ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਹੁਣ ਤੱਕ ਬੰਦੀ ਸਿੰਘਾਂ ਦੇ ਮਾਮਲੇ ਵਿਚ ਕੀਤੀ ਗਈ ਕਾਰਵਾਈ ਦੀ ਰਿਪੋਰਟ ਦੋ ਦਿਨਾਂ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦੀ ਅਪੀਲ ’ਤੇ ਛੇਤੀ ਫ਼ੈਸਲਾ ਕਰਵਾਉਣ ਲਈ 14 ਨਵੰਬਰ 2023 ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗੰਭੀਰ ਯਤਨ ਕਰਨ ਲਈ ਆਦੇਸ਼ ਕੀਤਾ ਸੀ ਅਤੇ ਇਨ੍ਹਾਂ ਯਤਨਾਂ ਦੀ ਰਿਪੋਰਟ ਨੂੰ 15 ਦਿਨਾਂ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ ਲਈ ਕਿਹਾ ਸੀ। ਜਥੇਦਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਕਾਰਵਾਈ ਨੂੰ ਤੇਜ਼ ਕਰਨ ਲਈ ਦੁਬਾਰਾ ਪੱਤਰ ਲਿਖਿਆ ਹੈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਹੁਣ ਤੱਕ ਦੀ ਕੀਤੀ ਗਈ ਕਾਰਵਾਈ ਦੀ ਰਿਪੋਰਟ ਦੋ ਦਿਨਾਂ ਅੰਦਰ ਭੇਜਣ ਲਈ ਵੀ ਕਿਹਾ ਹੈ।






