ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਮੌਕੇ ਗੁਰੂ ਕੇ ਲਾਹੌਰ ਵਿਖੇ ਬਸੰਤ ਪੰਚਮੀ ਵਾਲੇ ਦਿਨ ਹਰ ਸਾਲ ਦੀ ਤਰ੍ਹਾਂ ਗੁਰਮਤਿ ਸਮਾਗਮ ਕਰਵਾਏ ਜਾਣਗੇ। ਇਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਿਮਾਚਲ ਪ੍ਰਦੇਸ਼ ਦੇ ਇੱਕੋ-ਇੱਕ ਸ਼੍ਰੋਮਣੀ ਕਮੇਟੀ ਮੈਂਬਰ ਤੇ ਧਾਰਮਿਕ ਆਗੂ ਭਾਈ ਦਲਜੀਤ ਸਿੰਘ ਭਿੰਡਰ ਨੇ ਦੱਸਿਆ ਕਿ ਸ਼ਿਵਾਲਿਕ ਦੀਆਂ ਪਹਾੜੀਆਂ ਵਿਚਕਾਰ ਸਥਿਤ ਗੁਰਦੁਆਰਾ ਗੁਰੂ ਕੇ ਲਾਹੌਰ ਵਿਖੇ ਪੰਜਾਬ ਭਰ ’ਚੋਂ ਸੰਗਤਾਂ ਸ਼ਮੂਲੀਅਤ ਕਰਨਗੀਆਂ। ਵਿਆਹ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ 12 ਫਰਵਰੀ ਨੂੰ ਅਰੰਭ ਹੋਣਗੇ ਜਿਨਾਂ ਦੇ ਭੋਗ 14 ਫਰਵਰੀ ਨੂੰ ਪਾਏ ਜਾਣਗੇ। ਉਪਰੰਤ ਗੁਰਮਤਿ ਸਮਾਗਮ ਸਜਣਗੇ।
ਉਨਾਂ ਦੱਸਿਆ ਕਿ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਦੇ ਪ੍ਰਬੰਧ ਵੱਲੋਂ ਵਿਆਹ ਸਮਾਗਮ ਨੂੰ ਮੁੱਖ ਰੱਖਦਿਆਂ ਸੱਤ ਭਾਂਤ ਦੀਆਂ ਮਠਿਆਈਆਂ ਸੰਗਤ ਨੂੰ ਵਰਤਾਈਆਂ ਜਾਂਦੀਆਂ ਹਨ। ਪੰਜਾਬ ਭਰ ਵਿੱਚੋਂ ਸਿੱਖ ਜਥੇਬੰਦੀਆਂ, ਸਭਾ ਸੁਸਾਇਟੀਆਂ ਤੇ ਸੰਗਤਾਂ ਵੱਲੋਂ ਇਸ ਮੌਕੇ ਭਾਂਤ-ਭਾਂਤ ਦੀਆਂ ਮਠਿਆਈਆਂ, ਪ੍ਰਸ਼ਾਦਾ ਪਾਣੀ ਤੇ ਫਾਸਟ ਫੂਡ ਦੇ ਲੰਗਰ ਲਾਏ ਜਾਂਦੇ ਹਨ। ਉਨਾਂ ਦੱਸਿਆ ਕਿ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਤੇ ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਸਮੇਤ ਸਮੁੱਚਾ ਸਟਾਫ ਤਿਆਰੀਆਂ ਵਿੱਚ ਜੁਟਿਆ ਹੋਇਆ ਹੈ ਤੇ ਹਿਮਾਚਲ ਸਰਕਾਰ ਦਾ ਵੀ ਸਹਿਯੋਗ ਮਿਲ ਰਿਹਾ ਹੈ।






