ਵੀਰਵਾਰ ਨੂੰ ਜ਼ਿਲ੍ਹਾ ਕਚਹਿਰੀ ਕੰਪਲੈਕਸ ਦੀ ਪਾਰਕਿੰਗ ਨੇੜੇ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਇਕ ਨੌਜਵਾਨ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਿਆ। 26 ਸਾਲਾ ਨੌਜਵਾਨ ਹਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਉਸ ਵੱਲੋਂ ਦਿੱਤੀ ਗਈ ਸ਼ਿਕਾਇਤ ’ਤੇ ਪੁਲਿਸ ਵੱਲੋਂ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਉਸ ਨੂੰ ਮਜਬੂਰਨ ਪਾਣੀ ਵਾਲੀ ਟੈਂਕੀ ’ਤੇ ਚੜ੍ਹਨਾ ਪਿਆਦੇ ਚੱਲਦੇ ਉਹ ਰੋਸ ਵਜੋਂ ਪਾਣੀ। ਜਾਣਕਾਰੀ ਮਿਲਦੇ ਹੀ ਏਡੀਸੀਪੀ ਸ਼ੁਭਮ ਅਗਰਵਾਲ ਅਤੇ ਹੋਰ ਅਧਿਕਾਰੀ ਤੁਰੰਤ ਮੌਕੇ ’ਤੇ ਪੁੱਜੇ ਅਤੇ ਨੌਜਵਾਨਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਨੌਜਵਾਨ ਦੇ ਪਿਤਾ ਲਛਮਣ ਵੀ ਉੱਥੇ ਮੌਜੂਦ ਸਨ। ਉਨ੍ਹਾਂ ਪੁੱਤ ਨੂੰ ਹੇਠਾਂ ਆਉਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਕਿਸੇ ਦੀ ਗੱਲ ਨਹੀਂ ਸੁਣੀ। ਦੋ ਘੰਟਿਆਂ ਬਾਅਦ ਜਦੋਂ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਉਸ ਦੀਆਂ ਸਾਰੀਆਂ ਸ਼ਿਕਾਇਤਾਂ ਸੁਣਨ ਦਾ ਭਰੋਸਾ ਦਿੱਤਾ ਤਾਂ ਉਹ ਹੇਠਾਂ ਆ ਗਿਆ।
ਹਰਪ੍ਰੀਤ ਦੇ ਪਿਤਾ ਨੇ ਦੱਸਿਆ ਕਿ ਸ਼ਿਮਲਾਪੁਰੀ ਦੀ ਇਕ ਲੜਕੀ ਨਾਲ ਉਸ ਦੇ ਬੇਟੇ ਦੀ ਮੰਗਣੀ ਹੋਈ ਸੀ। ਉਸ ਦੀ ਹੋਣ ਵਾਲੀ ਪਤਨੀ ਨੂੰ ਕੈਨੇਡਾ ਭੇਜਣ ਲਈ ਉਨ੍ਹਾਂ ਨੇ ਕਰੀਬ 10 ਲੱਖ ਰੁਪਏ ਖ਼ਰਚ ਕੀਤੇ ਸਨ। ਕੈਨੇਡਾ ਪਹੁੰਚ ਕੇ ਲੜਕੀ ਨੇ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਹਰਪ੍ਰੀਤ ਦੇ ਵਿਦੇਸ਼ ਜਾਣ ਦਾ ਸੁਪਨਾ ਵੀ ਟੁੱਟ ਗਿਆ। ਦੋ ਸਾਲ ਪਹਿਲਾਂ ਲੜਕੀ ਅਤੇ ਉਸ ਦੇ ਪਿਤਾ ਖ਼ਿਲਾਫ਼ ਉਨ੍ਹਾਂ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਲੜਕੀ ਦਾ ਪਿਤਾ ਸਰਕਾਰੀ ਨੌਕਰੀ ਕਰਦਾ ਹੈ ਅਤੇ ਉਸ ਨੇ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਇਸ ਸਬੰਧੀ ਜ਼ਿਲ੍ਹਾ ਭਲਾਈ ਦਫ਼ਤਰ ਵਿਖੇ ਵੀ ਸ਼ਿਕਾਇਤ ਦਿੱਤੀ ਪਰ ਕੋਈ ਸੁਣਵਾਈ ਨਹੀਂ ਹੋ ਰਹੀ। ਇਸ ਮਾਮਲੇ ’ਚ ਏਡੀਸੀਪੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਨੌਜਵਾਨਾਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਹੱਲ ਕੀਤਾ ਜਾਵੇਗਾ ਅਤੇ ਹੋਰਨਾਂ ਵਿਭਾਗਾਂ ’ਚ ਵੀ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਸਟੇਟਸ ਚੈੱਕ ਕੀਤਾ ਜਾਵੇਗਾ।






