ਸ੍ਰੀ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ ’ਚ ਗੈਂਗਵਾਰ ਨੂੰ ਲੈ ਕੇ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ’ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜੇਲ੍ਹ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਰੇ ਖ਼ਤਰਨਾਕ ਬਦਮਾਸ਼ਾਂ ਨੂੰ ਬੈਰਕਾਂ ’ਚ ਬੰਦ ਕਰ ਦਿੱਤਾ ਗਿਆ ਹੈ। ਜੇਲ੍ਹ ਵਿਭਾਗ ਵੱਲੋਂ ਮਾਮਲੇ ਨੂੰ ਲੈ ਕੇ ਰਿਪੋਰਟ ਤਲਬ ਕੀਤੀ ਗਈ ਹੈ। ਸੂਤਰਾਂ ਮੁਤਾਬਕ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦਾ ਗਠਨ ਕੀਤਾ ਜਾ ਸਕਦਾ ਹੈ, ਜੋ ਇਸ ਮਾਮਲੇ ਦੀ ਜਾਂਚ ਕਰੇਗੀ ਕਿ ਜੇਲ੍ਹ ’ਚ ਮੋਬਾਈਲ ਤੇ ਹਥਿਆਰ ਕਿਸ ਦੀ ਮਦਦ ਨਾਲ ਪਹੁੰਚਾਏ ਗਏ। ਇਸ ਮਾਮਲੇ ’ਚ ਜੇਲ੍ਹ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ’ਤੇ ਵੀ ਕਾਰਵਾਈ ਹੋ ਸਕਦੀ ਹੈ।
ਇੰਟਰਨੈੱਟ ਮੀਡੀਆ ’ਤੇ ਵੱਖ-ਵੱਖ ਗੈਂਗਸਟਰਾਂ ਦੇ ਧੜਿਆਂ ਵੱਲੋਂ ਜੇਲ੍ਹ ’ਚ ਹੋਈ ਗੈਂਗਵਾਰ ਨੂੰ ਲੈ ਕੇ ਕੀਤੇ ਜਾ ਰਹੇ ਦਾਅਵਿਆਂ ਨੂੰ ਪੰਜਾਬ ਪੁਲਿਸ ਨੇ ਫ਼ਰਜ਼ੀ ਕਰਾਰ ਦਿੱਤਾ ਹੈ। ਪੁਲਿਸ ਨੇ ਟਵੀਟ ਕਰ ਕੇ ਕਿਹਾ ਹੈ ਕਿ ਇਹ ਸਾਰੇ ਤਰ੍ਹਾਂ ਦੇ ਦਾਅਵੇ ਫ਼ਰਜ਼ੀ ਹਨ ਤੇ ਇਹ ਪੰਜਾਬ ਦਾ ਸ਼ਾਂਤੀਪੂਰਨ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਹੈ।
ਸ੍ਰੀ ਗੋਇੰਦਵਾਲ ਸਾਹਿਬ ਜੇਲ੍ਹ ’ਚ ਵਾਰਦਾਤ ਤੋਂ ਬਾਅਦ ਇੰਟਰਨੈੱਟ ਮੀਡੀਆ ’ਤੇ ਵੱਖ-ਵੱਖ ਗੈਂਗ ਇਕ ਦੂਜੇ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ। ਪੁਲਿਸ ਨੇ ਕਿਹਾ ਕਿ ਇਹ ਦਾਅਵੇ ਸਿਰਫ਼ ਸੁਰਖ਼ੀਆਂ ’ਚ ਆਉਣ ਲਈ ਕੀਤੇ ਜਾ ਰਹੇ ਹਨ। ਪੁਲਿਸ ਨੇ ਲੋਕਾਂ ਨੂੰ ਅਜਿਹੀਆਂ ਅਫ਼ਵਾਹਾਂ ਤੇ ਦਾਅਵਿਆਂ ’ਤੇ ਵਿਸ਼ਵਾਸ ਨਾ ਕਰਨ ਦੀ ਸਲਾਹ ਦਿੱਤੀ ਹੈ। ਘਟਨਾ ਤੋਂ ਬਾਅਦ ਕੈਨੇਡਾ ’ਚ ਬੈਠੇ ਲਾਰੈਂਸ ਬਿਸ਼ਨੋਈ ਧੜੇ ਦੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ ਤੇ ਜੱਗੂ ਭਗਵਾਨਪੁਰੀਆ ਗੈਂਗ ਨੇ ਬਦਲਾ ਲੈਣ ਦੀ ਪੋਸਟ ਪਾਈ ਸੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੂਰੇ ਮਾਮਲੇ ’ਤੇ ਨਜ਼ਰ ਰੱਖੀ ਜਾ ਰਹੀ ਹੈ। ਸਾਈਬਰ ਅਤੇ ਆਈਟੀ ਵਿਭਾਗ ਦੀਆਂ ਟੀਮਾਂ ਇਸ ਮਾਮਲੇ ’ਚ ਆਪਣੇ ਪੱਧਰ ’ਤੇ ਕੰਮ ਕਰ ਰਹੀਆਂ ਹਨ।






