ਗਣਤੰਤਰ ਦਿਵਸ ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਹੈੱਡਕੁਆਰਟਰ ਤੋਂ ਵੱਖ-ਵੱਖ ਜ਼ਿਲ੍ਹਿਆਂ ਵਿਚ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ ਅਤੇ ਸਾਰੇ ਸਥਾਨਾਂ ’ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ 20,000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਇਸ ਕਾਰਜ ਵਿਚ ਲਗਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਪਟਿਆਲਾ ਵਿਖੇ ਹੋਣ ਵਾਲੇ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਕੌਮੀ ਝੰਡਾ ਲਹਿਰਾਉਣਗੇ ਅਤੇ ਸਲਾਮੀ ਲੈਣਗੇ, ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਉਣਗੇ।
ਮੰਗਲਵਾਰ ਨੂੰ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਈਜੀਪੀ ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਨਿੱਜੀ ਤੌਰ ’ਤੇ ਗਣਤੰਤਰ ਦਿਵਸ ਦੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਇਸ ਮੰਤਵ ਲਈ ਉਨ੍ਹਾਂ ਵੱਲੋਂ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ ਤਾਂ ਜੋ ਸਾਰੇ ਸਥਾਨਾਂ ’ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਸਕੇ।
ਆਈਜੀਪੀ ਨੇ ਦੱਸਿਆ ਕਿ ਡੀਜੀਪੀ ਪੰਜਾਬ ਨੇ ਸੂਬੇ ਭਰ ਵਿਚ ਵਾਹਨਾਂ ਅਤੇ ਸ਼ੱਕੀ ਲੋਕਾਂ ਦੀ ਵਿਆਪਕ ਚੈਕਿੰਗ ਦੇ ਹੁਕਮ ਦਿੱਤੇ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਹਰ ਸਮੇਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ ਅਤੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੁਝ ਵੀ ਸ਼ੱਕੀ ਲਗਦਾ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਲੋਕ 112 ਹੈਲਪਲਾਈਨ ਨੰਬਰ ’ਤੇ ਪੁਲਿਸ ਨੂੰ ਸੂਚਨਾ ਦੇ ਸਕਦੇ ਹਨ।






