ਬੰਦ ਹੋਣੇ ਚਾਹੀਦੇ ਹਨ ਗਾਜ਼ਾ ‘ਤੇ ਹਮਲੇ
ਸਿਨਹੂਆ ਸਮਾਚਾਰ ਏਜੰਸੀ ਨੇ ਐਤਵਾਰ ਨੂੰ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਦੇ ਇਕ ਬਿਆਨ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਸ ਯੁੱਧ ਵਿਚ ਹਰ ਰੋਜ਼ ਔਰਤਾਂ ਅਤੇ ਬੱਚਿਆਂ ਸਮੇਤ ਕਈ ਨਾਗਰਿਕ ਮਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਭ ਗਾਜ਼ਾ ਵਿੱਚ ਬੰਦ ਹੋਣਾ ਚਾਹੀਦਾ ਹੈ। ਮੈਂ ਤੁਰੰਤ ਮਾਨਵਤਾਵਾਦੀ ਜੰਗਬੰਦੀ ਦੀ ਮੰਗ ਕਰਦਾ ਹਾਂ।
ਗਾਜ਼ਾ ਦੀ ਸਥਿਤੀ ‘ਤੇ ਪ੍ਰਗਟਾਈ ਚਿੰਤਾ
ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਨੇ ਗਾਜ਼ਾ ਦੀ ਸਥਿਤੀ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ 24 ਘੰਟਿਆਂ ਤੋਂ ਵੀ ਘੱਟ ਸਮੇਂ ‘ਚ ਗਾਜ਼ਾ ‘ਚ ਸੰਯੁਕਤ ਰਾਸ਼ਟਰ ਦੁਆਰਾ ਚਲਾਏ ਜਾ ਰਹੇ ਸ਼ਰਨਾਰਥੀ ਕੈਂਪ ‘ਤੇ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ ਦਰਜਨਾਂ ਲੋਕ ਮਾਰੇ ਗਏ ਸਨ, ਜਿਨ੍ਹਾਂ ਵਿੱਚ ਕਈ ਔਰਤਾਂ ਅਤੇ ਬੱਚੇ ਵੀ ਸ਼ਾਮਲ ਸਨ।
ਫਲਸਤੀਨੀ ਨਾਗਰਿਕਾਂ ਨੇ ਕੈਂਪਾਂ ਵਿੱਚ ਲਈ ਸ਼ਰਨ
ਉਨ੍ਹਾਂ ਕਿਹਾ ਕਿ ਜੰਗ ਦੇ ਤੇਜ਼ ਹੋਣ ਕਾਰਨ ਹਜ਼ਾਰਾਂ ਫਲਸਤੀਨੀ ਨਾਗਰਿਕਾਂ ਨੇ ਗਾਜ਼ਾ ਵਿੱਚ ਸੰਯੁਕਤ ਰਾਸ਼ਟਰ ਵੱਲੋਂ ਬਣਾਏ ਕੈਂਪਾਂ ਵਿੱਚ ਸ਼ਰਨ ਲਈ ਹੈ। ਉਨ੍ਹਾਂ ਕਿਹਾ ਕਿ ਮੈਂ ਫਿਰ ਦੁਹਰਾਉਂਦਾ ਹਾਂ ਕਿ ਸਾਡੇ ਅਹਾਤੇ ‘ਤੇ ਹਮਲਾ ਕਰਨਾ ਠੀਕ ਨਹੀਂ ਹੈ।
11 ਹਜ਼ਾਰ ਤੋਂ ਵੱਧ ਲੋਕਾਂ ਦੀ ਹੋ ਚੁੱਕੀ ਹੈ ਮੌਤ
ਜ਼ਿਕਰਯੋਗ ਹੈ 7 ਅਕਤੂਬਰ ਨੂੰ ਹਮਾਸ ਵੱਲੋਂ ਇਜ਼ਰਾਈਲ ‘ਤੇ ਕੀਤੇ ਗਏ ਹਮਲੇ ਤੋਂ ਬਾਅਦ ਇਸਰਾਈਲੀ ਫੌਜ ਗਾਜ਼ਾ ‘ਚ ਹਮਾਸ ਦੇ ਟਿਕਾਣਿਆਂ ‘ਤੇ ਕਾਰਵਾਈ ਕਰ ਰਹੀ ਹੈ। ਇਸ ਜੰਗ ਕਾਰਨ ਗਾਜ਼ਾ ਵਿੱਚ 11,000 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਗਾਜ਼ਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।
ਅਲ ਸ਼ਿਫਾ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਨੂੰ ਕੱਢਿਆ ਗਿਆ ਬਾਹਰ
ਇਜ਼ਰਾਈਲ ਦੀਆਂ ਕਾਰਵਾਈਆਂ ਕਾਰਨ ਗਾਜ਼ਾ ਵਿੱਚ ਮਨੁੱਖੀ ਸੰਕਟ ਦਾ ਖਤਰਾ ਹੈ। ਇਸ ਦੌਰਾਨ ਵਿਸ਼ਵ ਸਿਹਤ ਸੰਗਠਨ ਨੇ ਅਲ ਸ਼ਿਫਾ ਹਸਪਤਾਲ ‘ਚ ਦਾਖਲ 31 ਬੱਚਿਆਂ ਨੂੰ ਬਾਹਰ ਕੱਢਿਆ ਹੈ, ਜਿਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਗਾਜ਼ਾ ਵਿੱਚ ਸੋਮਵਾਰ ਤੱਕ ਮਰਨ ਵਾਲਿਆਂ ਦੀ ਗਿਣਤੀ 11,078 ਸੀ, ਜਿਸ ਵਿੱਚ 4,506 ਬੱਚੇ ਅਤੇ 3,027 ਔਰਤਾਂ ਸ਼ਾਮਲ ਸਨ।






