ਪੰਜਾਬ ਦੇ ਬਹੁਚਰਚਿਤ ਡਰੱਗਜ਼ ਕੇਸ ਵਿਚ ਕਪੂਰਥਲਾ ਜੇਲ੍ਹ ਵਿਚ ਬੰਦ ਸਾਬਕਾ ਡੀਐਸਪੀ ਜਗਦੀਸ਼ ਭੋਲਾ ਅੱਜ ਇਕ ਦਿਨ ਲਈ ਜ਼ਮਾਨਤ ’ਤੇ ਬਾਹਰ ਆਏ ਹਨ। ਉਹ ਪੁਲਿਸ ਦੀ ਨਿਗਰਾਨੀ ਹੇਠ ਕਪੂਰਥਲਾ ਜੇਲ੍ਹ ਤੋਂ ਗਿੱਦੜਬਾਹਾ ਲਈ ਰਵਾਨਾ ਹੋਏ। ਉਥੇ ਉਨ੍ਹਾਂ ਆਪਣੀ ਬਿਮਾਰ ਮਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਮੀਡੀਆ ਅੱਗੇ ਖੁਦ ਨੂੰ ਜ਼ਮਾਨਤ ਨਾ ਮਿਲਣ ’ਤੇ ਸਵਾਲ ਵੀ ਚੁੱਕੇ। ਉਨ੍ਹਾਂ ਨੇ ਕਿਹਾ ਕਿ ਮੈਂ ਕੁਝ ਗਲਤ ਨਹੀਂ ਕੀਤਾ। ਮੇਰੀ ਸੀਬੀਆਈ ਜਾਂਚ ਕਰਵਾ ਲੈਣ ਜੇ ਮੈਂ ਦੋਸ਼ੀ ਪਾਇਆ ਜਾਂਦਾ ਹਾਂ ਤਾਂ ਫਾਂਸੀ ਦੀ ਸਜ਼ਾ ਦੇ ਦਿੱਤੀ ਜਾਵੇ। ਇਸਦੇ ਨਾਲ ਹੀ ਉਸ ਨੇ ਕਿਹਾ ਕਿ ਮੇਰੇ ਨਾਲ ਜਿਨ੍ਹਾਂ ਨੂੰ 12 ਤੋਂ 15 ਸਾਲ ਤਕ ਦੀ ਸਜ਼ਾ ਸੀ, ਉਨ੍ਹਾਂ ਸਾਰੀਆਂ ਨੂੰ ਜ਼ਮਾਨਤ ਦੇ ਦਿੱਤੀ ਪਰ ਪਤਾ ਨਹੀਂ ਮੈਨੂੰ ਕਿਉਂ ਜ਼ਮਾਨਤ ਨਹੀਂ ਦਿੱਤੀ ਗਈ | ਮੈਂ 2 ਮਹੀਨਿਆਂ ਦੀ ਪੈਰੋਲ ਮੰਗੀ ਸੀ ਪਰ ਉਹ ਵੀ ਨਹੀਂ ਦਿੱਤੀ ਗਈ | ਇਸ ਦੇ ਨਾਲ ਹੀ ਉਨ੍ਹਾਂ ਨੇ ਬਿਮਾਰ ਮਾਂ ਨੂੰ ਮਿਲਣ ਲਈ ਦਿੱਤੀ ਇਕ ਦਿਨ ਦੀ ਜ਼ਮਾਨਤ ਲਈ ਹਾਈ ਕੋਰਟ ਦਾ ਧੰਨਵਾਦ ਕੀਤਾ।
ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਡਰੱਗਜ਼ ਕੇਸ ਦੇ ਦੋਸ਼ੀ ਜਗਦੀਸ਼ ਭੋਲਾ ਨੂੰ ਵੱਡੀ ਰਾਹਤ ਦਿੰਦਿਆਂ ਇਕ ਦਿਨ ਦੀ ਜ਼ਮਾਨਤ ਦਿੱਤੀ ਸੀ। ਅਦਾਲਤ ਵੱਲੋਂ ਇਹ ਜ਼ਮਾਨਤ ਉਸ ਦੀ ਮਾਂ ਦੀ ਖਰਾਬ ਸਿਹਤ ਦੇ ਮੱਦੇਨਜ਼ਰ ਦਿੱਤੀ ਗਈ ਸੀ। 17 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਪੁਲਿਸ ਦੀ ਮੌਜੂਦਗੀ ਵਿਚ ਉਹ ਆਪਣੀ ਮਾਂ ਨੂੰ ਮਿਲ ਸਕਦੇ ਹਨ। ਜ਼ਿਕਰਯੋਗ ਹੈ ਕਿ ਜਗਦੀਸ਼ ਭੋਲਾ ਦੇ ਵਕੀਲ ਵੱਲੋਂ ਉਸ ਦੀ ਮਾਂ ਦੀ ਖਰਾਬ ਸਿਹਤ ਦਾ ਹਵਾਲਾ ਦੇ ਕੇ ਹਾਈ ਕੋਰਟ ਨੂੰ ਜ਼ਮਾਨਤ ਦੀ ਅਪੀਲ ਕੀਤੀ ਗਈ ਸੀ।
ਦੱਸ ਦੇਈਏ ਕਿ 700 ਕਰੋੜ ਰੁਪਏ ਦੇ ਡਰੱਗ ਰੈਕਟ ਕੇਸ ਵਿਚ ਜਗਦੀਸ਼ ਭੋਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਕੋਲੋਂ ਸਿੰਥੈਟਿਕ ਡਰੱਗਜ਼, ਵਿਦੇਸ਼ੀ ਕਰੰਸੀ, ਹਥਿਆਰ ਤੇ ਲਗਜ਼ਰੀ ਕਾਰਾਂ ਬਰਾਮਦ ਹੋਈਆਂ ਸਨ। 2012 ਵਿਚ ਪੰਜਾਬ ਪੁਲਿਸ ਦੀ ਨੌਕਰੀ ਤੋਂ ਵੀ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ । ਤੁਹਾਨੂੰ ਦੱਸ ਦੇਈਏ ਕਿ ਜਗਦੀਸ਼ ਭੋਲਾ ਅੰਤਰਰਾਸ਼ਟਰੀ ਪਹਿਲਵਾਨ ਰਹਿ ਚੁੱਕਾ ਹੈ ਅਤੇ ਅਰਜੁਨ ਅਵਾਰਡ ਜੇਤੂ ਹੈ ।






