ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮੁੱਦੇ ਨੂੰ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਬੜੀ ਬੇਬਾਕੀ ਨਾਲ ਪਾਰਲੀਮੈਂਟ ਵਿੱਚ ਸਵਾਲ ਚੁੱਕਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਸਾਲ 2015 ਵਿਚ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ।
ਜਿਸ ‘ਤੇ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਸਿਆਸੀ ਰੋਟੀਆਂ ਹੀ ਸੇਕੀਆਂ ਹਨ, ਪਰ ਕਿਸੇ ਵੀ ਸਿਆਸੀ ਪਾਰਟੀ ਨੇ ਅੱਜ ਤੱਕ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆ। ਜਿਸ ਕਾਰਨ ਸਮੁੱਚੀ ਸਿੱਖ ਕੌਮ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ ਲਈ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਪਾਰਲੀਮੈਂਟ ਵਿੱਚ ਆਪਣੀ ਆਵਾਜ਼ ਚੁੱਕ ਕੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ। ਔਜਲਾ ਵਲੋਂ ਬੇਅਬਦੀ ਦੇ ਮੁੱਦੇ ‘ਤੇ ਪਾਰਲੀਮੈਂਟ ਵਿਚ ਆਵਾਜ਼ ਚੁੱਕਣ ਨਾਲ ਸਿੱਖ ਕੌਮ ਨੂੰ ਬੇਅਬਦੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ ਲਈ ਕੁੱਝ ਲਾਭ ਮਿਲ ਸਕਦਾ ਹੈ। ਇੱਥੇ ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਸਿੱਖ ਆਗੂਆਂ ਅਤੇ ਜਥੇਬੰਦੀਆਂ ਨੇ ਔਜਲਾ ਨੂੰ ਮੰਗ ਪੱਤਰ ਦੇ ਕੇ ਅਪੀਲ ਕੀਤੀ ਸੀ ਕਿ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੇ ਖਿਲਾਫ ਸਰਕਾਰ ਸਖਤ ਤੋਂ ਸਖਤ ਕਾਰਵਾਈ ਕਰਵਾਈ ਜਾਵੇ।






