤੇ ਦੋਸ਼ੀ ਪੁਲਿਸ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਏਐੱਸਆਈ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।






