ਕੋਟਕਪੂਰਾ ਗੋਲ਼ੀਕਾਂਡ ਵਿਚ ਮੁਲਜ਼ਮ ਵਜੋਂ ਨਾਮਜ਼ਦ ਸਾਬਕਾ ਡੀਜੀਪੀ ਸੁਮੇਧ ਸੈਣੀ, ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਅਤੇ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਵੱਲੋਂ ਗਿ੍ਰਫ਼ਤਾਰੀ ਤੋਂ ਬਚਣ ਲਈ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿਚ ਲਗਾਈ ਗਈ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਸੋਮਵਾਰ ਨੂੰ ਤਕਰੀਬਨ 2 ਘੰਟੇ ਚੱਲੀ ਬਹਿਸ ਤੋਂ ਬਾਅਦ ਫ਼ੈਸਲਾ 21 ਮਾਰਚ ’ਤੇ ਰੱਖ ਦਿੱਤਾ ਗਿਆ ਹੈ। ਭਾਵੇਂ ਉਕਤ ਪੁਲਿਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ’ਤੇ ਸੁਣਵਾਈ 21 ਮਾਰਚ ਨੂੰ ਹੋਵੇਗੀ ਪਰ 23 ਮਾਰਚ ਨੂੰ ਕਾਨੂੰਨੀ ਪ੍ਰਕਿਰਿਆ ਮੁਤਾਬਕ ਸਾਰਿਆਂ ਨੂੰ ਅਦਾਲਤ ਸਾਹਮਣੇ ਪੇਸ਼ ਹੋਣਾ ਪਵੇਗਾ।
ਜ਼ਿਕਰਯੋਗ ਹੈ ਕਿ ਸਭ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਅਗਾਊਂ ਜ਼ਮਾਨਤਾਂ ਦੀਆਂ ਅਰਜ਼ੀਆਂ ਲਾਈਆਂ ਗਈਆਂ, ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਉਪਰੰਤ ਪ੍ਰਕਾਸ਼ ਸਿੰਘ ਬਾਦਲ ਦੀ ਅਰਜ਼ੀ ਮਨਜ਼ੂਰ ਕਰ ਲਈ, ਜਦਕਿ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਗਈ। ਉਸ ਤੋਂ ਬਾਅਦ ਉਕਤ ਪੁਲਿਸ ਅਧਿਕਾਰੀਆਂ ਸਮੇਤ ਸੁਖਮਿੰਦਰ ਸਿੰਘ ਮਾਨ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਫਰੀਦਕੋਟ ਨੇ ਵੀ ਅਗਾਊਂ ਜ਼ਮਾਨਤ ਦੀਆਂ ਅਰਜ਼ੀਆਂ ਦਾਇਰ ਕੀਤੀਆਂ ਸਨ ਪਰ ਅਦਾਲਤ ਨੇ ਉਨ੍ਹਾਂ ਦੀ ਇਕ ਕੇਸ ਵਿਚ ਅਰਜ਼ੀ ਮਨਜ਼ੂਰ ਕੀਤੀ, ਜਦਕਿ ਦੂਜੇ ਕੇਸ ਵਿਚ ਖਾਰਜ ਕਰ ਦਿੱਤੀ ਗਈ।






