ਮੁਕਤਸਰ ਦੀ ਸਥਾਨਕ ਅਦਾਲਤ ’ਚ ਰਾਜਾ ਵੜਿੰਗ ਤੇ ਡਿੰਪੀ ਢਿੱਲੋਂ ਦਾ ਚਲ ਰਿਹਾ ਕੇਸ ਅੱਜ ਦੋਵਾਂ ਧਿਰਾਂ ਦੀ ਆਪਸੀ ਰਜਾਮੰਦੀ ਨਾਲ ਨਿਬੜ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਗਿੱਦੜਬਾਹਾ ਦੇ ਸੀਨੀਅਰ ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਖ਼ਿਲਾਫ਼ ਸਾਲ 2020 ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ। ਲੰਬਾ ਸਮਾਂ ਚੱਲਣ ਤੋਂ ਬਾਅਦ ਇਸ ਕੇਸ ’ਚ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਅੱਜ ਰਾਜੀਨਾਮਾ ਹੋ ਗਿਆ ਹੈ। ਰਾਜਾ ਵੜਿੰਗ ਨੇ ਦੱਸਿਆ ਕਿ ਕੋਰੋਨਾ ਦੇ ਸਮੇਂ ਦੌਰਾਨ ਜਦੋਂ ਸੂਬੇ ਵਿੱਚ ਉਨ੍ਹਾਂ ਦੀ ਸਰਕਾਰ ਸੀ। ਉਸ ਸਮੇਂ ਗਿੱਦੜਬਾਹਾ ਤੋਂ ਅਕਾਲੀ ਆਗੂ ਡਿੰਪੀ ਢਿੱਲੋਂ ਨੇ ਉਨ੍ਹਾਂ ’ਤੇ ਕੋਰੋਨਾ ਦੇ ਸਮੇਂ ਦੌਰਾਨ ਲੰਗਰ ਸੇਵਾ ਕਰਨ ਵਾਲੀਆਂ ਸੰਸਥਾਵਾਂ ਨੂੰ ਸਰਕਾਰ ਵੱਲੋਂ ਭੇਜੇ ਗਏ ਮਿੱਟੀ ਦੇ ਤੇਲ ’ਚ ਹੇਰਾਫੇਰੀ ਕਰਨ ਦਾ ਦੋਸ਼ ਲਾਇਆ ਸੀ। ਇਸਤੋਂ ਬਾਅਦ ਡਿੰਪੀ ਢਿੱਲੋਂ ਨੇ ਇੱਕ ਹੋਰ ਇਲਜ਼ਾਮ ਲਾਇਆ ਕਿ ਰਾਜਾ ਵੜਿੰਗ ਨੇ ਸ਼ੈਲਰਾਂ ’ਚ ਵੀ ਘੋਟਾਲਾ ਕੀਤਾ ਹੈ। ਉਸਨੇ 19-11-2020 ਨੂੰ ਮੁਕਤਸਰ ਦੀ ਅਦਾਲਤ ਵਿੱਚ ਹਰਦੀਪ ਸਿੰਘ ਡਿੰਪੀ ਢਿੱਲੋਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਸ਼ਨਿਚਰਵਾਰ ਨੂੰ ਡਿੰਪੀ ਢਿੱਲੋਂ ਅਦਾਲਤ ’ਚ ਪੇਸ਼ ਹੋਏ ਸੀ ਤੇ ਉਨ੍ਹਾਂ ਵਿਚਕਾਰ ਸਮਝੌਤਾ ਹੋ ਗਿਆ ਹੈ। ਓਧਰ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਹਾ ਕਿ ਅਦਾਲਤ ਨੇ ਦੋਵਾਂ ਧਿਰਾਂ ਨੂੰ ਇਕੱਠੇ ਬੈਠ ਕੇ ਮਾਮਲਾ ਸੁਲਝਾਉਣ ਦੀ ਸਲਾਹ ਦਿੱਤੀ ਸੀ, ਜਿਸ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਰਾਜੀਨਾਮਾ ਕੀਤਾ ਹੈ।






