ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਸਕੱਤਰੇਤ ਵਿਖੇ ਕਰੀਬ ਦੋ ਘੰਟੇ ਬੰਦ ਕਮਰਾ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਅੰਮ੍ਰਿਤਪਾਲ ਸਿੰਘ ਨੇ ਅਜਨਾਲਾ ਮਾਮਲੇ ਸਬੰਧੀ ਕੋਈ ਵੀ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਥੇਦਾਰ ਪੰਥ ਦੇ ਮਾਮਲਿਆਂ ਅਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਦੀ ਗੱਲਬਾਤ ਹੋਈ ਹੈ। ਅਜਨਾਲਾ ਮਾਮਲੇ ਦੀ ਜਾਂਚ ਲਈ ਜਥੇਦਾਰ ਵੱਲੋਂ ਬਣਾਈ ਕਮੇਟੀ ਵਿੱਚ ਆਪਣਾ ਪੱਖ ਪੇਸ਼ ਕਰਨ ਸਬੰਧੀ ਉਨ੍ਹਾਂ ਕਿਹਾ ਕਿ ਜਥੇਦਾਰ ਵੱਲੋਂ ਬਣਾਈ ਕਮੇਟੀ ਦਾ ਮਾਮਲਾ ਵੱਖਰਾ ਹੈ, ਉਹ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਸਨ, ਜਿਸ ਕਾਰਨ ਉਨ੍ਹਾਂ ਦੀ ਜਥੇਦਾਰ ਨਾਲ ਮੀਟਿੰਗ ਹੋਈ ਹੈ।
ਦਸਣਯੋਗ ਹੈ ਕਿ ਅਜਨਾਲਾ ਹਿੰਸਾ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 16 ਮੈਂਬਰੀ ਸਬ ਕਮੇਟੀ ਦਾ ਗਠਨ ਕੀਤਾ ਹੈ, ਜਿਸ ਨੂੰ 15 ਦਿਨਾਂ ’ਚ ਜਾਂਚ ਕਰਕੇ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ। ਕਮੇਟੀ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਇਸ ਮਾਮਲੇ ਵਿੱਚ ਆਪਣਾ ਪੱਖ ਪੇਸ਼ ਕਰਨ ਲਈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲ ਪੁੱਜਾ ਸੀ, ਇਸ ਮੀਟਿੰਗ ਵਿਚ ਸਬ ਕਮੇਟੀ ਦੇ ਕੋਆਰਡੀਨੇਟਰ ਕਰਨੈਲ ਸਿੰਘ ਪੀਰ ਮੁਹੰਮਦ ਵੀ ਮੌਜੂਦ ਸੀ।
ਅੰਮ੍ਰਿਤਪਾਲ ਸਿੰਘ ਨੂੰ ਕਾਰਵਾਈ ਦਾ ਤੌਖਲਾ : ਪੀਰ ਮੁਹੰਮਦ
ਅਜਨਾਲਾ ਹਿੰਸਾ ਮਾਮਲੇ ਸਬੰਧੀ ਬਣਾਈ ਸਬ ਕਮੇਟੀ ਦੇ ਕੋਆਰਡੀਨੇਟਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਕਾਰਵਾਈ ਦਾ ਤੌਖਲਾ ਹੈ। ਇਸ ਤੌਖਲੇ ਕਾਰਨ ਹੀ ਉਸ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਉਨ੍ਹਾਂ ਨਾਲ ਲੰਮਾਂ ਸਮਾਂ ਮੀਟਿੰਗ ਕੀਤੀ। ਇਹ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਲੈ ਕੇ ਬਣਾਈ ਗਈ ਹੈ। ਇਸ ਕਮੇਟੀ ਵਿਚ ਸੰਸਥਾਵਾਂ, ਸੰਪਰਦਾਵਾਂ, ਟਕਸਾਲਾਂ, ਜਥੇਬੰਦੀਆਂ ਆਦਿ ਦੇ ਮੁੱਖੀ ਹਨ, ਜੋ ਇਸ ਸਾਰੇ ਮਾਮਲੇ ਦੀ ਰਿਪੋਰਟ ਤਿਆਰ ਕਰੇਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੂੰ ਤੌਖਲਾ ਸੀ, ਜਿਸ ਕਾਰਨ ਉਹ ਆਪਣਾ ਪੱਖ ਰੱਖਣ ਲਈ ਜਥੇਦਾਰ ਪਾਸ ਆਇਆ ਸੀ, ਉਸ ਨੇ ਆਪਣਾ ਪੱਖ ਰੱਖਣ ਦੀ ਕੋਸ਼ਿਸ਼ ਕੀਤੀ ਸੀ, ਪਰ ਇਸ ਮਾਮਲੇ ਦੀ ਸਾਰੀ ਰਿਪੋਰਟ ਸਮੂਚੇ ਕਮੇਟੀ ਮੈਂਬਰਾਂ ਦੀ ਰਾਏ ਤੋਂ ਬਾਅਦ ਤਿਆਰ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਸਮੂਚੀਆਂ ਥਾਵਾਂ ਲਈ ਹੈ, ਜਿਵੇਂ ਕਿ ਮੋਰਚੇ, ਧਰਨੇ, ਰੋਸ ਪ੍ਰਦਰਸ਼ਨ, ਝਗੜੇ ਵਾਲੀਆਂ ਜਗਾਵਾਂ ਆਦਿ ਸਬੰਧੀ ਹੈ, ਨਾ ਕਿ ਕਿਸੇ ਵਿਅਕਤੀ ਵਿਸ਼ੇਸ਼ ਲਈ ਹੈ।






