ਨਵਜੋਤ ਸਿੰਘ ਮੰਡੇਰ (ਜਰਗ) ਨੇ ਮੰਗਲਵਾਰ ਨੂੰ ਇੱਥੇ ਸੈਕਟਰ-33 ਡੀ ਸਥਿਤ ਪੇਡਾ ਕੰਪਲੈਕਸ ਵਿਖੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਚੀਮਾ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿਚ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਅਮਨ ਅਰੋੜਾ ਨੇ ਨਵਜੋਤ ਮੰਡੇਰ ਨੂੰ ਚੇਅਰਮੈਨ ਬਣਨ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਨਵਿਆਉਣਯੋਗ ਊਰਜਾ ਸਾਡਾ ਭਵਿੱਖ ਹੈ ਅਤੇ ਕੁਦਰਤੀ ਊਰਜਾ ਦੀ ਸੁਚੱਜੀ ਅਤੇ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਸੂਬੇ ਵਿਚ ਨਵਿਆਉਣਯੋਗ ਊਰਜਾ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।
ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਕਿਹਾ ਕਿ ਨਵਜੋਤ ਦੀ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਨਿਯੁਕਤੀ ਨਾਲ ਸਾਡੀ ਟੀਮ ਮੁਕੰਮਲ ਹੋ ਗਈ ਹੈ ਅਤੇ ਹੁਣ ਅਸੀਂ ਨਵਿਆਉਣਯੋਗ ਊਰਜਾ ਖੇਤਰ ਨੂੰ ਉਤਸ਼ਾਹਿਤ ਕਰਨ ਅਤੇ ਇਸ ਦੇ ਵਿਕਾਸ ਲਈ ਹੋਰ ਠੋਸ ਯਤਨ ਕਰਾਂਗੇ।
ਇਸ ਮੌਕੇ ਪੰਜਾਬ ਦੇ ਜਲ ਸਰੋਤ ਅਤੇ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ, ‘ਆਪ’ ਦੇ ਚੀਫ ਵਿ੍ਹਪ ਬਲਜਿੰਦਰ ਕੌਰ, ਪੇਡਾ ਦੇ ਚੇਅਰਮੈਨ ਐੱਚਐੱਸ ਹੰਸਪਾਲ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ ਅਤੇ ਪੰਜਾਬ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਨੇ ਵੀ ਪੇਡਾ ਕੰਪਲੈਕਸ ਪਹੁੰਚ ਕੇ ਨਵਜੋਤ ਸਿੰਘ ਨੂੰ ਵਧਾਈ ਦਿੱਤੀ।






