ਜੇਲ੍ਹ ਵਿਭਾਗ ਜੇਲ੍ਹਾਂ ਵਿਚ ਮੋਬਾਈਲ ਫੋਨ ਤੇ ਨਸ਼ੇ ਦੀ ਵਰਤੋਂ ਨੂੰ ਰੋਕਣ ਨੂੰ ਲੈ ਕੇ ਸੁਰੱਖਿਆ ਘੇਰਾ ਮਜ਼ਬੂਤ ਕਰਨ ਜਾ ਰਿਹਾ ਹੈ। ਇਸ ਦੇ ਲਈ ਜਿੱਥੇ ਰਾਜ ਪੁਲਿਸ ਦੇ ਨਾਲ-ਨਾਲ ਕੇਂਦਰੀ ਫੋਰਸ ਜੇਲ੍ਹਾਂ ਦਾ ਸੁਰੱਖਿਆ ਘੇਰਾ ਮਜ਼ਬੂਤ ਕਰੇਗੀ, ਉਥੇ ਜੇਲ੍ਹਾਂ ਵਿਚ ਮੋਬਾਈਲਾਂ ਦੀ ਵਰਤੋਂ ਰੋਕਣ ਲਈ ਆਧੁਨਿਕ ਤਕਨੀਕ ਦੀ ਵੀ ਵਰਤੋਂ ਕੀਤੀ ਜਾਵੇਗੀ। ਜੇਲ੍ਹ ਵਿਭਾਗ ’ਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਵੀ ਤਿਆਰੀ ਤੇਜ਼ ਕਰ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਰਾਜ ਸਰਕਾਰ ਨੇ ਜੇਲ੍ਹਾਂ ਅੰਦਰ ਮੋਬਾਈਲ ਫੋਨ ਸੁੱਟਣ ਦੇ ਮਾਮਲਿਆਂ ਦਾ ਪਤਾ ਲਗਾਉਣ ਲਈ ਰਾਜ ਦੀਆਂ ਜੇਲ੍ਹਾਂ ਵਿਚ ਆਰਟੀਫਿਸ਼ੀਅਲ ਇੰਟੈਲੀਜੈਂਸ (ਏਆਈ) ਅਧਾਰਤ ਸੀਸੀਟੀਵੀ ਕੈਮਰੇ ਲਗਾਉਣ ਦਾ ਫ਼ੈਸਲਾ ਕੀਤਾ ਹੈ। ਜੇਲ੍ਹ ਵਿਭਾਗ ਅਨੁਸਾਰ, ਨਿਗਰਾਨੀ ਨੂੰ ਮਜ਼ਬੂਤ ਤੇ ਆਧੁਨਿਕ ਬਣਾਉਣ ਲਈ ਜੇਲ੍ਹਾਂ ਵਿਚ ਏਆਈ ਅਧਾਰਤ ਸੀਸੀਟੀਵੀ ਤਕਨੀਕ ਦੀ ਵਰਤੋਂ ਕੀਤੀ ਜਾਵੇਗੀ। ਇਹ ਪ੍ਰਣਾਲੀ ਜੇਲ੍ਹ ਦੀਆਂ ਬਾਹਰਲੀਆਂ ਕੰਧਾਂ ਤੋਂ ਮੋਬਾਈਲ ਕੰਟਰਾਬੈਂਡ ਸੁੱਟੇ ਜਾਣ ’ਤੇ ਅਲਾਰਮ ਵਜਾਏਗੀ। ਫ਼ਿਲਹਾਲ ਰਾਜ ਦੀਆਂ ਚਾਰ ਜੇਲ੍ਹਾਂ ਵਿਚ ਇਸ ਤਕਨੀਕ ਨੂੰ ਸ਼ੁਰੂ ਕੀਤਾ ਜਾਵੇਗਾ। ਜੇਲ੍ਹ ਵਿਚ ਮੋਬਾਈਲ ਫੋਨ ਦੀ ਵਰਤੋਂ ਨੂੰ ਰੋਕਣ ਲਈ ਜੈਮਰ ਅਤੇ ਹੋਰ ਸਹੂਲਤਾਂ ਦੀ ਜ਼ਰੂਰਤ ਹੈ। ਇਸ ਨੂੰ ਲੈ ਕੇ ਇਕ ਡਿਟੇਲ ਪ੍ਰਾਜੈਕਟ ਰਿਪੋਰਟ ਤਿਆਰ ਕੀਤੀ ਗਈ ਹੈ ਜਿਸ ’ਤੇ ਵਿਭਾਗ ਵੱਲੋਂ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਓਧਰ ਜੇਲ੍ਹਾਂ ਵਿਚ 121 ਪ੍ਰਤੀਸ਼ਤ ਤੋਂ ਵੱਧ ਕੈਦੀ ਜਦਕਿ ਸਟਾਫ ਦੀ ਭਾਰੀ ਕਮੀ ਹੈ। ਜੇਲ੍ਹਾਂ ਵਿਚ 1400 ਤੋਂ ਵੱਧ ਅਸਾਮੀਆਂ ਖਾਲੀ ਹਨ ਜਿਨ੍ਹਾਂ ਨੂੰ ਭਰਨ ਦੀ ਪ੍ਰਕਿਰਿਆ ਕੀਤੀ ਜਾ ਚੁੱਕੀ ਹੈ।
ਯਾਦ ਰਹੇ ਕਿ ਪਿਛਲੇ ਦਿਨੀਂ ਸਰਹੱਦ ਦੇ ਨਾਲ ਲੱਗਦੀ ਫਿਰੋਜ਼ਪੁਰ ਜੇਲ੍ਹ ਵਿਚ ਨਸ਼ਾ ਤਸਕਰਾਂ ਵੱਲੋਂ ਮੋਬਾਈਲ ਫੋਨ ਦੀ ਵਰਤੋਂ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਵਿਚ ਜਾਂਚ ਦੌਰਾਨ ਪਤਾ ਲੱਗਾ ਸੀ ਕਿ ਜੇਲ੍ਹ ਵਿਚ 43000 ਤੋਂ ਵੱਧ ਫੋਨ ਕਾਲਾਂ ਕੀਤੀਆਂ ਗਈਆਂ। ਜੇਲ੍ਹ ਵਿਚ ਬੰਦ ਤਸਕਰਾਂ ਵੱਲੋਂ ਜੇਲ੍ਹ ਸਟਾਫ ਦੀ ਮਿਲੀਭੁਗਤ ਨਾਲ ਇਹ ਸਭ ਕੀਤਾ ਗਿਆ। ਜੇਲ੍ਹ ਅਧਿਕਾਰੀਆਂ ਨੂੰ ਯੂਪੀਆਈ ਤੇ ਹੋਰਨਾਂ ਮਾਧਿਅਮਾਂ ਰਾਹੀਂ ਪੈਸਾ ਟਰਾਂਸਫਰ ਕੀਤਾ ਗਿਆ। ਇਸ ਮਾਮਲੇ ਵਿਚ 11 ਤੋਂ ਵੱਧ ਜੇਲ੍ਹ ਅਧਿਕਾਰੀਆਂ ’ਤੇ ਹਾਲੇ ਤਕ ਕਾਰਵਾਈ ਕੀਤੀ ਜਾ ਚੁੱਕੀ ਹੈ।






